ਪੰਜਾਬ ਦੇ ਕਈ ਕਿਸਾਨ ਆਗੂਆਂ ਦੇ ਫੇਸਬੁੱਕ ਤੇ ਟਵਿੱਟਰ ਅਕਾਊਂਟ ਬੰਦ

ਏਜੰਸੀ

ਖ਼ਬਰਾਂ, ਪੰਜਾਬ

ਸਰਵਣ ਸਿੰਘ ਪੰਧੇਰ ਨੇ ਕਿਹਾ ਇਹ ਲੋਕਤੰਤਰ ਦਾ ਅਪਮਾਨ

Facebook and Twitter accounts of many farmer leaders of Punjab closed

 

ਮੁਹਾਲੀ: ਪੰਜਾਬ ’ਚ ਕਈ ਕਿਸਾਨ ਆਗੂਆਂ ਦੇ ਫੇਸਬੁੱਕ ਅਤੇ ਟਵਿੱਟਰ ਅਕਾਊਂਟ ਬੰਦ ਹੋਣੇ ਸ਼ੁਰੂ ਹੋ ਗਏ ਹਨ। ਇਸ ਕਾਰਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਨੂੰ ਹੁਣ ਆਪਣੀ ਆਵਾਜ਼ ਬੁਲੰਦ ਕਰਨੀ ਔਖੀ ਹੋ ਰਹੀ ਹੈ। ਕਿਸਾਨਾਂ ਨੇ ਸਿੱਧੇ ਤੌਰ 'ਤੇ ਦੋਸ਼ ਲਾਇਆ ਹੈ ਕਿ ਸੋਸ਼ਲ ਮੀਡੀਆ ਕੰਪਨੀਆਂ ਅਤੇ ਸਰਕਾਰ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਦਾ ਸੰਵਿਧਾਨਕ ਹੱਕ ਖੋਹ ਰਹੀਆਂ ਹਨ, ਜੋ ਕਿ ਲੋਕਤੰਤਰ ਦਾ ਅਪਮਾਨ ਹੈ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਫੇਸਬੁੱਕ ਨੇ ਉਨ੍ਹਾਂ ਦਾ ਖਾਤਾ ਤੀਜੀ ਵਾਰ ਬਲਾਕ ਕਰ ਦਿੱਤਾ ਹੈ। ਜਦਕਿ ਟਵਿੱਟਰ 'ਤੇ ਉਨ੍ਹਾਂ ਦਾ ਅਕਾਊਂਟ ਵੀ ਦੂਜੀ ਵਾਰ ਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਸੋਸ਼ਲ ਮੀਡੀਆ ਦੇ ਇਨ੍ਹਾਂ ਖਾਤਿਆਂ ਦੀ ਵਰਤੋਂ ਕਿਸਾਨਾਂ ਦੇ ਹੱਕਾਂ ਦੀ ਆਵਾਜ਼ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਲਈ ਕਰ ਰਹੇ ਹਨ।

ਕਰੀਬ ਅੱਧੀ ਦਰਜਨ ਹੋਰ ਮੈਂਬਰਾਂ ਦੇ ਖਾਤੇ ਵੀ ਬੰਦ ਕਰ ਦਿੱਤੇ ਗਏ ਹਨ। ਉਸ ਨੇ ਕਿਹਾ ਕਿ ਉਸ ਵੱਲੋਂ ਵਾਰ-ਵਾਰ ਖਾਤੇ ਤਿਆਰ ਕੀਤੇ ਜਾਂਦੇ ਹਨ। ਸੋਚੀ-ਸਮਝੀ ਸਿਆਸਤ ਤਹਿਤ ਇਨ੍ਹਾਂ ਨੂੰ ਵਾਰ-ਵਾਰ ਬੰਦ ਕੀਤਾ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਜਥੇਬੰਦੀ ਨੇ ਇਸ ਸਬੰਧੀ ਭਾਰਤ ਸਰਕਾਰ ਅਤੇ ਸੋਸ਼ਲ ਮੀਡੀਆ ਕੰਪਨੀਆਂ ਨੂੰ ਪੱਤਰ ਵੀ ਭੇਜੇ ਹਨ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਭਾਰਤ ਵਰਗੇ ਲੋਕਤੰਤਰੀ ਦੇਸ਼ ਵਿੱਚ ਹਰ ਵਿਅਕਤੀ ਨੂੰ ਆਪਣੀ ਆਵਾਜ਼ ਉਠਾਉਣ ਦਾ ਅਧਿਕਾਰ ਹੈ। ਪਰ ਉਨ੍ਹਾਂ ਦੀ ਸੰਵਿਧਾਨ ਵਿਰੁੱਧ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।