ਭਗਵੰਤ ਮਾਨ ਹੀ ਹੋਣਗੇ ਆਮ ਆਦਮੀ ਪਾਰਟੀ ਦਾ ਸੀਐਮ ਚਿਹਰਾ! ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਲਦ ਹੋ ਸਕਦਾ ਐਲਾਨ

Bhagwant Mann

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ  ਦਹਿਲੀਜ਼ 'ਤੇ ਦਸਤਕ ਦੇਣ ਵਾਲੀਆਂ ਹਨ। ਪੰਜਾਬ ਵਿਚ ਸੱਤਾ 'ਤੇ ਕਾਬਜ਼ ਹੋਣ ਲਈ ਹਰ ਪਾਰਟੀ ਵਲੋਂ ਪੂਰੀ ਵਾਹ ਲਗਾਈ ਜਾ ਰਹੀ ਹੈ। ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਵੇਂ ਚੋਣ ਕਮਿਸ਼ਨ ਵੱਲੋਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅਜੇ ਨਹੀਂ ਕੀਤਾ ਗਿਆ ਹੈ ਪਰ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੂਤਰਾਂ ਦੇ ਹਵਾਲੇ ਤੋਂ ਇੱਕ ਅਹਿਮ ਅਤੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਸੰਸਦ ਮੈਂਬਰ ਭਗਵੰਤ ਮਾਨ ਨੂੰ ਪੰਜਾਬ 'ਚ ਮੁੱਖ ਮੰਤਰੀ ਦਾ ਚਿਹਰਾ ਬਣਾ ਕੇ ਚੋਣ ਮੈਦਾਨ ਵਿਚ ਉਤਰੇਗੀ। 

ਦੱਸ ਦੇਈਏ ਕਿ ਭਗਵੰਤ ਮਾਨ ਨੇ ਦੋ ਵਾਰ ਲੋਕ ਸਭਾ ਚੋਣਾਂ ਜਿੱਤੀਆਂ ਸਨ ਅਤੇ ਸੀਟ ਆਮ ਆਦਮੀ ਪਾਰਟੀ ਦੀ ਝੋਲੀ ਵਿਚ ਪਾਈ ਸੀ। ਹਾਲਾਂਕਿ 2017 ਦੀਆਂ ਚੋਣਾਂ ਵੇਲੇ ਵੀ ਅਜਿਹੀਆਂ ਹੀ ਕਿਆਸਰਾਈਆਂ ਲਗਾਈਆਂ ਗਈਆਂ ਸਨ ਪਰ ਉਨ੍ਹਾਂ ਨੂੰ ਮੁੱਖ ਮੰਤਰੀ ਚਿਹਰਾ ਨਹੀਂ ਐਲਾਨਿਆ ਗਿਆ ਸੀ। 

ਜੇਕਰ ਭਗਵੰਤ ਮਾਨ ਦੇ ਸਿਆਸੀ ਸਫ਼ਰ 'ਤੇ ਨਜ਼ਰ ਮਾਰੀਏ ਤਾਂ ਉਨ੍ਹਾਂ ਨੇ 2011 ਦੀ ਸ਼ੁਰੂਆਤ ਵਿਚ ਉਨ੍ਹਾਂ ਨੇ ਪੀਪਲਜ਼ ਪਾਰਟੀ ਆਫ਼ ਪੰਜਾਬ ਵਿਚ ਸ਼ਾਮਲ ਹੋਏ ਸਨ ਅਤੇ 2012 ਵਿਚ ਲਹਿਰਾਗਾਗਾ ਹਲਕੇ ਤੋਂ ਚੋਣ ਲੜੀ ਸੀ।  ਹਾਲਾਂਕਿ ਉਸ ਸਮੇਂ ਮਾਨ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਸਾਲ 2014 'ਚ ਉਨ੍ਹਾਂ ਨੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਲਈ ਚੋਣ ਲੜੀ ਅਤੇ ਦੋ ਲੱਖ ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ।

ਇਸ ਤਰ੍ਹਾਂ ਹੀ 2019 ਵਿਚ ਲੋਕ ਸਭ ਸੀਟ ਸੰਗਰੂਰ ਤੋਂ ਚੋਣ ਲੜੀ ਅਤੇ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ ਸੀ। ਦੱਸ ਦੇਈਏ ਕਿ ਮਾਨ ਦੋ ਵਾਰ ਸੰਗਰੂਰ ਤੋਂ ਲੋਕ ਸਭਾ ਮੈਂਬਰ ਬਣ ਚੁੱਕੇ ਹਨ।  ਦੱਸ ਦੇਈਏ ਕਿ ਇਸ ਵਾਰ ਚੋਣ ਮੈਦਾਨ ਵਿਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਭਾਜਪਾ ਗਠਜੋੜ ਵਿਚਾਲੇ ਸਿਆਸੀ ਮੁਕਾਬਲਾ ਹੋਣ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵਲੋਂ ਬੀਤੇ ਦਿਨੀ ਪੰਜ ਹੋਰ ਉਮੀਦਵਾਰਾਂ ਦੇ ਨਾਮ ਐਲਾਨੇ ਗਏ ਸਨ ਅਤੇ ਹੁਣ ਤੱਕ ਕੁੱਲ 101 ਉਮੀਦਵਾਰ ਐਲਾਨੇ ਜਾ ਚੁੱਕੇ ਹਨ। 

ਇਹ ਵੀ ਦਸੱਸਣਯੋਗ ਹੈ ਕਿ ਬਲਬੀਰ ਸਿੰਘ ਰਾਜੇਵਾਲ ਦਾ ਨਾਮ ਵੀ ਚਰਚਾ ਵਿਚ ਸੀ ਪਰ ਹੁਣ ਦੇਖਣਾ ਇਹ ਹੋਵੇਗਾ ਕਿ ਪਾਰਟੀ ਵਲੋਂ ਪੰਜਾਬ ਵਿਚ ਮੁੱਖ ਮੰਤਰੀ ਚਿਹਰੇ ਲਈ ਭਗਵੰਤ ਮਾਨ ਦੇ ਨਾਮ ਦੀ ਅਧਿਕਾਰਿਤ ਤੌਰ 'ਤੇ ਪੁਸ਼ਟੀ ਕਦੋਂ ਕੀਤੀ ਜਾਵੇਗੀ ।