ਪ੍ਰਧਾਨ ਮੰਤਰੀ ਨਾਲ ਸਿੱਧੀ ਮੁਲਾਕਾਤ ਕਰਨ ਮੁੱਖ ਮੰਤਰੀ - ਦਲਜੀਤ ਚੀਮਾ 

ਏਜੰਸੀ

ਖ਼ਬਰਾਂ, ਪੰਜਾਬ

CM ਲੋਕਾਂ ਨੂੰ ਗੁਮਰਾਹ ਕਰਦਿਆਂ ਸਿਰਫ਼ ਇਹ ਦੱਸਣਾ ਚਾਹੁੰਦੇ ਹਨ ਕਿ ਅਸੀਂ ਕਾਫ਼ੀ ਭੱਜ-ਦੌੜ ਕਰ ਰਹੇ ਹਾਂ

Daljeet Cheema

ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕੈਪਟਨ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਲੋਕਾਂ ਨੂੰ ਗੁਮਰਾਹ ਕਰਦਿਆਂ ਸਿਰਫ਼ ਇਹ ਦੱਸਣਾ ਚਾਹੁੰਦੇ ਹਨ ਕਿ ਅਸੀਂ ਕਾਫ਼ੀ ਭੱਜ-ਦੌੜ ਕਰ ਰਹੇ ਹਾਂ, ਜਦੋਂ ਕਿ ਉਨ੍ਹਾਂ ਨੂੰ ਜੋ ਕੁਝ ਕਰਨਾ ਚਾਹੀਦਾ ਸੀ, ਉਹ ਕਰ ਹੀ ਨਹੀਂ ਰਹੇ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਖੇਤੀ ਕਾਨੂੰਨਾਂ ਦੇ ਮਸਲੇ 'ਤੇ ਸਿੱਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਕੋਈ ਰੋਕ ਨਹੀਂ ਸਕਦਾ। ਚੀਮਾ ਨੇ ਕਿਹਾ ਕਿ ਪੰਜਾਬ 'ਚ ਰਾਜਪਾਲ ਸ਼ਾਸਨ ਵਰਗੀ ਸਥਿਤੀ ਬਣੀ ਹੋਈ ਹੈ।  ਇਸ ਦੇ ਨਾਲ ਹੀ ਦੱਸ ਦਈਏ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਖੇਤੀ ਸੁਧਾਰ ਕਾਨੂੰਨਾਂ ਦੇ ਮਾਮਲੇ 'ਚ ਤਿੰਨ ਵਾਰ ਪਹੁੰਚ ਕਰਨ ਦੇ ਬਾਵਜੂਦ ਰਾਸ਼ਟਰਪਤੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ।

ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਵੱਲੋਂ ਕੱਲ੍ਹ 4 ਨਵੰਬਰ ਨੂੰ ਅਪਣੇ ਵਿਧਾਇਕਾਂ ਨਾਲ ਮਿਲ ਕੇ ਰਾਜਘਾਟ 'ਤੇ ਧਰਨਾ ਦਿੱਤਾ ਜਾਵੇਗਾ। ਇਸ ਸਬੰਧੀ ਮੁੱਖ ਮੰਤਰੀ ਨੇ ਦੂਜੀਆਂ ਪਾਰਟੀਆਂ ਦੇ ਵਿਧਾਇਕਾਂ ਨੂੰ ਵੀ ਧਰਨੇ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਮਾਲ ਗੱਡੀਆਂ ਦੀ ਆਵਾਜਾਈ ਨੂੰ ਰੋਕਣ ਕਾਰਨ ਪੰਜਾਬ ਦੇ ਬਿਜਲੀ ਸੰਕਟ ਅਤੇ ਜ਼ਰੂਰੀ ਵਸਤੂਆਂ ਦੀ ਸਪਲਾਈ ਦੀ ਗੰਭੀਰ ਸਥਿਤੀ ਨੂੰ ਉਜਾਗਰ ਕਰਨ ਲਈ ਉਨ੍ਹਾਂ ਵਲੋਂ ਇਹ ਧਰਨਾ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਦਿੱਲੀ ਵਿਚ ਧਾਰਾ 144 ਲੱਗੇ ਹੋਣ ਕਾਰਨ ਪੰਜਾਬ ਭਵਨ ਤੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਸਮਾਧੀ ਤੱਕ ਚਾਰ-ਚਾਰ ਵਿਧਾਇਕਾਂ ਦਾ ਜਥਾ ਮਾਰਚ ਕਰੇਗਾ। ਪਹਿਲਾ ਜਥਾ ਸਵੇਰੇ 10.30 ਵਜੇ ਰਵਾਨਾ ਹੋਵੇਗਾ, ਜਿਸ ਦੀ ਅਗਵਾਈ ਖ਼ੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ।