ਖ਼ਾਲਿਸਤਾਨ ਨੂੰ ਸਮਰਥਨ ਕਰਨ 'ਤੇ ਸੁਖਬੀਰ ਸਿੰਘ ਬਾਦਲ ਨੂੰ ਸ਼ਰਮ ਆਉਣੀ ਚਾਹੀਦੀ ਹੈ : ਬਿੱਟੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਕਾਤਲਾਂ ਦਾ ਸਾਥ ਦੇ ਕੇ ਅਮਨ ਦੇ ਹਾਮੀ ਪੰਜਾਬੀਆਂ ਪ੍ਰਤੀ ਆਪਣੀ ਅਸਲੀ ਮਾਨਸਿਕਤਾ ਦਾ ਪ੍ਰਗਟਾਵਾ ਕਰ ਦਿੱਤਾ ਹੈ।

Ravneet Singh

ਲੁਧਿਆਣਾ (ਸਰਬਜੀਤ ਲੁਧਿਆਣਵੀ/ ਬੱਬਲ ਨਿਮਾਣਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਵੱਲੋਂ ਸ਼ਹੀਦ ਬੇਅੰਤ ਸਿੰਘ ਦੇ ਕਤਲ ਮਾਮਲੇ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੇ ਸਮਰਥਨ ਦੀ ਕਰੜੀ ਨਿਖੇਧੀ ਕਰਦਿਆਂ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਇਸ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਆ ਗਿਆ ਹੈ।

ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਕਾਤਲਾਂ ਦਾ ਸਾਥ ਦੇ ਕੇ ਅਮਨ ਦੇ ਹਾਮੀ ਪੰਜਾਬੀਆਂ ਪ੍ਰਤੀ ਆਪਣੀ ਅਸਲੀ ਮਾਨਸਿਕਤਾ ਦਾ ਪ੍ਰਗਟਾਵਾ ਕਰ ਦਿੱਤਾ ਹੈ। ਖ਼ਾਲਿਸਤਾਨ ਨੂੰ ਸਮਰਥਨ ਕਰਨ 'ਤੇ ਸੁਖਬੀਰ ਸਿੰਘ ਬਾਦਲ ਨੂੰ ਸ਼ਰਮ ਆਉਣੀ ਚਾਹੀਦੀ ਹੈ। ਬਿੱਟੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਅੱਜ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਦੇ ਘਰ ਦਾ ਦੌਰਾ ਕੀਤਾ।

ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਗੋਬਿੰਦ ਸਿੰਘ ਲੋਂਗੋਵਾਲ ਨੇ ਵੀ ਬਲਵੰਤ ਸਿੰਘ ਰਾਜੋਆਣਾ ਨੂੰ ਹਰ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਮੁਹੱਈਆ ਕਰਾਉਣ ਦਾ ਐਲਾਨ ਕੀਤਾ ਹੈ, ਜਿਸ ਨਾਲ ਅਕਾਲੀਆਂ ਦਾ ਅਸਲੀ ਚਿਹਰਾ ਸਾਹਮਣੇ ਆ ਗਿਆ ਹੈ। ਸ੍ਰ. ਬਿੱਟੂ ਨੇ ਕਿਹਾ ਕਿ ਅੱਤਵਾਦ ਦੇ ਕਾਲੇ ਦੌਰ ਦੌਰਾਨ ਹਜ਼ਾਰਾਂ ਲੋਕਾਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ।

ਅਕਾਲੀਆਂ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੇ ਹੱਕ ਵਿੱਚ ਖੜ੍ਹੇ ਹੋਣ 'ਤੇ ਸ੍ਰ. ਬਿੱਟੂ ਨੇ ਸਖ਼ਤ ਇਤਰਾਜ਼ ਜਤਾਇਆ।  ਬਿੱਟੂ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ੍ਰ. ਬੇਅੰਤ ਸਿੰਘ ਨੇ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਕਰਦਿਆਂ ਅਤੇ ਸੂਬੇ ਵਿੱਚ ਅਮਨ ਅਤੇ ਭਾਈਚਾਰਕ ਏਕਤਾ ਨੂੰ ਬਣਾਈ ਰੱਖਣ ਲਈ ਆਪਣੇ ਪ੍ਰਾਣਾਂ ਦੀ ਆਹੂਤੀ ਦਿੱਤੀ।

ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਸਵਾਲ ਕੀਤਾ ਕਿ ਉਹਨਾਂ ਦਾ ਉਨ੍ਹਾਂ ਲੋਕਾਂ ਦੇ ਪਰਿਵਾਰਾਂ ਬਾਰੇ ਕੀ ਕਹਿਣਾ ਹੈ, ਜੋ ਕਿ ਬੇਅੰਤ ਸਿੰਘ ਦੇ ਨਾਲ ਮਾਰੇ ਗਏ ਸਨ?  ਰਾਜੋਆਣਾ ਦੇ ਸਮਰਥਨ ਵਿੱਚ ਆਉਣ ਨਾਲ ਸਪੱਸ਼ਟ ਹੋ ਗਿਆ ਹੈ ਕਿ ਅਕਾਲੀਆਂ ਨੂੰ ਅਜਿਹੇ ਪਰਿਵਾਰਾਂ ਨਾਲ ਕੋਈ ਵੀ ਵਾਸਤਾ ਨਹੀਂ ਹੈ।