ਵਿਜੀਲੈਂਸ ਨੇ 3000 ਰੁਪਏ ਰਿਸ਼ਵਤ ਲੈਂਦਾ ਡਾਟਾ ਐਂਟਰੀ ਓਪਰੇਟਰ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਨੇ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਸਮਾਜਿਕ ਸੁਰੱਖਿਆ ਦਫਤਰ, ਲੁਧਿਆਣਾ ਵਿਖੇ ਤਾਇਨਾਤ ਡਾਟਾ ਐਂਟਰੀ ....
ਚੰਡੀਗੜ੍ਹ (ਸ.ਸ.ਸ) : ਪੰਜਾਬ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਨੇ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਸਮਾਜਿਕ ਸੁਰੱਖਿਆ ਦਫਤਰ, ਲੁਧਿਆਣਾ ਵਿਖੇ ਤਾਇਨਾਤ ਡਾਟਾ ਐਂਟਰੀ ਓਪਰੇਟਰ ਤੇਜਿੰਦਰ ਕੁਮਾਰ ਨੂੰ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਡਾਟਾ ਐਂਟਰੀ ਓਪਰੇਟਰ ਨੂੰ ਸ਼ਿਕਾਇਤ ਕਰਤਾ ਸ਼੍ਰੀਮਤੀ ਜ਼ਰੀਨਾ ਵਾਸੀ ਕਬੀਰ ਨਗਰ ਜ਼ਿਲਾ ਲੁਧਿਆਣਾ ਦੀ ਸ਼ਿਕਾਇਤ 'ਤੇ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਡਾਟਾ ਐਂਟਰੀ ਓਪਰੇਟਰ ਵਲੋਂ ਉਸ ਦੀ ਬੰਦ ਪਈ ਪੈਨਸ਼ਨ ਨੂੰ ਮੁੜ ਤੋਂ ਚਾਲੂ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 5,000 ਵਿਚ ਤੈਅ ਹੋਇਆ ਹੈ। ਸ਼ਿਕਾਇਤ ਕਰਤਾ ਦੀ ਜਾਣਕਾਰੀ ਨੂੰ ਪੜਚੋਲਣ ਤੋਂ ਬਾਅਦ ਵਿਜੀਲੈਂਸ ਨੇ ਦੋ ਗਵਾਹਾਂ ਦੀ ਹਾਜ਼ਰੀ ਵਿੱਚ ਤੇਜਿੰਦਰ ਕੁਮਾਰ ਨੂੰ 3,000 ਰੁਪਏ ਰਿਸ਼ਵਤ ਲੈਂਦੇ ਹੋਏ ਉਕਤ ਦੋਸ਼ੀ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।