ਢੀਂਡਸਾ ਦੀ ਦੋ-ਟੁਕ : ਸੁਖਬੀਰ ਨੂੰ ਪ੍ਰਧਾਨਗੀ ਤੋਂ ਹਟਾਉਣਾ ਮੇਰਾ ਮੁੱਖ ਨਿਸ਼ਾਨਾ!

ਏਜੰਸੀ

ਖ਼ਬਰਾਂ, ਪੰਜਾਬ

ਸ਼੍ਰੋਮਣੀ ਕਮੇਟੀ ਚੋਣਾਂ ਛੇਤੀ ਕਰਵਾਉਣ ਲਈ ਗ੍ਰਹਿ ਮੰਤਰੀ ਨੂੰ ਮਿਲਣ ਦਾ ਐਲਾਨ

file photo

ਨਵੀਂ ਦਿੱਲੀ : ਪਾਰਟੀ 'ਚੋਂ ਕੱਢੇ ਜਾਣ ਤੋਂ ਬਾਅਦ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸੁਖਬੀਰ ਬਾਦਲ ਖਿਲਾਫ਼ ਮੋਰਚਾ ਖੋਲ੍ਹ ਦਿਤਾ ਹੈ।  ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਲਕਾਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਹੁਣ ਉਨ੍ਹਾਂ ਦਾ ਇਕੋ ਇਕ ਨਿਸ਼ਾਨਾ ਸੁਖਬੀਰ ਬਾਦਲ ਨੂੰ  ਪ੍ਰਧਾਨਗੀ ਤੋਂ ਲਾਂਭੇ ਕਰਨਾ ਹੈ। ਉਨ੍ਹਾਂ ਕਿਹਾ ਕਿ ਉਹ ਗੁਰੂ ਦੀ ਗੋਲਕ ਦੀ ਲੁੱਟ ਨੂੰ ਬੰਦ ਕਰਵਾਉਣ ਦੇ ਨਾਲ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਬਹਾਲ ਕਰਵਾਉਣ ਲਈ ਸੰਘਰਸ਼ ਵਿੱਢਣਗੇ।

ਉਨ੍ਹਾਂ ਕਿਹਾ ਕਿ ਬਾਦਲ ਪਰਵਾਰ ਦੀਆਂ ਵਧੀਕੀਆਂ ਤੋਂ ਤੰਗ ਲੋਕਾਂ ਨੂੰ ਇਕ ਝੰਡੇ ਹੇਠ ਇਕੱਠੇ ਕਰਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਜ਼ਾਦ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜੋ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ, ਸਬੰਧੀ ਛੇਤੀ ਹੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਜਾਵੇਗੀ।

ਕਾਬਲੇਗੌਰ ਹੈ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਵਲੋਂ ਸੰਗਰੂਰ ਵਿਖੇ ਰੈਲੀ ਕੀਤੀ ਗਈ। ਇਹ ਰੈਲੀ ਭਾਵੇਂ ਸਰਕਾਰ ਦੇ ਜ਼ਬਰ ਖਿਲਾਫ਼ ਰੱਖੀ ਗਈ ਸੀ ਪਰ ਮੌਕੇ 'ਤੇ ਜ਼ਿਆਦਾਤਰ ਬੁਲਾਰਿਆਂ ਨੇ ਢੀਂਡਸਾ ਪਰਿਵਾਰ 'ਤੇ ਹੀ ਨਿਸ਼ਾਨੇ ਲਾਏ ਸਨ। ਇਥੋਂ ਕਿ ਵੱਡੇ ਬਾਦਲ ਨੇ ਪਹਿਲੀ ਵਾਰ ਢੀਂਡਸਾ ਵਿਰੁਧ ਰੱਜ ਕੇ ਭੜਾਸ ਕੱਢੀ ਸੀ।

ਇਸ ਤੋਂ ਸੋਮਵਾਰ ਨੂੰ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 'ਚ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ 'ਚੋਂ ਕੱਢਣ ਦਾ ਐਲਾਨ ਕਰ ਦਿਤਾ ਗਿਆ। ਦੋਵੇਂ ਪਿਉ ਪੁੱਤਰ ਨੂੰ ਪਾਰਟੀ ਤੋਂ ਕੱਢਣ ਤੋਂ ਪਹਿਲਾਂ ਨੋਟਿਸ ਦੇਣਾ ਵੀ ਜ਼ਰੂਰੀ ਨਹੀਂ ਸਮਝਿਆ ਗਿਆ।

ਸੂਤਰਾਂ ਅਨੁਸਾਰ ਪਹਿਲਾਂ ਕੋਰ ਕਮੇਟੀ ਨੇ ਪਹਿਲਾਂ ਦੋਵਾਂ ਖਿਲਾਫ਼ ਦੋਸ਼ ਪੱਤਰ ਜਾਰੀ ਕਰਨ ਦਾ ਫ਼ੈਸਲਾ ਕੀਤਾ ਸੀ ਪਰ ਬਾਅਦ ਵਿਚ ਬਿਨਾਂ ਨੋਟਿਸ ਦੇ ਦੋਵਾਂ ਪਿਓ ਪੁੱਤਰ ਨੂੰ ਬਾਹਰ ਦਾ ਰਸਤਾ ਵਿਖਾ ਦਿਤਾ ਗਿਆ। ਇਸ ਤੋਂ ਪਹਿਲਾਂ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੀ ਪਾਰਟੀ 'ਚੋਂ ਬਿਨਾ ਨੋਟਿਸ ਕੱਢੇ ਜਾਣ ਨੂੰ ਤਾਨਾਸ਼ਾਹੀ ਕਾਰਵਾਈ ਕਰਾਰ ਦੇ ਚੁੱਕੇ ਹਨ।