ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਆਹਮੋ-ਸਾਹਮਣੇ ਹੋਏ ਪੁਲਿਸ ਤੇ ਕਿਸਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਫੇਰੀ ’ਤੇ ਆ ਰਹੇ ਹਨ। ਇਸ ਦੌਰਾਨ ਉਹਨਾਂ ਵਲੋਂ ਫਿਰੋਜ਼ਪੁਰ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ

Farmers

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਫੇਰੀ ’ਤੇ ਆ ਰਹੇ ਹਨ। ਇਸ ਦੌਰਾਨ ਉਹਨਾਂ ਵਲੋਂ ਫਿਰੋਜ਼ਪੁਰ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ, ਜਿਸ ਵਿਚ ਉਹ ਪੰਜਾਬ ਲਈ ਅਹਿਮ ਐਲਾਨ ਕਰ ਸਕਦੇ ਹਨ। ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਸੂਬੇ ਵਿਚ ਕਿਸਾਨ ਅਤੇ ਪੁਲਿਸ ਆਹਮੋ ਸਾਹਮਣੇ ਹਨ। ਦਰਅਸਲ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਦੇ ਵਿਰੋਧ ਦੀ ਰਣਨੀਤੀ ਬਣਾਈ ਜਾ ਰਹੀ ਹੈ, ਇਸ ਦੇ ਚਲਦਿਆਂ ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

PM modi

ਅੱਜ ਜਦੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਫ਼ਿਰੋਜ਼ਪੁਰ ਜਾਣ ਦੀ ਤਿਆਰੀ ਕੀਤੀ ਤਾਂ ਪੁਲਿਸ ਨੇ ਉਹਨਾਂ ਨੂੰ ਫਿਰੋਜ਼ਪੁਰ-ਫਾਜ਼ਿਲਕਾ ਹਾਈਵੇ ‘ਤੇ ਰੋਕ ਲਿਆ। ਇਸ ਦੌਰਾਨ ਕਿਸਾਨਾਂ ਵੱਲੋਂ ਭਾਜਪਾ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਉਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਬੈਰੀਕੇਡ ਤੋੜ ਕੇ ਫਿਰੋਜ਼ਪੁਰ ਜਾਣਗੇ।

Police

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਨੂੰ ਲੈ ਕੇ ਵੱਖ ਵੱਖ ਪਿੰਡਾਂ ਵਿਚ ਲਗਾਏ ਜਾ ਗਏ ਪੋਸਟਰਾਂ ਨੂੰ ਵੀ ਕਿਸਾਨ ਵੱਲੋਂ ਫਾੜਿਆ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਦੌਰਾਨ ਦਿੱਲੀ ਦੀਆਂ ਬਰੂਆਂ ਉੱਤੇ ਡਟੇ 750 ਕਿਸਾਨ ਸ਼ਹੀਦ ਹੋਏ, ਸਰਕਾਰ ਵਲੋਂ ਇਹਨਾਂ ਸ਼ਹੀਦਾਂ ਦੇ ਪਰਿਵਾਰਾਂ ਲਈ ਕੋਈ ਮੁਆਵਜ਼ਾ ਨਹੀਂ ਐਲਾਨਿਆ ਗਿਆ। ਇਸ ਲਈ ਉਹ ਕੇਂਦਰ ਸਰਕਾਰ ਦਾ ਵਿਰੋਧ ਕਰਦੇ ਰਹਿਣਗੇ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਵੀ ‘ਮੋਦੀ ਗੋ ਬੈਕ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸੋਸ਼ਲ ਮੀਡੀਆ 'ਤੇ ਕਈ ਟਵੀਟ ਕੀਤੇ ਜਾ ਰਹੇ ਹਨ, ਜਿਨ੍ਹਾਂ 'ਚ ਨਰਿੰਦਰ ਮੋਦੀ ਨੂੰ ਵਾਪਸ ਜਾਣ ਲਈ ਕਿਹਾ ਜਾ ਰਿਹਾ ਹੈ।  

Farmers

ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਵੀ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਸੀ। ਮੋਰਚੇ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਦਿੱਲੀ ਦੀਆਂ ਹੱਦਾਂ ਤੋਂ ਮੋਰਚਾ ਮੁਲਤਵੀ ਕਰਨ ਵੇਲੇ ਸਰਕਾਰ ਵੱਲੋਂ ਜੋ ਕੇਸ ਵਾਪਸੀ ਅਤੇ ਮ੍ਰਿਤਕ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਗਿਆ ਸੀ , ਨਾਂ ਤਾਂ ਉਸ ਪ੍ਰਤੀ ਕੋਈ ਸੰਜੀਦਗੀ ਦਿਖਾਈ ਗਈ ਹੈ ਤੇ ਨਾ ਹੀ ਐੱਮਐੱਸਪੀ ਉੱਪਰ ਕੰਮ ਕਰਨ ਵਾਲੀ ਕਮੇਟੀ ਬਾਰੇ ਕੋਈ ਗੱਲ ਅੱਗੇ ਤੋਰੀ ਗਈ ਹੈ।

Farmers Protest

ਇਸ ਤੋਂ ਇਲਾਵਾ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਦਰੜ ਕੇ ਮਾਰਨ ਵਾਲੀ ਘਟਨਾ ਉੱਪਰ ਵੀ ਸਿੱਟ ਦੀ ਰਿਪੋਰਟ ਆਉਣ ਤੋਂ ਬਾਅਦ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ ਸਗੋਂ ਅਗਵਾਈ ਕਰ ਰਹੇ ਕਿਸਾਨਾਂ ਨੂੰ ਹੀ ਹੋਰ ਮਸਲਿਆਂ ਵਿੱਚ ਫਸਾਇਆ ਜਾ ਰਿਹਾ ਹੈ । ਇਸ ਸਭ ਨੂੰ ਧਿਆਨ ਵਿੱਚ ਰੱਖਦਿਆਂ ਪੀਐਮ ਮੋਦੀ ਦੀ 5 ਜਨਵਰੀ ਨੂੰ ਪੰਜਾਬ ਫੇਰੀ ਮੌਕੇ ਪੂਰੇ ਪੰਜਾਬ ਵਿੱਚ ਵਿਰੋਧ ਕੀਤਾ ਜਾਵੇਗਾ।