ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਭਲਾਈ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ: ਮੋਹਿੰਦਰ ਭਗਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੰਤਰੀ ਨੇ ਵਿਭਾਗੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ

Ensure implementation of welfare schemes for families of ex-servicemen and martyred soldiers: Mohinder Bhagat

ਚੰਡੀਗੜ੍ਹ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ  ਮੋਹਿੰਦਰ ਭਗਤ ਨੇ ਸ਼ਹੀਦਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਚੱਲ ਰਹੀਆਂ ਭਲਾਈ ਸਕੀਮਾਂ ਦਾ ਜਾਇਜ਼ਾ ਲੈਣ ਲਈ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਸਮੀਖਿਆ ਮੀਟਿੰਗ ਕੀਤੀ।

ਮੀਟਿੰਗ ਦੌਰਾਨ, ਮੰਤਰੀ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵੱਖ-ਵੱਖ ਸਰਕਾਰੀ ਯੋਜਨਾਵਾਂ ਦੇ ਲਾਗੂਕਰਨ ਦਾ ਜਾਇਜ਼ਾ ਲਿਆ। ਉਨ੍ਹਾਂ ਅਗਾਮੀ ਸਮਾਗਮਾਂ ਦੇ ਏਜੰਡੇ 'ਤੇ ਵੀ ਚਰਚਾ ਕੀਤੀ ਅਤੇ ਸੂਬੇ ਭਰ ਦੇ ਸਬੰਧਤ ਡਿਪਟੀ ਕਮਿਸ਼ਨਰਾਂ ਅਧੀਨ ਕੀਤੀਆਂ ਜਾ ਰਹੀਆਂ ਜ਼ਿਲ੍ਹਾ ਸੈਨਿਕ ਬੋਰਡ ਦੀਆਂ ਤਿਮਾਹੀ ਮੀਟਿੰਗਾਂ ਦਾ ਜਾਇਜ਼ਾ ਲਿਆ।

ਇਹਨਾਂ ਸਕੀਮਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ 'ਤੇ ਜ਼ੋਰ ਦਿੰਦਿਆਂ,  ਭਗਤ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਲਾਭਪਾਤਰੀਆਂ ਨੂੰ ਜ਼ਮੀਨੀ ਪੱਧਰ 'ਤੇ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾ ਸਕੇ। ਉਨ੍ਹਾਂ ਨੇ ਸੂਬੇ ਭਰ ਵਿੱਚ ਸੈਨਿਕ ਰੈਸਟ ਹਾਊਸਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਉਪਾਵ ਕਰਨ ਦੇ ਵੀ ਹੁਕਮ ਦਿੱਤੇ।

ਇਸ ਮੀਟਿੰਗ ਵਿੱਚ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਜੇ.ਐਮ. ਬਾਲਾ ਮੁਰੂਗਨ, ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ ਅਤੇ ਡਿਪਟੀ ਡਾਇਰੈਕਟਰ (ਹੈੱਡਕੁਆਰਟਰ) ਕਮਾਂਡਰ ਬਲਜਿੰਦਰ ਸਿੰਘ ਵਿਰਕ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।