ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਨਾਲ ਸਬੰਧਤ ਜ਼ਮੀਨ ਦੀ ਵਿਕਰੀ ਧੋਖਾਧੜੀ ਨਾਲ ਕਰਨ ਦੇ ਮਾਮਲੇ ’ਚ ਮੈਨੇਜਰ ਮੁਅੱਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਾਨੂੰਨੀ ਕਾਰਵਾਈ ਦੇ ਆਦੇਸ਼ ਜਾਰੀ, ਐਡਵੋਕਟ ਧਾਮੀ ਵੱਲੋਂ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਇਮਾਨਦਾਰੀ ਨਾਲ ਕਰਨ ਦੀ ਤਾੜਨਾ

Manager suspended for fraudulently selling land belonging to Gurdwara Sri Amb Sahib Mohali

ਚੰਡੀਗੜ੍ਹ: ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤਸ਼ਾਹੀ ਸੱਤਵੀਂ ਲੰਬੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੀ ਪਿੰਡ ਸੈਣੀਮਾਜਰਾ (ਪ੍ਰੇਮਗੜ੍ਹ) ਵਿਖੇ ਪੈਂਦੀ 1 ਵਿਘਾ, 6 ਵਿਸਬੇ, 10 ਵਿਸਬਾਸੀਆਂ ਜ਼ਮੀਨ ਅਮਾਨਤ ਵਿੱਚ ਖਿਆਨਤ ਤੇ ਧੋਖਾਧੜੀ ਕਰਕੇ ਫ਼ਰਜ਼ੀ ਢੰਗ ਨਾਲ ਵੇਚਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਕਾਰਵਾਈ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਨੂੰ ਮੁਅੱਤਲ ਕਰਨ ਦੇ ਨਾਲ-ਨਾਲ ਮੈਨੇਜਰ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਆਦੇਸ਼ ਕੀਤਾ ਹੈ। ਜੇਕਰ ਮੈਨੇਜਰ ਤੋਂ ਇਲਾਵਾ ਕਿਸੇ ਹੋਰ ਵਿਅਕਤੀ ਦੀ ਵੀ ਇਸ ਮਾਮਲੇ ਵਿੱਚ ਸ਼ਮੂਲੀਅਤ ਪਾਈ ਜਾਂਦੀ ਹੈ, ਤਾਂ ਉਨ੍ਹਾਂ ਵਿਰੁੱਧ ਵੀ ਵਿਭਾਗੀ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਵਧੇਰੀ ਜਾਂਚ ਲਈ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ’ਤੇ ਅਧਾਰਤ ਇੱਕ ਕਮੇਟੀ ਬਣਾਈ ਗਈ ਹੈ ਅਤੇ ਮੈਨੇਜਰ ਵੱਲੋਂ ਕਰਵਾਈ ਗਈ ਰਜਿਸਟਰੀ ਨੂੰ ਰੱਦ ਕਰਨ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਚੰਡੀਗੜ੍ਹ ਉਪ-ਦਫ਼ਤਰ ਵਿਖੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਕਿਸੇ ਵੀ ਅਧਿਕਾਰੀ ਜਾਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੂੰ ਇਹ ਅਧਿਕਾਰ ਨਹੀਂ ਹੈ ਕਿ ਉਹ ਆਪਣੇ ਪੱਧਰ ਉੱਤੇ ਗੁਰੂ ਘਰ ਨਾਲ ਸਬੰਧਤ ਕਿਸੇ ਜਾਇਦਾਦ ਨੂੰ ਵੇਚ ਸਕੇ। ਉਨ੍ਹਾਂ ਕਿਹਾ ਕਿ ਜੇਕਰ ਸਿੱਖ ਸੰਸਥਾ ਨੇ ਕੋਈ ਜ਼ਮੀਨ ਵੇਚਣੀ ਜਾਂ ਖਰੀਦਣੀ ਹੋਵੇ ਤਾਂ ਇਹ ਕਾਰਵਾਈ ਬਾਕਾਇਦਾ ਨਿਯਮਾਂ ਅਨੁਸਾਰ ਅੰਤ੍ਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਬਾਅਦ ਸਬੰਧਤ ਗੁਰਦੁਆਰਾ ਸਾਹਿਬ ਦੀ ਜਾਇਦਾਦ ਸਬ-ਕਮੇਟੀ ਰਾਹੀਂ ਹੀ ਕੀਤੀ ਜਾ ਸਕਦੀ ਹੈ।

ਐਡਵੋਕਟ ਧਾਮੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਵਧੇਰੀ ਵਿਭਾਗੀ ਜਾਂਚ ਪੜਤਾਲ ਲਈ ਇੱਕ ਪੰਜ-ਮੈਂਬਰੀ ਕਮੇਟੀ ਬਣਾਈ ਗਈ ਹੈ ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਸੁਰਜੀਤ ਸਿੰਘ ਭਿੱਟੇਵੱਡ ਅਤੇ ਪਰਮਜੀਤ ਸਿੰਘ ਲੱਖੇਵਾਲ ਨੂੰ ਸ਼ਾਮਲ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੇ ਮੈਨੇਜਰ ਰਜਿੰਦਰ ਸਿੰਘ ਨੇ ਬਿਨਾਂ ਕਿਸੇ ਦਫ਼ਤਰੀ ਪ੍ਰਵਾਨਗੀ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਪਿੰਡ ਸੈਣੀਮਾਜਰਾ ਵਿੱਚ ਇਹ ਜ਼ਮੀਨ 4 ਖਰੀਦਦਾਰਾਂ ਨੂੰ ਵਿਕਰੀ ਕੀਤੀ ਹੈ, ਜਿਸ ਦੀ ਰਜਿਸਟਰੀ 2 ਦਸੰਬਰ 2025 ਨੂੰ ਵੱਖ-ਵੱਖ ਲੋਕਾਂ ਦੇ ਨਾਮ ਧੋਖੇ ਨਾਲ ਕਰ ਦਿੱਤੀ ਗਈ।

ਇਹ ਮਾਮਲਾ ਦਫ਼ਤਰ ਦੇ ਧਿਆਨ ਵਿੱਚ ਆਉਣ ’ਤੇ ਇਸ ਦੀ ਤੁਰੰਤ ਪੜਤਾਲ ਕਰਵਾਈ ਗਈ ਹੈ। ਮੁੱਢਲੀ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਗੁਰਦੁਆਰਾ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਵੱਲੋਂ ਅਧਿਕਾਰ ਪ੍ਰਾਪਤ ਕਰਨ ਲਈ ਦਫ਼ਤਰ ਦੇ ਲੈਟਰਪੈਡ ਤੇ ਖੁਦ ਇੱਕ ਜਾਹਲੀ ਚਿੱਠੀ ਤਿਆਰ ਕੀਤੀ ਗਈ ਹੈ, ਜੋ ਇਹ ਖੁਦ ਲਿਖਤੀ ਤੌਰ ਉੱਤੇ ਮੰਨਿਆ ਵੀ ਹੈ। ਉਨ੍ਹਾਂ ਕਿਹਾ ਕਿ ਮੈਨੇਜਰ ਸ. ਰਜਿੰਦਰ ਸਿੰਘ ਵੱਲੋਂ 4 ਖਰੀਦਦਾਰਾਂ ਨੂੰ ਵਿਕਰੀ ਕਰਕੇ ਇਸ ਬਦਲੇ 1 ਕਰੋੜ 32 ਲੱਖ ਰੁਪਏ ਦੇ ਚਾਰ ਚੈੱਕ ਲਏ ਗਏ, ਜੋ ਆਪਣੇ ਨਿੱਜੀ ਖਾਤੇ ਵਿਚ ਕੈਸ਼ ਕਰਵਾਏ ਗਏ। ਉਨ੍ਹਾਂ ਕਿਹਾ ਕਿ ਇਹ ਵੀ ਪਤਾ ਲਗਾ ਹੈ ਕਿ ਰਜਿੰਦਰ ਸਿੰਘ ਨੇ ਇਸ ਤੋਂ ਇਲਾਵਾ ਵੀ ਕਰੋੜਾਂ ਰੁਪਏ ਵਸੂਲ ਕੀਤੇ ਹਨ, ਜਿਸ ਬਾਰੇ ਪੜਤਾਲੀਆ ਟੀਮ ਨੂੰ ਕੋਈ ਵੇਰਵਾ ਨਹੀਂ ਦਿੱਤਾ ਗਿਆ, ਜਿਸ ਦੀ ਜਾਂਚ ਜਾਰੀ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਜਗ੍ਹਾ ਦੀ ਵਿਕਰੀ ਲਈ ਸ਼੍ਰੋਮਣੀ ਕਮੇਟੀ ਕੋਲ ਕੋਈ ਵੀ ਕੇਸ ਜਾਂ ਲਿਖਾਪੜ੍ਹੀ ਨਹੀਂ ਚੱਲ ਰਹੀ ਅਤੇ ਨਾ ਹੀ ਕੋਈ ਅਜਿਹਾ ਫੈਸਲਾ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੀਆਂ ਅਮਾਨਤਾਂ ਵਿਚ ਖਿਆਨਤ ਕਰਨ ਵਾਲੇ ਕਿਸੇ ਵੀ ਕਰਮਚਾਰੀ ਤੇ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਮਗਰੋਂ ਮੈਨੇਜਰ ਰਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਇਸ ਵਿਰੁੱਧ ਕਾਨੂੰਨੀ ਕਾਰਵਾਈ ਕਰਵਾਉਣ ਲਈ ਆਦੇਸ਼ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਕਿਸੇ ਵੀ ਹੋਰ ਵਿਅਕਤੀ ਦੀ ਸ਼ਮੂਲੀਅਤ ਪਾਈ ਜਾਂਦੀ ਹੈ ਤਾਂ ਉਸ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾ ਕਿਹਾ ਕਿ ਸਬੰਧਤ ਜ਼ਮੀਨ ਦੀਆਂ ਇਹ ਰਜਿਸਟਰੀਆਂ ਰੱਦ ਕਰਨ ਦੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਆਦੇਸ਼ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮੈਨੇਜਰ ਵੱਲੋਂ ਜਿਥੇ ਸੰਸਥਾ ਦੀ ਬਦਨਾਮੀ ਕਰਵਾਈ ਗਈ ਹੈ, ਉੱਥੇ ਗੁਰਦੁਆਰਾ ਸਾਹਿਬ ਨੂੰ ਵੱਡਾ ਵਿੱਤੀ ਨੁਕਸਾਨ ਵੀ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕਿਸੇ ਵੀ ਗੁਰਦੁਆਰਾ ਸਾਹਿਬ ਦੀ ਕੋਈ ਜਾਇਦਾਦ ਖਰੀਦਣ ਜਾਂ ਵੇਚਣ ਲਈ ਨਿਰਧਾਰਤ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਇਸ ਲਈ ਗੁਰਦੁਆਰਾ ਸਾਹਿਬ ਦੀ ਜਾਇਦਾਦ ਸਬ-ਕਮੇਟੀ ਦੀ ਸਿਫਾਰਸ਼ ਮਗਰੋਂ ਦਫ਼ਤਰ ਦੇ ਰੈਵਿਨਿਊ ਵਿਭਾਗ ਦੀ ਪੜਤਾਲ ਉਪਰੰਤ ਅੰਤ੍ਰਿੰਗ ਕਮੇਟੀ ਤੋਂ ਪ੍ਰਵਾਨਗੀ ਲਈ ਜਾਂਦੀ ਹੈ। ਅੰਤ੍ਰਿੰਗ ਕਮੇਟੀ ਦੀ ਪ੍ਰਵਾਨਗੀ ਮਗਰੋਂ ਪ੍ਰਧਾਨ ਸਾਹਿਬ ਵੱਲੋਂ ਸਬ-ਕਮੇਟੀ ਨਿਰਧਾਰਤ ਹੁੰਦੀ ਹੈ, ਜਿਸ ਦੀ ਨਿਗਰਾਨੀ ਹੇਠ ਖੁੱਲ੍ਹੀ ਬੋਲੀ ਰਾਹੀਂ ਜਾਇਦਾਦ ਵੇਚਣ ਦੀ ਕਾਰਵਾਈ ਹੁੰਦੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਹਮੇਸ਼ਾ ਇਹ ਮਨਸ਼ਾ ਰਹੀ ਹੈ ਕਿ ਗੁਰੂ ਘਰ ਦੀਆਂ ਜ਼ਮੀਨਾਂ ਜਾਇਦਾਦਾਂ ਵਿੱਚ ਵਾਧਾ ਹੋਵੇ ਅਤੇ ਇਸੇ ਤਹਿਤ ਹੀ ਬਹੁਤ ਸਾਰੀਆਂ ਨਵੀਂਆਂ ਜ਼ਮੀਨਾਂ ਖਰੀਦੀਆਂ ਗਈਆਂ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਸੇਵਾਵਾਂ ਨਿਭਾਉਣ ਵਾਲੇ ਸਮੂਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਸਖ਼ਤ ਤਾੜਣਾ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਕਰਨ ਅਤੇ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਜਾਂ ਮੁਲਾਜ਼ਮ ਵੱਲੋਂ ਭ੍ਰਿਸ਼ਟਾਚਾਰ ਜਾ ਮਾਮਲਾ ਆਉਂਦਾ ਹੈ ਤਾਂ ਉਸ ਨੂੰ ਕਿਸੇ ਵੀ ਸੁਰਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਰਣਜੀਤ ਸਿੰਘ ਕਾਹਲੋਂ, ਮੀਤ ਸਕੱਤਰ ਲਖਬੀਰ ਸਿੰਘ, ਜਸਕਰਨ ਸਿੰਘ, ਰਣਜੀਤ ਸਿੰਘ ਜਲੰਧਰ ਮੌਜੂਦ ਸਨ।