ਖਡੂਰ ਸਾਹਿਬ ਤੋਂ ਜੇਜੇ ਸਿੰਘ ਦਾ ਨਾਂਅ ਨਹੀਂ ਲਵਾਂਗੇ ਵਾਪਸ: ਅਕਾਲੀ ਦਲ ਟਕਸਾਲੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਕਾਲੀ ਦਲ ਟਕਸਾਲੀ ਦੇ ਆਗੂਆਂ ਨੇ ਗਠਜੋੜ ਦੀਆਂ ਕੋਸ਼ਿਸ਼ਾਂ ਦਾ ਸਵਾਗਤ ਕੀਤਾ ਪਰ ਖਡੂਰ ਸਾਹਿਬ ਤੋਂ ਅਪਣਾ ਉਮੀਦਵਾਰ ਵਾਪਸ ਲੈਣ ਤੋਂ ਇਨਕਾਰ ਕਰ ਦਿਤਾ

Shiromani Akali Dal Taksali

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਲੋਕਸਭਾ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵਲੋਂ ਐਲਾਨੀ ਗਈ ਉਮੀਦਵਾਰ ਪਰਮਜੀਤ ਕੌਰ ਖਾਲੜਾ ਵਿਰੁਧ ਅਪਣੇ ਉਮੀਦਵਾਰ ਜਨਰਲ ਜੇਜੇ ਸਿੰਘ ਦਾ ਨਾਂਅ ਵਾਪਸ ਲੈਣ ਤੋਂ ਇਨਕਾਰ ਕੀਤਾ ਹੈ। ਅਕਾਲੀ ਦਲ ਟਕਸਾਲੀ ਦੇ ਆਗੂਆਂ ਨੇ ਗਠਜੋੜ ਦੀਆਂ ਕੋਸ਼ਿਸ਼ਾਂ ਦਾ ਸਵਾਗਤ ਕੀਤਾ ਪਰ ਖਡੂਰ ਸਾਹਿਬ ਤੋਂ ਅਪਣਾ ਉਮੀਦਵਾਰ ਵਾਪਸ ਲੈਣ ਤੋਂ ਇਨਕਾਰ ਕਰ ਦਿਤਾ ਹੈ।

ਅੱਜ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਤੇ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਫੂਲਕਾ ਵਲੋਂ ਨਵੇਂ ਸਿਰੇ ਤੋਂ ਗਠਜੋੜ ਦੀਆਂ ਕੋਸ਼ਿਸ਼ਾਂ ਦਾ ਸਵਾਗਤ ਕਰਦੇ ਹਾਂ ਪਰ ਜੇਜੇ ਸਿੰਘ ਖਡੂਰ ਸਾਹਿਬ ਤੋਂ ਸਾਡੇ ਉਮੀਦਵਾਰ ਬਣੇ ਰਹਿਣਗੇ। ਉਨ੍ਹਾਂ ਕਿਹਾ ਕਿ ਬੀਬੀ ਪਰਮਜੀਤ ਕੌਰ ਖਾਲੜਾ ਸਤਿਕਾਰਯੋਗ ਹਨ ਤੇ ਉਨ੍ਹਾਂ ਦੇ ਪਰਿਵਾਰ ਦੀ ਵੱਡੀ ਕੁਰਬਾਨੀ ਹੈ। ਇਸ ਕਰਕੇ ਉਨ੍ਹਾਂ ਨੂੰ ਚੋਣ ਨਹੀਂ ਲੜਨੀ ਚਾਹੀਦੀ ਬਲਕਿ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਬਣਾਇਆ ਜਾਣਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਏਕਤਾ ਪਾਰਟੀ ਦੇ ਐਡਹਾਕ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੂੰ ਅਪਣਾ ਉਮੀਦਵਾਰ ਵਾਪਸ ਲੈਣ ਦੀ ਅਪੀਲ ਕੀਤੀ ਸੀ। ਇਸੇ ਤਰ੍ਹਾਂ ਗਠਜੋੜ ਦੀਆਂ ਕੋਸ਼ਿਸ਼ਾਂ ਵਿਚ ਜੁਟੇ ਐਡਵੋਕੇਟ ਐਚਐਸ ਫੂਲਕਾ ਨੇ ਵੀ ਦੂਜੀਆਂ ਧਿਰਾਂ ਨੂੰ ਅਪੀਲ ਕੀਤੀ ਸੀ ਕਿ ਬੀਬੀ ਖਾਲੜਾ ਦੇ ਹੱਕ ਵਿਚ ਉਮੀਦਵਾਰ ਨਾ ਉਤਾਰਿਆ ਜਾਵੇ।

ਟਕਸਾਲੀ ਲੀਡਰਾਂ ਨੇ ਕਾਨਫਰੰਸ ਦੌਰਾਨ ਇਹ ਵੀ ਮੰਨਿਆ ਕਿ ਗਠਜੋੜ ਲਈ ਆਮ ਆਦਮੀ ਪਾਰਟੀ ਨਾਲ ਮੀਟਿੰਗਾਂ ਹੋਈਆਂ ਸੀ ਪਰ ਸ਼੍ਰੀ ਆਨੰਦਪੁਰ ਸਾਹਿਬ ਦੀ ਸੀਟ ਕਰਕੇ ਗਠਜੋੜ ਸਿਰੇ ਨਹੀਂ ਚੜ੍ਹਿਆ। ਉਨ੍ਹਾਂ ਦਾਅਵਾ ਕੀਤਾ ਕਿ 'ਆਪ' ਦੇ ਲੀਡਰਾਂ ਦਾ ਕਹਿਣਾ ਸੀ ਕਿ ਸ਼੍ਰੀ ਆਨੰਦਪੁਰ ਸਾਹਿਬ ਦਾ ਉਮੀਦਵਾਰ ਸਾਡਾ ਫਾਈਨਾਂਸਰ ਨਰਿੰਦਰ ਸਿੰਘ ਸ਼ੇਰਗਿੱਲ ਹੈ। ਟਕਸਾਲੀ ਲੀਡਰਾਂ ਨੇ ਕਿਹਾ ਹੈ ਉਹ ਸਿਰਫ਼ ਸੰਗਰੂਰ, ਆਨੰਦਪੁਰ ਸਾਹਿਬ ਤੇ ਖਡੂਰ ਸਾਹਿਬ ਤੋਂ ਹੀ ਲੋਕ ਸਭਾ ਚੋਣ ਲੜਨਗੇ।