Zila Parishad ਤੇ ਪੰਚਾਇਤ ਸੰਮਤੀ ਚੋਣਾਂ : ਭਾਜਪਾ ਦੇ ਵਫ਼ਦ ਨੇ ਸੂਬੇ ਦੇ ਚੋਣ ਕਮਿਸ਼ਨਰ ਨਾਲ ਕੀਤੀ ਮੁਲਾਕਾਤ
ਨਾਮਜ਼ਦਗੀ ਅਤੇ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਉਣ ਦੀ ਕੀਤੀ ਮੰਗ
ਚੰਡੀਗੜ੍ਹ: ਪੰਜਾਬ ਵਿੱਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਅੱਜ ਭਾਰਤੀ ਜਨਤਾ ਪਾਰਟੀ ਦੇ ਵਫ਼ਦ ਨੇ ਸੂਬੇ ਦੇ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਵਿੱਚ ਸੁਭਾਸ਼ ਸ਼ਰਮਾ, ਸੰਜੀਵ ਵਸ਼ਿਸ਼ਟ, ਵਿਨੀਤ ਜੋਸ਼ੀ, ਡਾ. ਜਗਮੋਹਨ ਸਿੰਘ ਰਾਜੂ ਅਤੇ ਪਰਮਪਾਲ ਕੌਰ ਮਲੂਕਾ ਸ਼ਾਮਲ ਸਨ।
ਮੀਡੀਆ ਨਾਲ ਗੱਲਬਾਤ ਕਰਦਿਆਂ ਸੁਭਾਸ਼ ਸ਼ਰਮਾ ਅਤੇ ਡਾ. ਜਗਮੋਹਨ ਰਾਜੂ ਨੇ ਦੱਸਿਆ ਕਿ ਉਨ੍ਹਾਂ ਨੇ ਚੋਣ ਕਮਿਸ਼ਨਰ ਅੱਗੇ ਮੁੱਖ ਤੌਰ 'ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਮੰਗ ਰੱਖੀ ਹੈ। ਭਾਜਪਾ ਆਗੂਆਂ ਨੇ ਮੰਗ ਕੀਤੀ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਅਤੇ ਵੋਟਿੰਗ ਪ੍ਰਕਿਰਿਆ ਦੌਰਾਨ ਪੂਰੀ ਵੀਡੀਓਗ੍ਰਾਫੀ ਕਰਵਾਈ ਜਾਵੇ ਤਾਂ ਜੋ ਪਾਰਦਰਸ਼ਤਾ ਬਣੀ ਰਹੇ।
ਧੱਕੇਸ਼ਾਹੀ ਦੇ ਗੰਭੀਰ ਦੋਸ਼ : ਵਫ਼ਦ ਨੇ ਦੋਸ਼ ਲਾਇਆ ਕਿ ਸੱਤਾਧਾਰੀ ਧਿਰ ਵੱਲੋਂ ਨਾਮਜ਼ਦਗੀਆਂ ਭਰਨ ਵਿੱਚ ਅੜਿੱਕੇ ਡਾਹੇ ਜਾ ਰਹੇ ਹਨ । ਉਨ੍ਹਾਂ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਕਿ ਮਾਜਰੀ ਬਲਾਕ ਵਿੱਚ ਇੱਕ ਉਮੀਦਵਾਰ ਨੂੰ ਐਸ.ਐਚ.ਓ. ਵੱਲੋਂ ਫੋਨ ਕਰਕੇ ਨਾਮਜ਼ਦਗੀ ਦਾਖਲ ਕਰਨ ਤੋਂ ਰੋਕਣ ਲਈ ਧਮਕਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਕਈ ਹਥਕੰਡੇ ਵਰਤ ਕੇ ਭਾਜਪਾ ਉਮੀਦਵਾਰਾਂ ਨੂੰ ਨਾਮਜ਼ਦਗੀ ਭਰਨ ਤੋਂ ਰੋਕ ਰਿਹਾ ਹੈ।
ਮੋਹਾਲੀ ਚੋਣਾਂ: ਵਫ਼ਦ ਨੇ ਮੰਗ ਕੀਤੀ ਕਿ ਮੋਹਾਲੀ ਜ਼ਿਲ੍ਹੇ ’ਚ ਡੇਰਾ ਬੱਸੀ ਅਤੇ ਖਰੜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਇਕੱਠੀਆਂ ਕਰਵਾਈਆਂ ਜਾਣ। ਭਾਜਪਾ ਆਗੂਆਂ ਨੇ ਅਫ਼ਸਰਸ਼ਾਹੀ ਨੂੰ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਅਧਿਕਾਰੀ ਆਪਣੇ 'ਸਿਆਸੀ ਆਕਾਵਾਂ' ਦੀ ਸਲਾਹ 'ਤੇ ਕੰਮ ਨਾ ਕਰਨ। ਉਨ੍ਹਾਂ ਕਿਹਾ, "ਸਰਕਾਰਾਂ ਬਦਲਦੀਆਂ ਰਹਿੰਦੀਆਂ ਹਨ, ਪਰ ਅਸੀਂ ਪੱਖਪਾਤ ਕਰਨ ਵਾਲੇ ਅਧਿਕਾਰੀਆਂ ਦੇ ਐਕਸ਼ਨ ਨੋਟ ਕਰ ਰਹੇ ਹਾਂ।