ਹੋਰਨਾਂ ਸੂਬਿਆਂ ਦੇ ਵਸਨੀਕਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਸਾਂ ਭੇਜਣ ਲਈ ਬੱਸ ਅਪਰੇਟਰਾਂ ਨਾਲ ਮੀਟਿੰਗ
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੇਂਦਰ ਸਰਕਾਰ ਨਾਲ ਕੀਤੇ
ਪਟਿਆਲਾ, 3 ਮਈ (ਤੇਜਿੰਦਰ ਫ਼ਤਿਹਪੁਰ) : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੇਂਦਰ ਸਰਕਾਰ ਨਾਲ ਕੀਤੇ ਗਏ ਤਾਲਮੇਲ ਬਾਅਦ ਕੋਰੋਨਾਵਾਰਿਸ ਦੇ ਕਰਫਿਊ ਕਰਕੇ ਹੋਰਨਾਂ ਰਾਜਾਂ ਦੇ ਪੰਜਾਬ 'ਚ ਫਸੇ ਅਤੇ ਵਾਪਸੀ ਦੇ ਚਾਹਵਾਨ ਵਿਅਕਤੀਆਂ ਦੀ ਵਾਪਸੀ ਸੰਭਵ ਬਣ ਰਹੀ ਹੈ। ਇਸ ਸਬੰਧੀਂ ਪੰਜਾਬ ਸਰਕਾਰ ਵੱਲੋਂ ਹੋਰਨਾਂ ਰਾਜਾਂ ਦੇ ਵਸਨੀਕਾਂ ਲਈ ਜੋ ਪੰਜਾਬ ਵਿੱਚ ਫਸੇ ਹਨ ਨੂੰ ਵਾਪਸ ਭੇਜਣ ਲਈ ਇਕ ਆਨਲਾਈਨ ਪੋਰਟਲ ਬਣਾਇਆ ਗਿਆ ਸੀ
ਜਿਸ ਵਿੱਚ ਅਪਲਾਈ ਕੀਤੇ ਲੋਕਾਂ ਨੂੰ ਹੁਣ ਉਨ੍ਹਾਂ ਦੇ ਸੂਬਿਆਂ ਵਿੱਚ ਭੇਜਿਆ ਜਾਵੇਗਾ ਇਸ ਲਈ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਆਬਕਾਰੀ ਤੇ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੈ, ਆਰ.ਟੀ.ਏ. ਪਟਿਆਲਾ ਅਰਵਿੰਦ ਕੁਮਾਰ ਅਤੇ ਬੱਸ ਅਪਰੇਟਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ ਰਹਿ ਰਹੇ ਅਜਿਹੇ ਵਿਅਕਤੀਆਂ ਦੇ ਵੇਰਵੇ ਇਕੱਤਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਸਨ
ਅਤੇ ਬਾਹਰਲੇ ਰਾਜਾਂ ਦੇ ਲੋਕਾਂ ਨੂੰ 3 ਮਈ ਦੀ ਸਵੇਰੇ 9 ਵਜੇ ਤੱਕ ਵੇਰਵੇ ਦਰਜ਼ ਕਰਵਾਉਣ ਲਈ ਕਿਹਾ ਗਿਆ ਸੀ ਅਤੇ ਹੁਣ ਉਨ੍ਹਾਂ ਆਨਲਾਈਨ ਆਏ ਵੇਰਵੇ ਦੇ ਆਧਾਰ 'ਤੇ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ ਤੇ ਸੂਚੀਆਂ ਅਨੁਸਾਰ ਹੀ ਉਨ੍ਹਾਂ ਨੂੰ ਭੇਜਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ 150 ਬੱਸਾਂ ਨੂੰ ਭੇਜੇ ਜਾਣ ਦੀ ਯੋਜਨਾ ਹੈ। ਉਨ੍ਹਾਂ ਦੱਸਿਆ ਕਿ ਵਾਪਸ ਭੇਜੇ ਜਾਣ ਵਾਲੇ ਵਿਅਕਤੀਆਂ ਦੀ ਪਹਿਲਾਂ ਮੈਡੀਕਲ ਸਕਰੀਨਿੰਗ ਹੋਵੇਗੀ ਅਤੇ ਬਾਅਦ 'ਚ ਇਨ੍ਹਾਂ ਨੂੰ ਉਨ੍ਹਾਂ ਦੇ ਸਬੰਧਤ ਸੂਬਿਆਂ ਵਿੱਚ ਭੇਜਿਆ ਜਾਵੇਗਾ।
ਇਸ ਮੌਕੇ ਉਨ੍ਹਾਂ ਬੱਸ ਅਪਰੇਟਰਾਂ ਨੂੰ ਕਿਹਾ ਕਿ ਉਹ ਆਪਣੀਆਂ ਬੱਸਾਂ ਰਾਹੀਂ ਹੋਰਨਾਂ ਸੂਬਿਆਂ ਦੇ ਲੋਕਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੱਸਾਂ ਨਾਲ ਜਾਣ ਵਾਲੇ ਸਟਾਫ਼ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਮੀਟਿੰਗ 'ਚ ਆਬਕਾਰੀ ਤੇ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਸ਼ੌਕਤ ਅਹਿਮਦ ਪਰੈ, ਸਕੱਤਰ ਆਰ.ਟੀ.ਏ. ਅਰਵਿੰਦ ਕੁਮਾਰ ਅਤੇ ਬੱਸ ਅਪਰੇਟਰ ਮੌਜੂਦ ਸਨ।