ਸੁਖਬੀਰ ਕੇਦਰ ਤੋਂ ਦੁੱਗਣੀ ਰਾਹਤ ਦੀ ਮੰਗ ਕਰਕੇ ਕਿਸਾਨਾਂ ਦੇ ਜ਼ਖ਼ਮਾਂ ‘ਤੇ ਛਿੜਕ ਰਿਹੈ ਲੂਣ : ਕੈਪਟਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵਲੋਂ ਕੇਂਦਰ ਦੁਆਰਾ ਕਿਸਾਨਾਂ ਨੂੰ ਦਿਤੀ...

Captain Amarinder Singh

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵਲੋਂ ਕੇਂਦਰ ਦੁਆਰਾ ਕਿਸਾਨਾਂ ਨੂੰ ਦਿਤੀ ਗਈ ਮਾਮੂਲੀ ਰਾਹਤ ਦੁੱਗਣੀ ਕਰਨ ਦੀ ਮੰਗ ਕਰਕੇ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੀ ਤਿੱਖੀ ਆਲੋਚਨਾ ਕੀਤੀ ਹੈ। ਸਾਬਕਾ ਉਪ ਮੁੱਖ ਮੰਤਰੀ ਦੇ ਬਿਆਨ ਦੀ ਖਿੱਲੀ ਉਡਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੇਂਦਰ ਵਿਚ ਸੱਤਾਧਾਰੀ ਗੱਠਜੋੜ ਦਾ ਭਾਈਵਾਲ ਹੋਣ ਦੇ ਬਾਵਜੂਦ ਇਨ੍ਹਾਂ ਵਰ੍ਹਿਆਂ ਦੌਰਾਨ ਕਿਸਾਨਾਂ ਦੇ ਮੁੱਦਿਆਂ 'ਤੇ ਸੁਖਬੀਰ ਨੇ ਚੁੱਪ ਕਿਉਂ ਵੱਟੀ ਰੱਖੀ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਵਾਸਤੇ ਕੇਵਲ 6000 ਰੁਪਏ ਸਾਲਾਨਾ ਦਾ ਐਲਾਨ ਕਰਕੇ ਉਨ੍ਹਾਂ ਦਾ ਪਹਿਲਾਂ ਹੀ ਮਖੌਲ ਉਡਾਇਆ ਹੈ ਜੋ ਕਿ ਰੋਜ਼ਾਨਾ 17 ਰੁਪਏ ਬਣਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਸੰਕਟ ਵਿਚੋਂ ਕੱਢਣ ਦੀ ਬਜਾਏ ਅਕਾਲੀ ਦਲ ਦਾ ਪ੍ਰਧਾਨ ਅਪਣੀ ਢੀਠਤਾ ਭਰੀ ਮੰਗ ਨਾਲ ਉਨ੍ਹਾਂ ਨੂੰ ਹੋਰ ਬੇਇੱਜ਼ਤ ਕਰ ਰਿਹਾ ਹੈ। ਉਨ੍ਹਾਂ ਪੁੱਛਿਆ ਕਿ ਕੀ ਸੁਖਬੀਰ ਦਾ ਇਹ ਵਿਸ਼ਵਾਸ ਹੈ ਕਿ ਸੰਕਟ ਵਿਚ ਘਿਰੇ ਹੋਏ ਕਿਸਾਨਾਂ ਨੂੰ 1000 ਰੁਪਏ ਮਹੀਨਾ ਦੇਣ ਨਾਲ ਉਨ੍ਹਾਂ ਦਾ ਭਲਾ ਹੋ ਸਕਦਾ ਹੈ ਜੋ ਕਿ ਕਰਜ਼ੇ ਹੇਠ ਦੱਬੇ ਹੋਣ ਕਾਰਨ ਖੁਦਕੁਸ਼ੀਆਂ ਦੇ ਰਾਹ ਪਏ ਹੋਏ ਹਨ। 

ਅਪਣੇ 10 ਸਾਲਾਂ ਦੇ ਸ਼ਾਸਨ ਦੌਰਾਨ ਸੰਕਟ ਨਾਲ ਜੂਝ ਰਹੇ ਕਿਸਾਨਾਂ ਨੂੰ ਇਕ ਵੀ ਪੈਸਾ ਦੇਣ ਵਿਚ ਅਸਫ਼ਲ ਰਹੀ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਉਲਟ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪਹਿਲਾਂ ਹੀ 5.63 ਲੱਖ ਛੋਟੇ ਤੇ ਸੀਮਾਂਤ ਕਿਸਾਨਾਂ ਦੇ 4514 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰ ਦਿਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੋ ਸਾਲ ਤੋਂ ਘੱਟ ਸਮੇਂ ਵਿਚ ਸਮਾਜ ਦੇ ਹਰੇਕ ਵਰਗ ਨੂੰ ਕੁਝ ਨਾ ਕੁਝ ਰਾਹਤ ਦੇਣ ਵਿਚ ਸਫਲ ਹੋਈ ਹੈ।

ਪਿਛਲੀ ਸਰਕਾਰ ਵਲੋਂ ਖ਼ਾਲੀ ਛੱਡੇ ਖਜ਼ਾਨੇ ਦੇ ਬਾਵਜੂਦ ਇਹ ਰਾਹਤ ਦਿਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਰਾਹ ਲੱਭਣ ਵਾਸਤੇ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਸਣੇ ਸਮੁੱਚੇ ਬਾਦਲ ਕੁਨਬੇ ਨੇ ਇਨ੍ਹਾਂ ਸਾਲਾਂ ਦੌਰਾਨ ਕਿਸਾਨਾਂ ਦੀ ਭਲਾਈ ਲਈ ਕੱਖ ਵੀ ਨਹੀਂ ਕੀਤਾ ਅਤੇ ਹੁਣ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਾਂ ਬਟੋਰਨ ਲਈ ਮਗਰਮੱਛ ਦੇ ਹੰਝੂ ਵਹਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਉਨ੍ਹਾਂ ਦੇ ਅਜਿਹੇ ਝਾਂਸਿਆਂ ਵਿਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਸੱਤਾਧਾਰੀ ਗੱਠਜੋੜ ਅਪਣਾ ਭਰੋਸਾ ਗੁਆ ਚੁੱਕਾ ਹੈ ਅਤੇ ਲੋਕਾਂ ਨੇ ਇਸ ਨੂੰ ਗੱਦੀ ਤੋਂ ਲਾਹੁਣ ਦਾ ਮਨ ਬਣਾ ਲਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਨੂੰ ਆਖਿਆ ਕਿ ਉਹ ਲੋਕਾਂ ਨੂੰ ਖਾਸ ਕਰਕੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦੀ ਚਿੰਤਾ ਹੋਣ ਦਾ ਢੌਂਗ ਰਚਾ ਕੇ ਗੁੰਮਰਾਹ ਨਾ ਕਰਨ। ਉਨ੍ਹਾਂ ਨੇ ਅਕਾਲੀ ਆਗੂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਲੋਕ ਉਨ੍ਹਾਂ ਨੂੰ ਕਿਸੇ ਵੀ ਸੂਰਤ 'ਚ ਮੁਆਫ ਨਹੀਂ ਕਰਨਗੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਕੇਂਦਰ ਸੱਚਮੁੱਚ ਕਿਸਾਨਾਂ ਦੀ ਮਦਦ ਕਰਨ ਦੀ ਇੱਛਾ ਰੱਖਦਾ ਹੈ ਤਾਂ ਉਸ ਨੂੰ ਕਿਸਾਨਾਂ ਦਾ ਯਕਮੁਸ਼ਤ ਕਰਜ਼ਾ ਮੁਆਫ ਕਰਨ ਦਾ ਐਲਾਨ ਕਰਨਾ ਚਾਹੀਦਾ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਦੀ ਫ਼ਸਲਾਂ ਦੇ ਲਾਹੇਵੰਦ ਭਾਅ ਨੂੰ ਯਕੀਨੀ ਬਣਾਉਣ ਵਾਸਤੇ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਨੂੰ ਹੂ-ਬ-ਹੂ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਤੇ ਇਸ ਦੇ ਭਾਈਵਾਲਾਂ ਦੀ ਕਿਸਾਨ ਵਿਰੋਧੀ ਮਾਨਸਿਕਤਾ ਪੂਰੀ ਤਰ੍ਹਾਂ ਜੱਗ ਜ਼ਾਹਰ ਹੋ ਗਈ ਹੈ।