Punjab government ਨੇ ਸੂਬੇ ਨੂੰ ਆਫਤ ਪ੍ਰਭਾਵਿਤ ਐਲਾਨਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ 1200 ਤੋਂ ਵੱਧ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਆਏ, 30 ਵਿਅਕਤੀਆਂ ਦੀ ਹੋ ਚੁੱਕੀ ਹੈ ਮੌਤ

Punjab government declares state as disaster affected

ਚੰਡੀਗੜ੍ਹ : ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਦੇ ਨਾਲ ਨਾਲ ਪੰਜਾਬ ਦੇ ਮੈਦਾਨੀ ਇਲਾਕੇ ਵਿੱਚ ਵੀ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਹ ਕਰਕੇ ਸਮੁੱਚਾ ਪੰਜਾਬ ਹੜ੍ਹਾਂ ਦੀ ਲਪੇਟ ਵਿੱਚ ਆ ਚੁੱਕਾ ਹੈ। ਪੰਜਾਬ ਦੇ 23 ਜ਼ਿਲਿ੍ਹਆਂ ਦੇ 1200 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਅਤੇ ਸਥਿਤੀ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ। ਅਜਿਹੇ ਹਾਲਾਤ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਪੂਰੇ ਸੂਬੇ ਨੂੰ ਆਫਤ ਪ੍ਰਭਾਵੀ ਸੂਬਾ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਰਾਹਤ ਕਾਰਜ ਹੋਰ ਤੇਜ਼ ਕਰ ਦਿੱਤੇ ਹਨ।

ਪੰਜਾਬ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਰਕੇ ਸੂਬੇ ਦੇ ਦਰਜਨਾਂ ਸ਼ਹਿਰ ਜਲਥਲ ਹੋਏ ਪਏ ਹਨ। ਇਸ ਦੇ ਨਾਲ ਹੀ ਹਿਮਾਚਲ ਦੀਆਂ ਪਹਾੜੀਆਂ ਵਿੱਚੋਂ ਆ ਰਹੇ ਪਾਣੀ ਕਰਕੇ ਰਾਵੀ ਅਤੇ ਬਿਆਸ ਤੋਂ ਬਾਅਦ ਸਤਲੁਜ ਦਰਿਆ ਵਿੱਚ ਵੀ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ। ਦੂਜੇ ਪਾਸੇ ਘੱਗਰ ਨਦੀ ਵਿੱਚ ਵੀ ਪਾਣੀ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ ਹੈ। ਸਤਲੁਜ ਅਤੇ ਘੱਗਰ ਨਦੀ ਵਿੱਚ ਪਾਣੀ ਵਧਣ ਕਰਕੇ ਮਾਲਵਾ ਖਿੱਤੇ ਦੇ ਲੋਕਾਂ ਦੇ ਮਨਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਲੋਕ ਵਾਰੋ ਵਾਰੀ ਸਤਲੁਜ ਤੇ ਘੱਗਰ ਦਰਿਆ ਦੇ ਕੰਢੇ ਜਾ ਜਾ ਕੇ ਪਾਣੀ ਦੇ ਪੱਧਰ ’ਤੇ ਨਜ਼ਰ ਮਾਰ ਰਹੇ ਹਨ ਉਥੇ ਹੀ ਸਥਾਨਕ ਪ੍ਰਸ਼ਾਸਨ ਵੱਲੋਂ ਵੀ 24 ਘੰਟੇ ਪਾਣੀ ਦੇ ਪੱਧਰ ’ਤੇ ਨਜ਼ਰ ਰੱਖੀ ਜਾ ਰਹੀ ਹੈ।