ਜਥੇਦਾਰ ਦੀ ਬੇਅਦਬੀਆਂ ਸਬੰਧੀ ਕਾਨੂੰਨ ਬਣਾਉਣ ਵਾਲੀ ਸਲਾਹ ਸਾਨੂੰ ਮਨਜ਼ੂਰ : ਬਲਤੇਜ ਪੰਨੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ : ਧਾਰਮਿਕ ਗ੍ਰੰਥਾਂ ਦੀ ਬੇਅਦਬੀ ਲਈ ਪੰਜਾਬ 'ਚ ਜਲਦ ਬਣੇਗਾ ਸਖਤ ਕਾਨੂੰਨ

We accept Jathedar's suggestion to enact a law on sacrilege: Baltej Pannu

ਚੰਡੀਗੜ੍ਹ : ਧਾਰਮਿਕ ਗ੍ਰੰਥਾਂ ਦੀ ਬੇਅਦਬੀ ਲਈ ਪੰਜਾਬ ਵਿਚ ਜਲਦੀ ਸਖ਼ਤ ਕਾਨੂੰਨ ਬਣੇਗਾ। ਇਸ ਨੂੰ ਲੈ ਕੇ ਵਿਧਾਨ ਸਭਾ ਕਮੇਟੀ ਜਲਦੀ ਆਪਣੀ ਰਿਪੋਰਟ ਪੇਸ਼ ਕਰੇਗੀ। ਇਸ ਸਬੰਧੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਬੁਲਾਰੇ ਬਲਤੇਜ ਪੰਨੂ ਵੱਲੋਂ ਦਿੱਤੀ ਗਈ । ਪੰਨੂ ਨੇ ਇਹ ਵੀ ਕਿਹਾ ਕਿ ਇਹ ਕਾਨੂੰਨ ਸਾਰੇ ਧਰਮਾਂ ਦੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ 'ਤੇ ਲਾਗੂ ਰਹੇਗਾ। 'ਆਪ' ਦਾ ਇਹ ਬਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਸਰਕਾਰ ਨੂੰ ਬੇਅਦਬੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਬੇਨਤੀ ਤੋਂ ਬਾਅਦ ਆਇਆ ਹੈ।

ਉਨ੍ਹਾਂ ਕਿਹਾ ਕਿ ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਕੱਲ੍ਹ ਬਿਆਨ ਦਿੱਤਾ ਸੀ ਕਿ ਪੰਜਾਬ ਸਰਕਾਰ ਨੂੰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਬੇਅਦਬੀ ਦੀ ਕੋਸ਼ਿਸ਼ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੁਝਾਅ ਮਾਣਯੋਗ ਹੈ। ਸਰਕਾਰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਪ੍ਰਸਤਾਵ ਲੈ ਕੇ ਆਈ ਸੀ। ਇਸ ਮਾਮਲੇ ਵਿੱਚ ਵਿਧਾਨ ਸਭਾ ਦੀ ਇਕ ਕਮੇਟੀ ਬਣਾਈ ਗਈ ਹੈ।

ਪੰਨੂ ਨੇ ਅੱਗੇ ਕਿਹਾ ਕਿ ਕਮੇਟੀ ਨੇ ਵੱਖ-ਵੱਖ ਧਰਮਾਂ ਦੇ ਲੋਕਾਂ ਨਾਲ ਕਈ ਮੀਟਿੰਗਾਂ ਕੀਤੀਆਂ ਹਨ। ਲੋਕਾਂ ਤੋਂ ਸਾਰੇ ਸੁਝਾਅ ਲਏ ਗਏ ਹਨ। ਇਹ ਕਮੇਟੀ ਜਲਦੀ ਹੀ ਆਪਣੀ ਰਿਪੋਰਟ ਪੇਸ਼ ਕਰੇਗੀ ਅਤੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਵਿਧਾਨ ਸਭਾ ਵਿੱਚ ਬਣਾਇਆ ਜਾਵੇਗਾ। ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਨ੍ਹਾਂ ਦਾ ਧਰਮ ਕੋਈ ਵੀ ਹੋਵੇ। ਸਰਕਾਰ ਜਲਦੀ ਹੀ ਸਖ਼ਤ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਪੂਰੀ ਕਰੇਗੀ। ਇਹ ਸੂਬੇ ਦਾ ਕਾਨੂੰਨ ਹੋਵੇਗਾ।