ਬਠਿੰਡਾ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਠੱਲ ਪਾਉਣ ਲਈ ਹੈਲਪਲਾਈਨ ਨੰਬਰ ਕੀਤਾ ਜਾਰੀ
ਨਸ਼ਾ ਵੇਚਣ ਅਤੇ ਨਸ਼ਾ ਕਰਨ ਵਾਲੇ ਵਿਅਕਤੀ ਬਾਰੇ 91155-02252 ਨੰਬਰ 'ਤੇ ਦਿੱਤੀ ਜਾ ਸਕਦੀ ਹੈ ਜਾਣਕਾਰੀ
ਬਠਿੰਡਾ: ਬਠਿੰਡਾ ਵਿੱਚ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਦੇ ਮੱਦੇਨਜ਼ਰ ਬਠਿੰਡਾ ਪੁਲਿਸ ਨੇ ਨਸ਼ਾ ਵਿਰੋਧੀ ਹੈਲਪਲਾਈਨ ਨੰਬਰ 91155-02252 ਜਾਰੀ ਕੀਤਾ ਹੈ। ਇਸ ਨੰਬਰ 'ਤੇ ਨਸ਼ਾ ਵੇਚਣ ਵਾਲੇ ਅਤੇ ਨਸ਼ਾ ਕਰਨ ਵਾਲੇ ਵਿਅਕਤੀ ਬਾਰੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਐਸਐਸਪੀ ਬਠਿੰਡਾ ਅਮਨੀਤ ਕੌਂਡਲ ਨੇ ਦੱਸਿਆ ਕਿ ਇਸ ਨੰਬਰ ’ਤੇ ਨਸ਼ਾ ਵੇਚਣ ਵਾਲੇ ਅਤੇ ਖਰੀਦਣ ਵਾਲੇ ਤੋਂ ਇਲਾਵਾ ਨਸ਼ਾ ਕਰਨ ਵਾਲੇ ਵਿਅਕਤੀ ਬਾਰੇ ਵੀ ਜਾਣਕਾਰੀ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।
ਐਸਐਸਪੀ ਨੇ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਆਮ ਨਾਗਰਿਕ ਆਪਣੇ ਆਲੇ-ਦੁਆਲੇ ਨਸ਼ਾ ਤਸਕਰ ਦੀ ਫੋਟੋ-ਵੀਡੀਓ ਬਣਾ ਕੇ ਵਟਸਐਪ 'ਤੇ ਭੇਜ ਸਕਦਾ ਹੈ। ਐਸਐਸਪੀ ਨੇ ਕਿਹਾ ਕਿ ਨਸ਼ਾ ਵਿਰੋਧੀ ਹੈਲਪਲਾਈਨ ’ਤੇ ਆਉਣ ਵਾਲੀ ਹਰ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ ਅਤੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਐਸਐਸਪੀ ਅਮਨੀਤ ਕੋਂਡਲ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲੀਸ ਵੱਲੋਂ ਜਾਰੀ ਇਸ ਹੈਲਪਲਾਈਨ ’ਤੇ ਨਸ਼ਾ ਵੇਚਣ ਵਾਲਿਆਂ ਬਾਰੇ ਜਾਣਕਾਰੀ ਦੇਣ ਤਾਂ ਜੋ ਬਠਿੰਡਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਹੈਲਪਲਾਈਨ ਨੰਬਰ ਉਨ੍ਹਾਂ ਦੀ ਨਿਗਰਾਨੀ ਹੇਠ ਚੱਲੇਗਾ।
ਇਸ ਨੰਬਰ 'ਤੇ ਆਉਣ ਵਾਲੀ ਹਰ ਕਾਲ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਇਸ ਦੇ ਲਈ ਇੱਕ ਵੱਖਰੀ ਟੀਮ ਵੀ ਗਠਿਤ ਕੀਤੀ ਗਈ ਹੈ, ਜੋ ਕਿ ਸਿਰਫ਼ ਹੈਲਪਲਾਈਨ ਨੰਬਰ 'ਤੇ ਆਉਣ ਵਾਲੀਆਂ ਸ਼ਿਕਾਇਤਾਂ ਨੂੰ ਸੁਣੇਗੀ ਅਤੇ ਅੱਗੇ ਉਨ੍ਹਾਂ ਦਾ ਨਿਪਟਾਰਾ ਸਬੰਧਤ ਥਾਣਿਆਂ ਵਿੱਚ ਕਰੇਗੀ ਅਤੇ ਉਨ੍ਹਾਂ ਦੀ ਪੂਰੀ ਰਿਪੋਰਟ ਰੋਜ਼ਾਨਾ ਉਨ੍ਹਾਂ ਨੂੰ ਸੌਂਪੀ ਜਾਵੇਗੀ।