ਨਵਜੋਤ ਸਿੱਧੂ ਵਲੋਂ ਅਪਣੇ ਦੋਹਾਂ ਵਿਭਾਗਾਂ ਦੇ ਦਫ਼ਤਰੀ ਕੰਮ ਪੰਜਾਬੀ ਵਿਚ ਕਰਨ ਦੇ ਆਦੇਸ਼ ਜਾਰੀ
ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅਪਣੇ ਦੋਵਾਂ ਵਿਭਾਗਾਂ, ਸਥਾਨਕ ਸਰਕਾਰਾਂ ਅਤੇ ਸਭਿਆਚਾਰ ਤੇ ਸੈਰ ਸਪਾਟਾ ਦਾ ਸਾਰਾ ਦਫ਼ਤਰੀ ਕੰਮ ਪੰਜਾਬੀ ਭਾਸ਼ਾ...
ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅਪਣੇ ਦੋਵਾਂ ਵਿਭਾਗਾਂ, ਸਥਾਨਕ ਸਰਕਾਰਾਂ ਅਤੇ ਸਭਿਆਚਾਰ ਤੇ ਸੈਰ ਸਪਾਟਾ ਦਾ ਸਾਰਾ ਦਫ਼ਤਰੀ ਕੰਮ ਪੰਜਾਬੀ ਭਾਸ਼ਾ ਵਿਚ ਕਰਨਾ ਲਾਜ਼ਮੀ ਕਰ ਦਿਤਾ ਹੈ। ਉਨ੍ਹਾਂ ਨੇ ਬੀਤੇ ਦਿਨੀਂ ਪੰਜਾਬ ਕਲਾ ਭਵਨ ਵਿਖੇ ਪੰਜਾਬੀ ਹਿਤੈਸ਼ੀਆਂ ਵਲੋਂ ਸੱਦੀ 'ਪੰਚਾਇਤ' ਦੌਰਾਨ ਇਸ ਸਬੰਧੀ ਵਾਅਦਾ ਕੀਤਾ ਸੀ। ਉਨ੍ਹਾਂ ਅੱਜ ਦੋਵਾਂ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਪੱਤਰ ਲਿਖ ਕੇ Îਇਸ ਸਬੰਧੀ ਆਦੇਸ਼ ਜਾਰੀ ਕਰ ਦਿਤੇ ਹਨ।
ਇਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਸਿੱਧੂ ਨੇ ਦੋਵਾਂ ਵਿਭਾਗਾਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਪੰਜਾਬੀ ਭਾਸ਼ਾ ਨੂੰ ਉਤਸ਼ਾਹਤ ਤੇ ਪ੍ਰਫੁੱਲਤ ਕਰਨਾ ਉਨ੍ਹਾਂ ਦਾ ਮੁੱਢਲਾ ਫਰਜ਼ ਹੈ ਅਤੇ ਭਵਿੱਖ ਵਿੱਚ ਇਹ ਯਕੀਨੀ ਬਣਾਇਆ ਜਾਵੇ ਕਿ ਵਿਭਾਗ ਦਾ ਸਾਰਾ ਦਫਤਰੀ ਕੰਮ ਪੰਜਾਬੀ ਮਾਂ ਬੋਲੀ ਵਿਚ ਕੀਤਾ ਜਾਵੇ।
ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਦੋਵਾਂ ਵਿਭਾਗ ਨਾਲ ਸਬੰਧਤ ਹਰੇਕ ਸਾਈਨ ਬੋਰਡ ਉਪਰ ਪੰਜਾਬੀ ਭਾਸ਼ਾ ਵਿੱਚ ਲਿਖਣਾ ਯਕੀਨੀ ਬਣਾਇਆ ਜਾਵੇ। ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਦੇ ਸਕੱਤਰ ਨੂੰ ਲਿਖੇ ਪੱਤਰ ਵਿੱਚ ਸ. ਸਿੱਧੂ ਨੇ ਕਿਹਾ ਕਿ ਜੇਕਰ ਉਕਤ ਆਦੇਸ਼ਾਂ ਦੀ ਪਾਲਣਾ ਨਹੀਂ ਹੁੰਦੀ ਤਾਂ ਸਬੰਧਤ ਅਧਿਕਾਰੀ/ਕਰਮਚਾਰੀ ਖਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇ।