ਪੰਜਾਬ, ਹਰਿਆਣਾ ਸਮੇਤ ਕਈ ਥਾਵਾਂ ‘ਤੇ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਨਾਲ ਲੱਗਦੇ ਇਲਾਕਿਆਂ ਵਿਚ ਬੀਤੇ ਦਿਨ ਹਲਕੀ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

Rain

ਪੰਜਾਬ: ਉਤਰ ਪੱਛਮੀ ਭਾਰਤ ਦੇ ਜ਼ਿਆਦਾਤਰ ਇਲਾਕਿਆਂ ਵਿਚ ਪਿਛਲੇ ਕਈ ਦਿਨਾਂ ਤੋਂ ਤਾਪਮਾਨ ਕਾਫ਼ੀ ਜ਼ਿਆਦਾ ਵਧ ਗਿਆ ਸੀ। ਜ਼ਿਆਦਾ ਗਰਮੀ ਦੇ ਚਲਦਿਆਂ ਆਮ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ। ਪਰ ਇਸ ਦੇ ਨਾਲ ਹੀ ਪੰਜਾਬ ਦੇ ਨਾਲ ਲੱਗਦੇ ਇਲਾਕਿਆਂ ਵਿਚ ਬੀਤੇ ਦਿਨ ਹਲਕੀ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

ਸੋਮਵਾਰ ਨੂੰ ਪੰਜਾਬ ਦੇ ਕਈ ਖੇਤਰਾਂ ਵਿਚ ਹਲਕੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਜਾਣਕਾਰੀ ਸਾਹਮਣੇ ਆਈ ਹੈ। ਮੌਸਮ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੰਗਲਵਾਰ ਤੋਂ ਹਲਕੀ ਬਾਰਿਸ਼ ਅਤੇ ਹਨੇਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਅਗਲੇ ਤਿੰਨ ਦਿਨਾਂ ਤੱਕ ਦਿੱਲੀ-ਐਨਸੀਆਰ ਖੇਤਰਾਂ ਵਿਚ ਵੀ ਤੇਜ਼ ਹਵਾਵਾਂ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲੇ ਵੀ ਕਈ ਥਾਵਾਂ ‘ਤੇ ਗਰਮ ਹਵਾਵਾਂ ਦੇ ਚਲਦਿਆਂ ਲੋਕਾਂ ਦਾ ਦਿਨ ਦੇ ਸਮੇਂ ਘਰ ਤੋਂ ਨਿਕਲਣਾ ਮੁਸ਼ਕਿਲ ਹੈ। ਪਰ ਇਸ ਦੇ ਵਿਚ ਕਮੀ ਆਉਣ ਦੇ ਆਸਾਰ ਦਿਖ ਰਹੇ ਹਨ।

ਪੁਰਬ ਵੱਲੋਂ ਆਉਣ ਵਾਲੀਆਂ ਹਵਾਵਾਂ ਅਤੇ ਪੱਛਮੀ ਦਬਾਅ ਦੇ ਪ੍ਰਭਾਵ ਨਾਲ ਦਿੱਲੀ ਦੇ ਲੋਕਾਂ ਨੂੰ ਤਾਪਮਾਨ ਤੋਂ ਕੁਝ ਹੱਦ ਤੱਕ ਰਾਹਤ ਮਿਲਣ ਦੀ ਸੰਭਾਵਨਾ ਹੈ। ਪੰਜ ਜੂਨ ਨੂੰ ਵੀ ਪੰਜਾਬ ਵਿਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਛੇ ਤੇ ਸੱਤ ਜੂਨ ਨੂੰ ਧੂੜ ਭਰੀਆਂ ਹਵਾਵਾਂ ਚੱਲਣ, ਬੱਦਲਵਾਈ ਰਹਿਣ ਤੇ ਮੀਂਹ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਸ ਤੋਂ ਬਾਅਦ ਅੱਠ ਜੂਨ ਨੂੰ ਵੀ ਬੱਦਲਵਾਈ ਰਹਿਣ ਦਾ ਪੂਰਵ ਅਨੁਮਾਨ ਪ੍ਰਗਟਾਇਆ ਗਿਆ ਹੈ।