ਕਰਤਾਰਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਕੈਪਟਨ ਦੀ ਪੰਜਾਬ ਸਰਕਾਰ ਤੇ ਭਾਰਤ ਸਰਕਾਰ ਨੂੰ ਅਪੀਲ
ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾਣ ਵਾਲੀਆਂ ਸੰਗਤਾਂ ਦੇ ਹਿੱਤ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਖ਼ਾਸ ਅਪੀਲ ਕੀਤੀ ਹੈ।
ਚੰਡੀਗੜ੍ਹ: ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾਣ ਵਾਲੀਆਂ ਸੰਗਤਾਂ ਦੇ ਹਿੱਤ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਖ਼ਾਸ ਅਪੀਲ ਕੀਤੀ ਹੈ। ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤੇ। ਕੈਪਟਨ ਅਮਰਿੰਦਰ ਸਿੰਘ ਨੇ ਸੰਗਤਾਂ ਕੋਲੋਂ ਲਈ ਜਾਣ ਵਾਲੀ 20 ਡਾਲਰ ਫੀਸ ਮੁਆਫ ਕਰਨ ਅਤੇ ਸੰਗਤਾਂ ਨੂੰ ਅਧਾਰ ਕਾਰਡ ਰਾਹੀਂ ਕਰਤਾਰਪੁਰ ਸਾਹਿਬ ਜਾਣ ਦੀ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਹੈ।
Tweet
ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ, “ਮੇਰੇ ਕਾਰਜਕਾਲ ਦੌਰਾਨ ਪੰਜਾਬ ਸਰਕਾਰ ਨੇ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਤੋਂ ਲਈ ਜਾਂਦੀ $20 ਫੀਸ, ਸਾਡੀ ਸਰਕਾਰ ਵਲੋਂ ਦਿੱਤੀ ਜਾਣ ਦਾ ਐਲਾਨ ਕੀਤਾ ਸੀ, ਪਰ ਕੋਵਿਡ ਪਾਬੰਦੀਆਂ ਕਾਰਨ ਲਾਂਘਾ ਬੰਦ ਹੋ ਗਿਆ ਸੀ। ਸਿੱਖਾਂ ਦੇ ਇਸ ਪਾਵਨ ਅਸਥਾਨ ਦੇ ਖੁੱਲ੍ਹੇ ਦਰਸ਼ਨ ਦੀਦਾਰ ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਰਕਾਰ ਨੂੰ ਇਸ ਫੈਸਲੇ ਨੂੰ ਲਾਗੂ ਕਰਨਾ ਚਾਹੀਦਾ ਹੈ”।
Tweet
ਸਾਬਕਾ ਮੁੱਖ ਮੰਤਰੀ ਨੇ ਇਕ ਹੋਰ ਟਵੀਟ ਵਿਚ ਲਿਖਿਆ, “ਫ਼ਿਲਹਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਕੋਲ ਪਾਸਪੋਰਟ ਹੋਣਾ ਜ਼ਰੂਰੀ ਹੈ। ਮੈਂ ਭਾਰਤ ਸਰਕਾਰ ਨੂੰ ਇਸ ਨਿਯਮ ਵਿੱਚ ਤਬਦੀਲੀ ਲਿਆ ਕੇ, ਆਧਾਰ ਕਾਰਡ ਰਾਹੀਂ ਹੀ ਲਾਂਘੇ ਦੀ ਯਾਤਰਾ ਦੀ ਇਜਾਜ਼ਤ ਦੇਣ ਲਈ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਨ ਦੀ ਅਪੀਲ ਵੀ ਕਰਦਾ ਹਾਂ। ਮੈਨੂੰ ਆਸ ਹੈ ਕਿ ਦੋਵੇਂ ਸਰਕਾਰਾਂ ਨਾਨਕ ਨਾਮ ਲੇਵਾ ਸੰਗਤਾਂ ਦੇ ਹਿੱਤ ਵਿੱਚ ਇਸ ਗੱਲ ਲਈ ਸਹਿਮਤ ਹੋਣਗੀਆਂ”।