ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਵਾਲਾ ਨਿੱਜੀ ਫਰਮ ਦਾ ਇੱਕ ਹੋਰ ਮਾਲਕ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹੁਣ ਤੱਕ ਚਾਰ ਮੁਲਜ਼ਮ ਕੀਤੇ ਕਾਬੂ- ਇੱਕ ਦੋਸ਼ੀ ਦੀ ਭਾਲ ਜਾਰੀ

Another owner of a private firm who misused government grants arrested by Vigilance

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਰਜਤ ਐਂਟਰਪ੍ਰਾਈਜ਼ਿਜ਼ ਨਾਭਾ ਦੇ ਮਾਲਕ ਭਗੌੜੇ ਚੱਲ ਰਹੇ ਮਾਲਕ ਰਜਤ ਜ਼ਖ਼ਮੀ ਨੂੰ ਸਰਕਾਰੀ ਗ੍ਰਾਂਟਾਂ ਵਿੱਚ 40,85,175 ਰੁਪਏ ਦੀ ਹੇਰਾ-ਫੇਰੀ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਰਜਤ ਜ਼ਖ਼ਮੀ ਅਮਲੋਹ ਬਲਾਕ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਨੂੰ ਸਰਕਾਰ ਵੱਲੋਂ ਜਾਰੀ ਹੋਏ ਸਰਕਾਰੀ ਫੰਡਾਂ ਦੀ ਦੁਰਵਰਤੋਂ ਨਾਲ ਸਬੰਧਤ ਇੱਕ ਮੁਕੱਦਮੇ ਵਿੱਚ ਲੋੜੀਂਦਾ ਸੀ ਜਿਸ ਵਿੱਚ ਫਤਿਹਗੜ੍ਹ ਸਾਹਿਬ ਦੇ ਤਤਕਾਲੀ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਕੁਲਵਿੰਦਰ ਸਿੰਘ ਰੰਧਾਵਾ ਵੀ ਸ਼ਾਮਲ ਸੀ।

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਅਗਸਤ, 2024 ਨੂੰ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਆਈਪੀਸੀ ਦੀ ਧਾਰਾ 409 ਅਤੇ 120-ਬੀ ਸਮੇਤ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13(1) ਦੇ ਨਾਲ-ਨਾਲ ਧਾਰਾ 13(2) ਦੇ ਤਹਿਤ ਐਫਆਈਆਰ ਨੰਬਰ 37 ਦਰਜ ਕੀਤੀ ਗਈ ਸੀ। ਇਸ ਕੇਸ ਵਿੱਚ ਉਕਤ ਕੁਲਵਿੰਦਰ ਸਿੰਘ ਰੰਧਾਵਾ, ਜੋ ਹੁਣ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀ (ਡੀਡੀਪੀਓ) ਹੈ, ਸਮੇਤ ਪੰਜ ਮੁਲਜ਼ਮ ਸ਼ਾਮਲ ਹਨ ਜਿਨ੍ਹਾਂ ’ਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਢੰਗ ਨਾਲ ਨਿੱਜੀ ਫਰਮਾਂ ਅਤੇ ਆਮ ਵਿਅਕਤੀਆਂ ਨੂੰ ਇਨ੍ਹਾਂ ਫੰਡਾਂ ਦਾ ਗਲਤ ਤਰੀਕੇ ਨਾਲ ਲਾਭ ਦੇਣ ਦਾ ਦੋਸ਼ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਕੇਸ ਵਿੱਚ ਹੁਣ ਤੱਕ ਤਿੰਨ ਮੁਲਜ਼ਮਾਂ, ਕੁਲਵਿੰਦਰ ਸਿੰਘ ਰੰਧਾਵਾ, ਇੱਕ ਆਮ ਵਿਅਕਤੀ ਹੰਸਪਾਲ ਸਮੇਤ ਅਮਲੋਹ ਇੰਟਰਪ੍ਰਾਈਜਿਜ ਦੇ ਮਾਲਕ ਸਤਵਿੰਦਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਵਿਜੀਲੈਂਸ ਬਿਊਰੋ ਵੱਲੋਂ ਇਸ ਮੁਕੱਦਮੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਰਹਿੰਦੇ ਇੱਕ ਮੁਲਜ਼ਮ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ।