ਮੁੱਖ ਮੰਤਰੀ ਵਲੋਂ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਦੇ ਵਿਸਥਾਰ ਲਈ ਪੂਰਨ ਸਹਿਯੋਗ ਦਾ ਭਰੋਸਾ

ਏਜੰਸੀ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਵਲੋਂ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਦੇ ਵਿਸਥਾਰ ਲਈ ਪੂਰਨ ਸਹਿਯੋਗ ਦਾ ਭਰੋਸਾ

image


ਤਲਵੰਡੀ ਸਾਬੋ (ਬਠਿੰਡਾ), 2 ਸਤੰਬਰ (ਲਖਵਿੰਦਰ ਰਾਮਗੜ੍ਹੀਆ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੁਰੂ ਗੋਬਿੰਦ ਸਿੰਘ ਰਿਫਾਇਨਰੀ, ਬਠਿੰਡਾ ਦੇ ਪ੍ਰਬੰਧਕਾਂ ਨੂੰ  ਇਸ ਵਕਾਰੀ ਪ੍ਰਾਜੈਕਟ ਦੇ ਵਿਸਥਾਰ ਲਈ ਪੂਰਨ ਸਹਿਯੋਗ ਤੇ ਮਦਦ ਦਾ ਭਰੋਸਾ ਦਿਤਾ ਹੈ | ਮੁੱਖ ਮੰਤਰੀ ਨੇ ਅੱਜ ਇਥੇ ਰਿਫਾਇਨਰੀ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਦੇ ਆਰਥਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਪ੍ਰਾਜੈਕਟ ਦੇ ਹੋਰ ਵਿਸਥਾਰ ਵਿੱਚ ਸਹਿਯੋਗ ਦੇਣ ਲਈ ਵਚਨਬੱਧ ਹੈ | ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਨੂੰ  ਤਰੱਕੀ ਦੀਆਂ ਸਿਖਰਾਂ ਉਤੇ ਲਿਜਾਣ ਲਈ ਬਹੁਤ ਅਹਿਮੀਅਤ ਰਖਦਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਖੇਤਰ ਵਿਚ ਪਲਾਸਟਿਕ ਪਾਰਕ ਸਥਾਪਤ ਕਰਨ ਲਈ ਵਿਚਾਰ ਕਰ ਰਹੀ ਹੈ |  ਉਨ੍ਹਾਂ ਕਿਹਾ ਕਿ ਇਸ ਨਾਲ ਦੂਜੇ ਸੂਬਿਆਂ ਤੋਂ ਪਲਾਸਟਿਕ ਦੀ ਦਰਾਮਦ ਨੂੰ  ਰੋਕਣ ਵਿਚ ਮਦਦ ਮਿਲੇਗੀ | ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਖੇਤਰ ਦੇ ਨੌਜਵਾਨਾਂ ਲਈ ਨਵੇਂ ਰੁਜ਼ਗਾਰ ਪੈਦਾ ਕਰਨ ਵਿਚ ਵੀ ਸਹਾਈ ਹੋਵੇਗਾ | ਮੁੱਖ ਮੰਤਰੀ ਨੇ ਸੰਤੁਸ਼ਟੀ ਜ਼ਾਹਰ ਕਰਿਦਆਂ ਕਿਹਾ ਕਿ ਐਚ.ਐਮ.ਈ.ਐਲ ਦੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਪੰਜਾਬ ਵਿੱਚ ਸਥਾਪਤ ਹੋਣ ਵਾਲਾ ਪਹਿਲਾ ਤੇਲ ਤੇ ਗੈਸ ਪ੍ਰੋਜੈਕਟ ਹੈ ਅਤੇ ਇਕੋ ਥਾਂ 'ਤੇ ਪੂੰਜੀ ਨਿਵੇਸ਼ ਕਰਨ ਨਾਲ ਇਹ ਸੂਬੇ ਦੀ ਸਭ ਤੋਂ ਵੱਡੀ ਕੰਪਨੀ ਹੈ | ਉਨ੍ਹਾਂ ਕਿਹਾ ਕਿ ਰਿਫਾਇਨਰੀ ਭਾਰਤ ਪੜਾਅ-ੜੀ ਦੇ ਅਨੁਕੂਲ ਆਵਾਜਾਈ ਫਿਊਲਜ਼ ਜਿਵੇਂ ਮੋਟਰ ਸਪਿਰਟ ਅਤੇ ਹਾਈ-ਸਪੀਡ ਡੀਜ਼ਲ ਆਦਿ ਦਾ ਉਤਪਾਦਨ ਕਰਦੀ ਹੈ ਅਤੇ ਇਸਨੂੰ ਉੱਤਰੀ ਭਾਰਤ ਦੀ ਊਰਜਾ ਦੀ ਜੀਵਨ ਰੇਖਾ ਮੰਨਿਆ ਜਾਂਦਾ ਹੈ | ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਇਕ ਹੋਰ ਗੁਰੂ ਗੋਬਿੰਦ ਸਿੰਘ ਪੋਲੀਮਰ ਪ੍ਰਾਜੈਕਟ ਸ਼ੁਰੂ ਹੋਣ ਨਾਲ ਸੂਬੇ ਨੂੰ  ਪੈਟਰੋ ਕੈਮੀਕਲ ਹੱਬ ਵਜੋਂ ਸਥਾਪਿਤ ਕਰੇਗਾ ਅਤੇ ਪੰਜਾਬ ਅਤੇ ਖਾਸ ਕਰਕੇ ਬਠਿੰਡਾ ਖੇਤਰ ਨੂੰ  ਹੋਰ ਸਮਾਜਿਕ-ਆਰਥਿਕ ਲਾਭ ਪ੍ਰਦਾਨ ਕਰੇਗਾ |