ਦੁਕਾਨਾਂ ਬੰਦ ਕਰਨ ਦੇ ਹੁਕਮ ਨੂੰ ਲੈ ਕੇ ਦੁਕਾਨਦਾਰਾਂ ਵਿਚ ਰੋਸ, ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਗੈਰ-ਜ਼ਰੂਰੀ ਸਮਾਨ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ।

Protest

ਫਿਰੋਜ਼ਪੁਰ (ਪਰਮਜੀਤ ਸਿੰਘ): ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਗੈਰ-ਜ਼ਰੂਰੀ ਸਮਾਨ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ। ਸਰਕਾਰ ਦੇ ਇਸ ਹੁਕਮ ਨੂੰ ਲੈ ਕੇ ਦੁਕਾਨਦਾਰਾਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਚਲਦਿਆਂ ਫਿਰੋਜ਼ਪੁਰ ਦੇ ਕਸਬਾ ਮੁੱਦਕੀ ਵਿਚ ਸਰਕਾਰ ਦੇ ਫੈਸਲੇ ਦਾ ਦੁਕਾਨਦਾਰਾਂ ਨੇ ਸਖ਼ਤ ਵਿਰੋਧ ਕੀਤਾ ਹੈ।

ਦੁਕਾਨਦਾਰਾਂ ਨੇ ਰੋਸ ਵਜੋਂ ਅਪਣੀਆਂ ਦੁਕਾਨਾਂ ਖੋਲ੍ਹਣੀਆਂ ਸ਼ੁਰੂ ਕੀਤੀਆਂ ਤਾਂ ਪੁਲਿਸ ਨੇ ਆ ਕੇ ਦੁਕਾਨਾਂ ਬੰਦ ਕਰਵਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਗੁੱਸੇ ਵਿਚ ਆਏ ਦੁਕਾਨਦਾਰਾਂ ਨੇ ਪੁਲਿਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਅਤੇ ਇਕੱਠੇ ਹੋ ਕੇ ਨੈਸ਼ਨਲ ਹਾਈਵੇ 54 ’ਤੇ ਟਰੈਫਿਕ ਜਾਮ ਕੀਤਾ ਗਿਆ।

ਦੁਕਾਨਦਾਰਾਂ ਨੇ ਦੱਸਿਆ ਕਿ ਮਹਿੰਗਾਈ ਦੇ ਦੌਰ ਵਿਚ ਘਰਾਂ ਦੇ ਖਰਚੇ ਬਹੁਤ ਹੀ ਮੁਸ਼ਕਿਲ ਨਾਲ ਚੱਲ ਰਹੇ ਹਨ। ਦੁਕਾਨਦਾਰਾਂ ਨੇ ਮੰਗ ਕੀਤੀ ਕਿ ਲਾਕਡਾਊਨ ਦੋਰਾਨ ਸਰਕਾਰ ਜਿਵੇਂ ਦੂਸਰੇ ਮੁਲਾਜ਼ਮਾਂ ਨੂੰ ਘਰ ਬੈਠੇ ਤਨਖਾਹਾਂ ਦਿੰਦੀ ਹੈ ਉਸੇ ਤਰ੍ਹਾਂ ਦੁਕਾਨਦਾਰਾਂ ਨੂੰ ਵੀ ਬੱਝਵਾਂ ਖਰਚਾ ਦੇਵੇ ਤਾਂ ਜੋ ਲਾਕਡਾਉਨ ਦੌਰਾਨ ਉਨ੍ਹਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਲੋਕ ਪਹਿਲਾਂ ਹੀ ਮਹਿਗਾਈ ਦੀ ਮਾਰ ਝੱਲ ਰਹੇ ਹਨ। ਡੀਜਲ ਪਟਰੋਲ, ਦਾਲਾਂ ਅਤੇ ਖਾਣ ਵਾਲੇ ਤੇਲ ਦੀਆਂ ਕੀਮਤਾਂ ਆਸਮਾਨ ਨੂੰ ਛੂਹ ਰਹੀਆਂ ਹਨ ਜਿਸ ਨਾਲ ਆਮ ਬੰਦੇ ਨੂੰ ਘਰ ਚਲਾਉਣਾ ਮੁਸ਼ਕਿਲ ਹੋ ਰਿਹਾ ਹੈ। ਉਨ੍ਹਾਂ ਕਿਹਾ ਜੇਕਰ ਸਰਕਾਰ ਨੇ ਲੋਕਾਂ ਬਾਰੇ ਕੁਝ ਨਾ ਸੋਚਿਆ ਤਾਂ ਉਹ ਦਿਨ ਦੂਰ ਨਹੀਂ ਜਦ ਲੋਕ ਕੋਰੋਨਾ ਨਾਲ ਨਹੀਂ ਬਲਕਿ ਭੁੱਖਮਰੀ ਨਾਲ ਮਰਨੇ ਸੁਰੂ ਹੋ ਜਾਣਗੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ। ਕਿ ਸਰਕਾਰ ਆਪਣੇ ਇਸ ਫੈਸਲੇ ਬਾਰੇ ਇੱਕ ਵਾਰ ਜਰੂਰ ਸੋਚੇ।