ਮੈਂ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਹੀ ਜ਼ਿਮਨੀ ਚੋਣ ਲੜਾਂਗੀ -ਕਮਲਦੀਪ ਕੌਰ ਰਾਜੋਆਣਾ 

ਏਜੰਸੀ

ਖ਼ਬਰਾਂ, ਪੰਜਾਬ

ਚੋਣ ਲੜਨ ਦਾ ਮਕਸਦ ਇਹ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਸਰਕਾਰ 'ਤੇ ਹੋਰ ਦਬਾਅ ਪਾਇਆ ਜਾ ਸਕੇ। 

Kamaldeep Kaur Rajoana

 

ਚੰਡੀਗੜ੍ਹ: ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੇ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਹੈ। ਅੱਜ ਕਮਲਦੀਪ ਕੌਰ ਨੇ ਪਟਿਆਲਾ ਜੇਲ੍ਹ ’ਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ ਜਿਸ ਤੋਂ ਬਾਅਦ ਕਮਲਦੀਪ ਕੌਰ ਨੇ ਕਿਗਾ ਕਿ ਜੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਬਣਾਇਆ ਜਾਂਦਾ ਹੈ ਤਾਂ ਉਹ ਸੰਗਰੂਰ ਜ਼ਿਮਨੀ ਚੋਣ ਲੜਨਗੇ। ਕਮਲਦੀਪ ਕੌਰ ਨੇ ਕਿਹਾ ਕਿ ਭਾਈ ਰਾਜੋਆਣਾ ਨੇ ਚੋਣ ਲੜਨ ਦੀ ਮਨਜ਼ੂਰੀ ਦੇ ਦਿੱਤੀ ਹੈ ਤੇ ਉਹਨਾਂ ਨੇ ਕਿਹਾ ਜੇ ਸਾਰੀਆਂ ਸਿੱਖ ਜਥੇਬੰਦੀਆਂ ਚੋਣ ਲੜਾਉਣ ਲਈ ਸਹਿਮਤ ਹਨ ਤਾਂ ਜ਼ਿਮਨੀ ਚੋਣ ਲੜਨ ਲਈ ਸਹਿਮਤ ਹਾਂ। 

ਜ਼ਿਕਰਯੋਗ ਹੈ ਕਿ ਸੰਗਰੂਰ ਤੋਂ ਜ਼ਿਮਨੀ ਚੋਣ ਲੜਨ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਗਈ ਕਮੇਟੀ ਵੱਲੋਂ ਬਲਵੰਤ ਰਾਜੋਆਣਾ ਦੀ ਭੈਣ ਕਮਲਦੀਪ ਰਾਜੋਆਣਾ ਨੂੰ ਚੋਣ ਲੜਨ ਲਈ ਆਖਿਆ ਜਾ ਰਿਹਾ ਸੀ। ਇਸ ਨੂੰ ਲੈ ਕੇ ਕਮਲਦੀਪ ਕੌਰ ਰਾਜੋਆਣਾ ਨੇ ਕਿਹਾ ਸੀ ਕਿ ਉਹ ਪਹਿਲਾਂ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ ਤੇ ਫਿਰ ਹੀ ਫ਼ੈਸਲਾ ਲੈਣਗੇ। ਉਨ੍ਹਾਂ ਅੱਜ ਪਟਿਆਲਾ ਜੇਲ੍ਹ ’ਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਤਕਰੀਬਨ 1 ਘੰਟੇ ਤੱਕ ਮੁਲਾਕਾਤ ਕੀਤੀ।

ਮੁਲਾਕਾਤ ਤੋਂ ਬਾਅਦ ਜੇਲ੍ਹ ਤੋਂ ਬਾਹਰ ਆ ਕਮਲਦੀਪ ਕੌਰ ਨੇ ਕਿਹਾ ਕਿ ਜੇਕਰ ਸਾਰੀਆਂ ਹੀ ਸਿੱਖ ਜਥੇਬੰਦੀਆਂ ਕਹਿਣਗੀਆਂ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਲੜਨਗੇ। ਕਮਲਦੀਪ ਕੌਰ ਨੇ ਕਿਹਾ ਕਿ ਉਹ ਅਜ਼ਾਦ ਚੋਣ ਲੜਨ ਦੇ ਸਮਰੱਥ ਨਹੀਂ ਹਨ ਤੇ ਉਹ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੀ ਚੋਣ ਲੜਨਗੇ ਤੇ ਚੋਣ ਲੜਨ ਦਾ ਮਕਸਦ ਵੀ ਇਹ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਸਰਕਾਰ 'ਤੇ ਹੋਰ ਦਬਾਅ ਪਾਇਆ ਜਾ ਸਕੇ।