ਮੋਦੀ ਤੇ ਇਮਰਾਨ ਨਨਕਾਣਾ 'ਚ ਸਿੱਖਾਂ ਦੀ ਸੁਰੱਖਿਆ ਲਈ ਤੁਰੰਤ ਬੰਦੋਬਸਤ ਕਰਨ: ਹਰਨਾਮ ਸਿੰਘ ਖਾਲਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਮਦਮੀ ਟਕਸਾਲ  ਦੇ ਪ੍ਰਮੁੱਖ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਪਾਕਿਸਤਾਨ...

Harnam Singh Khalsa

ਅੰਮ੍ਰਿਤਸਰ: ਦਮਦਮੀ ਟਕਸਾਲ  ਦੇ ਪ੍ਰਮੁੱਖ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਪਾਕਿਸਤਾਨ ‘ਚ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਵਿੱਚ ਭੜਕੀ ਭੀੜ ਵੱਲੋਂ ਕੀਤੀ ਗਈ ਪੱਥਰਬਾਜੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਹੈ।

ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੁਰੰਤ ਦਖਲ ਦੇ ਕੇ ਗੁਰਦੁਆਰਾ ਸਾਹਿਬ ਵਿੱਚ ਫਸੇ ਸ਼ਰਧਾਲੂਆਂ ਅਤੇ ਗੁਰਦੁਆਰਾ ਸਾਹਿਬ ਦੀ ਸੁਰੱਖਿਆ ‘ਚ ਤੁਰੰਤ ਕਦਮ ਚੁੱਕਣ। ਪ੍ਰੋ.  ਸਰਚਾਂਦ ਸਿੰਘ ਵਲੋਂ ਜਾਰੀ ਬਿਆਨ ਵਿੱਚ ਦਮਦਮੀ ਟਕਸਾਲ ਪ੍ਰਮੁੱਖ ਨੇ ਕਿਹਾ ਕਿ ਇਤਿਹਾਸਿਕ ਗੁਰਦੁਆਰਾ ਸਾਹਿਬ ‘ਤੇ ਹਮਲਾ ਕਰਨਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਅਜਿਹੇ ਹਮਲਿਆਂ ਨਾਲ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਣ ਵਾਲੇ ਸ਼ਰਾਰਤੀ ਅਨਸਰਾਂ ‘ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਥੇ ਹੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਭਾਈ ਜਸਬੀਰ ਸਿੰਘ ਖਾਲਸਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਅਜੈਬ ਸਿੰਘ ਅਤੇ ਪ੍ਰੋ. ਸਰਚਾਂਦ ਸਿੰਘ ਨੇ ਵੀ ਗੁਰਦੁਆਰਾ ਸਾਹਿਬ ‘ਤੇ ਪਥਰਾਅ ਦੀ ਸਖ਼ਤ ਨਿੰਦਿਆ ਕੀਤੀ ਹੈ।

ਇਥੇ ਦੱਸਣਯੋਗ ਹੈ ਕਿ ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਵਿੱਚ, ਇੱਕਠੀ ਹੋਈ ਭੀੜ ਨੇ ਪਵਿੱਤਰ ਅਸਥਾਨ ਸ੍ਰੀ ਨਨਕਾਣਾ ਸਾਹਿਬ ਗੁਰਦੁਆਰੇ ਵਿੱਚ ਪੱਥਰਬਾਜੀ ਕੀਤੀ ਅਤੇ ਸਿੱਖਾਂ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਨਾਲ ਪਹਿਲੀ ਵਾਰ ਸ਼ਬਦ-ਕੀਰਤਨ ਰੱਦ ਹੋਇਆ। ਸ਼ੁੱਕਰਵਾਰ ਨੂੰ ਸੈਂਕੜੇ ਲੋਕਾਂ ਨੇ ਗੁਰਦੁਆਰੇ ਦਾ ਘਿਰਾਓ ਕੀਤਾ।

ਦੱਸਿਆ ਜਾ ਰਿਹਾ ਹੈ ਕਿ, ਭੀੜ ਦੀ ਅਗਵਾਈ ਮੁਹੰਮਦ ਹਸਨ ਦੇ ਪਰਿਵਾਰ ਵਾਲਿਆਂ ਨੇ ਕੀਤੀ, ਜਿਨ੍ਹਾਂ ‘ਤੇ ਸਿੱਖ ਲੜਕੀ ਜਗਜੀਤ ਕੌਰ ਨੂੰ ਜ਼ਬਰਦਸਤੀ ਧਰਮ ਪਰਿਵਰਤਨ ਕਰਨ ਦਾ ਇਲਜ਼ਾਮ ਹੈ। ਘਟਨਾ ਤੋਂ ਬਾਅਦ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਕੀਤੀ ਗਈ ਹੈ, ਪਰ ਸਥਿਤੀ ਤਣਾਅਪੂਰਨ ਬਣੀ ਹੋਈ ਸੀ। ਇਸ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਹੈ।