ਏਜੀ ਤੇ ਡੀਜੀ ਨੂੰ ਬਦਲਿਆ ਜਾਵੇ ਨਹੀਂ ਤਾਂ ਕਿਸੇ ਨੂੰ ਮੂੰਹ ਦਿਖਾਉਣ ਜੋਗੇ ਨਹੀਂ ਰਹਾਂਗੇ- ਸਿੱਧੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਦੋਹਾਂ ਦੀ ਨਿਯੁਕਤੀ ਪੀੜਤਾਂ ਦੇ ਜ਼ਖਮਾਂ 'ਤੇ ਲੂਣ ਛਿੜਕਣ ਦੇ ਬਰਾਬਰ'

Navjot Singh Sidhu

 

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਆਪਣੀ ਹੀ ਸਰਕਾਰ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਏਜੀ ਅਤੇ ਡੀਜੀਪੀ ਨਿਯੁਕਤ ਕਰਕੇ ਪੀੜਤਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਿਆ ਹੈ। ਇਸੇ ਲਈ ਇਹ ਜ਼ਰੂਰੀ ਹੈ ਕਿ ਇਨ੍ਹਾਂ ਨੂੰ ਬਦਲਿਆ ਜਾਵੇ ਨਹੀਂ ਤਾਂ ਅਸੀਂ ਕਿਸੇ ਨੂੰ ਮੂੰਹ ਦਿਖਾਉਣ ਜੋਗੇ ਨਹੀਂ ਰਹਾਂਗੇ।

ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਪੁਲਿਸ ਗੋਲੀਬਾਰੀ ਅਤੇ ਨਸ਼ਿਆਂ ਦੇ ਕਾਰੋਬਾਰ ਦੇ  ਪਿੱਛੇ ਮੁੱਖ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਦੇ ਕਾਰਨ ਹੀ ਸਾਡੀ ਸਰਕਾਰ 2017 ਵਿੱਚ ਬਣੀ ਸੀ ਪਰ ਇਸ ਦੇ ਅਸਫਲ ਰਹਿਣ ਕਾਰਨ ਪੰਜਾਬ ਦੇ ਲੋਕਾਂ ਨੇ ਸੀਐਮ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾ ਦਿੱਤਾ।

 

ਦੱਸ ਦੇਈਏ ਕਿ ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀਆਂ ਦੇ ਵਕੀਲ ਅਮਰਪ੍ਰੀਤ ਸਿੰਘ ਦਿਓਲ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਸਿੱਧੂ ਨਾਰਾਜ਼ ਹਨ। ਦੂਜੇ ਪਾਸੇ ਸਿੱਧੂ ਐਸ ਚਟੋਪਾਧਿਆਏ ਨੂੰ ਪੁਲਿਸ ਡਾਇਰੈਕਟਰ ਜਨਰਲ ਦੇ ਅਹੁਦੇ 'ਤੇ ਲਿਆਉਣਾ ਚਾਹੁੰਦੇ ਸਨ ਪਰ ਮੁੱਖ ਮੰਤਰੀ ਚੰਨੀ ਨੇ ਸੀਨੀਅਰ ਆਈਪੀਐਸ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਪੰਜਾਬ ਦਾ ਡੀਜੀਪੀ ਨਿਯੁਕਤ ਕੀਤਾ।