CM ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਤਨਖਾਹਾਂ ਵਿਚ ਵਾਧੇ ਦਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਲਾਨਾ ਵਾਧਾ 1 ਜਨਵਰੀ 2023 ਤੋਂ ਨਿਯਮਤ ਤੌਰ 'ਤੇ ਲਾਗੂ ਕੀਤਾ ਜਾਵੇਗਾ

CM Channi

ਮੋਰਿੰਡਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਆਂਗਣਵਾੜੀ ਵਰਕਰਾਂ ਦੀ ਭਲਾਈ ਲਈ ਸੂਬੇ ਭਰ ਦੀਆਂ 53000 ਤੋਂ ਵੱਧ ਆਂਗਣਵਾੜੀ ਵਰਕਰਾਂ, ਮਿੰਨੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਸਿਕ ਮਾਣ ਭੱਤੇ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਇਹ ਸਾਰੇ ਕਰਮਚਾਰੀ ਹੁਣ 1 ਜਨਵਰੀ, 2023 ਤੋਂ ਆਪਣੇ ਸਾਲਾਨਾ ਮਾਣ ਭੱਤੇ ਵਿੱਚ ਨਿਯਮਤ ਵਾਧੇ ਲਈ ਯੋਗ ਹੋਣਗੇ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ 67 ਸਫ਼ਾਈ ਸੇਵਕਾਂ ਨੂੰ ਨਿਯੁਕਤੀ ਪੱਤਰ ਵੀ ਵੰਡੇ।

CM Channi


ਮੋਰਿੰਡਾ ਦੀ ਅਨਾਜ ਮੰਡੀ ਵਿਖੇ ਆਂਗਣਵਾੜੀ ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਹੁਣ ਤੋਂ ਆਂਗਣਵਾੜੀ ਵਰਕਰਾਂ ਦੀ ਮਾਸਿਕ ਤਨਖਾਹ 8100 ਰੁਪਏ ਤੋਂ ਵਧਾ ਕੇ 9500 ਰੁਪਏ, ਮਿੰਨੀ ਆਂਗਣਵਾੜੀ ਵਰਕਰਾਂ ਨੂੰ 5300 ਰੁਪਏ ਤੋਂ ਵਧਾ ਕੇ 6300 ਰੁਪਏ ਅਤੇ ਹੈਲਪਰਾਂ ਦੀ ਤਨਖਾਹ 4050 ਰੁਪਏ ਤੋਂ ਵਧਾ ਕੇ 5100 ਰੁਪਏ ਕੀਤੀ ਜਾਵੇਗੀ। ਇਸੇ ਤਰ੍ਹਾਂ ਆਂਗਣਵਾੜੀ ਵਰਕਰਾਂ ਦੇ ਮਾਣਭੱਤੇ ਵਿੱਚ ਹਰ ਸਾਲ 500 ਰੁਪਏ ਦਾ ਵਾਧਾ ਕੀਤਾ ਜਾਵੇਗਾ ਜਦਕਿ ਮਿੰਨੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣ ਭੱਤੇ ਵਿੱਚ 250 ਰੁਪਏ ਦਾ ਵਾਧਾ ਕੀਤਾ ਜਾਵੇਗਾ।

CM Channi and Others

ਆਂਗਣਵਾੜੀ ਵਰਕਰਾਂ ਨੂੰ ਸੂਬੇ ਦੀ ਪ੍ਰਸ਼ਾਸਨਿਕ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਔਰਤਾਂ ਦੀ ਭਲਾਈ ਅਤੇ ਉਨ੍ਹਾਂ ਦਾ ਸਸ਼ਕਤੀਕਰਨ ਸੂਬਾ ਸਰਕਾਰ ਦੀ ਤਰਜੀਹ ਹੈ। ਚੰਨੀ ਨੇ ਕਿਹਾ, "ਇਸ ਤੋਂ ਪਹਿਲਾਂ ਵੀ, ਸਮਾਜ ਦੇ ਇਸ ਮਹੱਤਵਪੂਰਨ ਵਰਗ ਦੀ ਸਮੁੱਚੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਦੇ ਹਿੱਸੇ ਵਜੋਂ 67000 ਤੋਂ ਵੱਧ ਆਸ਼ਾ ਵਰਕਰਾਂ ਅਤੇ ਮਿਡ ਡੇ ਮੀਲ ਵਰਕਰਾਂ ਦੀਆਂ ਮਾਸਿਕ ਤਨਖਾਹਾਂ ਵਿੱਚ ਵਾਧਾ ਕੀਤਾ ਗਿਆ ਸੀ।"


CM Channi

ਹਾਲ ਹੀ ਵਿੱਚ ਕੋਵਿਡ ਦੇ ਕੇਸਾਂ ਵਿੱਚ ਹੋ ਰਹੇ ਵਾਧੇ ਦੇ ਮੱਦੇਨਜ਼ਰ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਦੀ ਕਿਸੇ ਵੀ ਗੰਭੀਰ ਸਥਿਤੀ ਦਾ ਸਾਹਮਣਾ ਕਰਨ ਲਈ ਪੰਜਾਬ ਸਰਕਾਰ ਕੋਲ ਢੁਕਵਾਂ ਸਿਹਤ ਸੰਭਾਲ ਬੁਨਿਆਦੀ ਢਾਂਚਾ ਮੌਜੂਦ ਹੈ। ਆਪਣੀ ਸਰਕਾਰ ਵੱਲੋਂ ਕੀਤੇ ਗਏ ਲੋਕ- ਪੱਖੀ ਉਪਰਾਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਘਰੇਲੂ ਖਪਤਕਾਰਾਂ ਲਈ ਬਿਜਲੀ ਦੀਆਂ ਦਰਾਂ 3 ਰੁਪਏ ਪ੍ਰਤੀ ਯੂਨਿਟ ਘਟਾਈਆਂ ਗਈਆਂ, ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ‘ਚ ਕ੍ਰਮਵਾਰ 10 ਰੁਪਏ ਅਤੇ 5 ਰੁਪਏ ਕਟੌਤੀ ਕੀਤੀ ਗਈ ਅਤੇ ਪਾਣੀ ਸਬੰਧੀ ਖਰਚੇ ਘਟਾ ਕੇ 50 ਰੁਪਏ ਕੀਤੇ ਗਏ। ਚੰਨੀ ਨੇ ਕਿਹਾ ਕਿ ਇਹ ਪਹਿਲਕਦਮੀਆਂ ਸੂਬਾ ਸਰਕਾਰ ਵੱਲੋਂ ਲੋਕਾਂ ਦਾ ਪੈਸਾ ਉਹਨਾਂ ਨੂੰ ਵਾਪਸ ਮੋੜਨ ਸਬੰਧੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ ।

CM Channi and Others

ਆਪਣੇ ਸੰਬੋਧਨ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਮੌਜੂਦਾ ਪ੍ਰਬੰਧ ਉਹਨਾਂ ਔਰਤਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦਾ ਹੈ, ਜਿਹਨਾਂ ਨੂੰ ਪੇਸ਼ੇਵਰ ਜਿੰਮੇਵਾਰੀਆਂ ਦੇ ਨਾਲ ਨਾਲ ਘਰੇਲੂ ਕੰਮਕਾਜ ਦਾ ਵੀ ਖਿਆਲ ਰੱਖਣਾ ਪੈਂਦਾ ਹੈ, ਇਸ ਲਈ ਉਹ ਆਪਣੇ ਮਾਸਿਕ ਵਿੱਤੀ ਲਾਭਾਂ (ਭੱਤੇ) ਵਿੱਚ ਵੱਡੇ ਵਾਧੇ ਦੀਆਂ ਹੱਕਦਾਰ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਰਜ਼ੀਆ ਸੁਲਤਾਨਾ ਨੇ ਇਸ ਵਾਧੇ ਲਈ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕਰਦਿਆਂ ਆਂਗਣਵਾੜੀ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਲੋੜ ਦੀ ਘੜੀ ਵਿੱਚ ਉਹਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।
 ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਤਰਨਤਾਰਨ ਦੇ ਵਿਧਾਇਕ ਧਰਮਬੀਰ ਅਗਨੀਹੋਤਰੀ, ਆਂਗਣਵਾੜੀ ਆਗੂ ਹਰਗੋਬਿੰਦ ਕੌਰ, ਊਸ਼ਾ ਰਾਣੀ ਅਤੇ ਸਰੋਜ ਛਪੜੀਵਾਲ ਹਾਜ਼ਰ ਸਨ।