ਵਿਰੋਧੀ ਧਿਰਾਂ ਦੇ ਨਿਸ਼ਾਨੇ ਤੇ ਆਏ ਪੰਜਾਬ ਦੇ ਰਾਜਪਾਲ, ਹੁਣ ਸੁਖਬੀਰ ਬਾਦਲ ਨੇ ਚੁਕੇ ਸਵਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਜਪਾ ਦੀ ਕਠਪੁਤਲੀ ਬਣ ਕੇ ਕੰਮ ਕਰਨ ਦੇ ਲਾਏ ਦੋਸ਼

Sukhbir Badal

ਪਟਿਆਲਾ : ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦਰਮਿਆਨ ਪੰਜਾਬ ਦੀ ਸੁਰੱਖਿਆ ਵਿਵਸਥਾ ਦੇ ਮੁੱਦੇ ਰਾਜਪਾਲ ਅਤੇ ਪੰਜਾਬ ਸਰਕਾਰ ਦਰਮਿਆਨ ਸ਼ੁਰੂ ਹੋਏ ਖਿੱਚੋਤਾਣ ਦਾ ਦਾਇਰਾ ਵਧਦਾ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਜਪਾਲ ਦੇ ਵਤੀਰੇ ‘ਤੇ ਸਵਾਲ ਚੁਕਣ ਤੋਂ ਬਾਅਦ ਹੁਣ ਵਿਰੋਧੀ ਧਿਰਾਂ ਨੇ ਵੀ ਰਾਜਪਾਲ ਦੇ ਵਿਵਹਾਰ ਤੇ ਸਵਾਲ ਚੁਕਣੇ ਸ਼ੁਰੂ ਕਰ ਦਿੱਤੇ ਹਨ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਰਾਜਪਾਲ ਦੀ ਕਾਰਜਪ੍ਰਣਾਲੀ ਨੂੰ ਭਾਜਪਾ ਦੀ ਕਠਪੁਤਲੀ ਵਾਂਗ ਵਿਚਰਨਾ ਕਰਾਰ ਦਿਤਾ ਹੈ। ਕਿਸਾਨ ਸੰਘਰਸ਼ ਵਿਚ ਸ਼ਹੀਦ ਕਿਸਾਨਾ ਨੂੰ ਸ਼ਰਧਾਂਜਲੀਆਂ ਦੇਣ ਲਈ ਰੱਖੇ ਗਏ ਸਮਾਗਮ ਵਿਚ ਸ਼ਿਰਕਤ ਕਰਨ ਪਹੁੰਚੇ ਸੁਖਬੀਰ ਬਾਦਲ ਨੇ ਕਿਹਾ ਕਿ ਜਦੋਂ ਅਕਾਲੀ ਦਲ ਵੱਲੋਂ ਰਾਜਪਾਲ ਨੂੰ ਮਿਲ ਕੇ ਪੰਜਾਬ ਵਿਚ ਅਮਨ ਅਤੇ ਕਾਨੂੰਨ ਵਿਵਸਥਾ, ਜ਼ਹਿਰੀਲੀ ਅਤੇ ਨਕਲੀ ਸ਼ਰਾਬ ਪਿਲਾ ਕੇ ਲੋਕਾਂ ਦੀਆਂ ਜਾਨਾ ਲੈਣ ਵਾਲੇ ਕਾਂਗਰਸੀਆਂ ’ਤੇ ਕਾਰਵਾਈ ਕਰਨ, ਨਾਜਾਇਜ਼ ਮਾਈਨਿੰਗ ਬਾਰੇ ਦੱਸਿਆ ਗਿਆ ਸੀ ਤਾਂ ਰਾਜਪਾਲ ਵਲੋਂ ਇਕ ਵਾਰ ਵੀ ਕਿਸੇ ਨੂੰ ਤਲਬ ਨਹੀਂ ਕੀਤਾ।

ਪਰ ਹੁਣ ਜਦੋਂ ਭਾਜਪਾ ਦਾ ਕਿਸਾਨਾ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ ਤਾਂ ਉਨ੍ਹਾਂ ਨੂੰ ਆਪਣੀਆਂ ਸ਼ਕਤੀਆਂ ਯਾਦ ਆ ਗਈਆਂ ਹਨ। ਸੁਖਬੀਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਨਾਲ ਮਿਲੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਉਹੀ ਕੁਝ ਕੀਤਾ ਜਾਂਦਾ ਹੈ, ਜੋ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਹਾ ਜਾਂਦਾ ਹੈ

ਸੁਖਬੀਰ ਬਾਦਲ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਕੇਂਦਰ ਸਰਕਾਰ ਖੇਤੀ ਕਾਨੂੰਨ ਵਾਪਸ ਲੈ ਲੈਂਦੀ ਹੈ ਤਾਂ ਵੀ ਅਕਾਲੀ ਦਲ ਭਾਰਤੀ ਜਨਤਾ ਪਾਰਟੀ ਨਾਲ ਕਿਸੇ ਤਰ੍ਹਾਂ ਦਾ ਕੋਈ ਗਠਜੋੜ਼ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਨੇ ਅਕਾਲੀ ਦਲ ਦੀ ਪਿੱਠ ਵਿਚ ਛੁਰਾ ਮਾਰਿਆ ਹੈ ਅਤੇ ਉਨ੍ਹਾਂ ਨਾਲ ਕਦੇ ਵੀ ਕਿਸੇ ਕੀਮਤ ’ਤੇ ਗਠਜੋੜ ਨਹੀਂ ਕੀਤਾ ਜਾ ਸਕਦਾ।