ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਲੀਡਰਸ਼ਿਪ ਅਤੇ ਚੋਣ ਉਮੀਦਵਾਰਾਂ ਨਾਲ ਕੀਤੀ ਮੀਟਿੰਗ
ਕਿਹਾ, ਕਾਂਗਰਸ ਚੋਣ ਪ੍ਰਚਾਰ ਲਈ ਪੂਰੀ ਤਰ੍ਹਾਂ ਤਿਆਰ
ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਅਤੇ ਚੋਣ ਉਮੀਦਵਾਰਾਂ ਨਾਲ ਕਾਂਗਰਸ ਭਵਨ ਵਿਖੇ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਆਗਾਮੀ ਚੋਣਾਂ ਸਬੰਧੀ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਸਬੰਧੀ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਇਸ ਦੌਰਾਨ ਆਉਣ ਵਾਲੀਆਂ ਲੋਕ ਸਭਾ ਚੋਣਾਂ ਲੜਨ ਸਬੰਧੀ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਕਾਂਗਰਸ ਚੋਣ ਪ੍ਰਚਾਰ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਮੀਟਿੰਗ ਦੌਰਾਨ ਸੰਗਠਨ ਦੀਆਂ ਕਮੀਆਂ ਬਾਰੇ ਚਰਚਾ ਕੀਤੀ ਗਈ।
ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਮਨੁੱਖੀ ਤਸਕਰੀ ਵਿਰੋਧੀ ਯੂਨਿਟ ਨੂੰ ਹੋਰ ਮਜ਼ਬੂਤ ਕਰਨ ਲਈ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
ਪੰਜਾਬ ਭਾਜਪਾ ਵਲੋਂ ਸੁਨੀਲ ਜਾਖੜ ਨੂੰ ਪ੍ਰਧਾਨ ਬਣਾਏ ਜਾਣ ’ਤੇ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਸਿਰਫ਼ ਐਲਾਨ ਹੋਇਆ ਪਰ ਇਸ ਦਾ ਫ਼ੈਸਲਾ ਡੇਢ ਸਾਲ ਪਹਿਲਾਂ ਹੀ ਹੋ ਗਿਆ ਸੀ। ਜਦੋਂ ਉਨ੍ਹਾਂ ਦੇ ਅਸਤੀਫ਼ੇ ਲਈ ਉਦੈਪੁਰ ਚਿੰਤਨ ਸ਼ਿਵਿਰ ਵਾਲਾ ਦਿਨ ਚੁਣਿਆ ਗਿਆ ਸੀ, ਉਹ ਗੁੱਸੇ ਵਿਚ ਦਿਤਾ ਗਿਆ ਅਸਤੀਫ਼ਾ ਨਹੀਂ ਸੀ ਸਗੋਂ ਚੋਣ ਤੋਂ ਪਹਿਲਾਂ ਯੋਜਨਾਬੱਧ ਰਣਨੀਤੀ ਸੀ। ਕਾਂਗਰਸ ਨੇ ਜਾਖੜ ਸਾਹਿਬ ਨੂੰ ਅਹਿਮ ਅਹੁਦੇ ਦਿਤੇ, ਉਨ੍ਹਾਂ ਨੇ ਸਿਆਸਤ ਦੀ ਗੁੜ੍ਹਤੀ ਕਾਂਗਰਸ ਤੋਂ ਲਈ। ਉਨ੍ਹਾਂ ਨੂੰ ਹਾਰਨ ਦੇ ਬਾਵਜੂਦ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਅਤੇ ਜ਼ਿਮਨੀ ਚੋਣ ਲਈ ਉਮੀਦਵਾਰ ਵੀ ਐਲਾਨਿਆ। ਉਨ੍ਹਾਂ ਨੇ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਨ ’ਤੇ ਵਧਾਈ ਵੀ ਦਿਤੀ।
ਇਹ ਵੀ ਪੜ੍ਹੋ ਤਾਲਿਬਾਨ ਨੇ ਅਫ਼ਗਾਨਿਸਤਾਨ ’ਚ ਬਿਊਟੀ ਪਾਲਰ ’ਤੇ ਲਾਈ ਪਾਬੰਦੀ
ਆਉਣ ਵਾਲੀਆਂ ਚੋਣਾਂ ਬਾਰੇ ਰਾਜਾ ਵੜਿੰਗ ਨੇ ਕਿਹਾ ਕਿ ਉਮੀਦਵਾਰਾਂ ਦੀ ਚੋਣ ਦਾ ਆਖ਼ਰੀ ਫ਼ੈਸਲਾ ਹਾਈਕਮਾਂਡ ਵਲੋਂ ਲਿਆ ਜਾਵੇਗਾ ਪਰ ਇਸ ਸਬੰਧੀ ਪੰਜਾਬ ਵਿਚ ਮੰਥਨ ਕੀਤਾ ਜਾਵੇਗਾ। ਮੁਖਤਾਰ ਅੰਸਾਰੀ ਮਾਮਲੇ ਬਾਰੇ ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ 15 ਕੁ ਦਿਨਾਂ ਬਾਅਦ ਅਜਿਹੀ ਗੱਲ ਕੀਤੀ ਜਾਂਦੀ ਹੈ ਜੋ ਕਿ ਕਈ ਦਿਨ ਤਕ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਸਰਕਾਰ ਪੰਜਾਬ ਦੇ ਬੁਨਿਆਦੀ ਮੁੱਦਿਆਂ ਤੋਂ ਧਿਆਨ ਭਟਕਾ ਰਹੀ ਹੈ। ਆਮ ਆਦਮੀ ਪਾਰਟੀ, ਕਾਂਗਰਸ ਨੂੰ ਕਮਜ਼ੋਰ ਕਰਨ ਵਾਲੇ ਭਾਜਪਾ ਦੇ ਏਜੰਡੇ ’ਤੇ ਪਹਿਰਾ ਦੇ ਰਹੀ ਹੈ।
ਇਹ ਵੀ ਪੜ੍ਹੋ ਐਸ.ਸੀ ਵਿੰਗ ਦੇ ਅਹੁਦੇਦਾਰਾਂ ਨੇ ‘ਆਪ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਦਾ ਕੀਤਾ ਸਨਮਾਨ
ਅਕਾਲੀ-ਭਾਜਪਾ ਗਠਜੋੜ ਬਾਰੇ ਰਾਜਾ ਵੜਿੰਗ ਨੇ ਕਿਹਾ ਕਿ ਅਸਲ ਵਿਚ ਰਾਜਨੀਤੀ ਦੇ ਸਾਰੇ ਵੱਡੇ ਘਰਾਣੇ ਇਕੱਠੇ ਹਨ। ਭਾਜਪਾ ਕਦੇ ਵੀ ਅਕਾਲੀ ਦਲ ਤੋਂ ਵੱਖ ਨਹੀਂ ਹੋਈ, ਇਨ੍ਹਾਂ ਨੇ ਸਿਰਫ਼ ਵੱਖ ਹੋਣ ਦਾ ਡਰਾਮਾ ਕੀਤਾ ਸੀ। ਪੰਜਾਬ ਦੇ ਲੋਕ ਇਨ੍ਹਾਂ ਦੀ ਅਸਲੀਅਤ ਤੋਂ ਜਾਣੂ ਹਨ। ਯੂਨੀਫਾਰਮ ਸਿਵਲ ਕੋਡ ਬਾਰੇ ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਭਾਜਪਾ ਦੇ ਹਰ ਬਿੱਲ ਦਾ ਸਮਰਥਨ ਕੀਤਾ ਜਾਂਦਾ ਹੈ। ‘ਆਪ’ ਦੇ ਰਾਜ ਸਭਾ ਮੈਂਬਰ ਨੇ ਵੀ ਇਸ ਦੀ ਹਮਾਇਤ ਕੀਤੀ ਹੈ, ਉਹ ਅਰਵਿੰਦ ਕੇਜਰੀਵਾਲ ਦੀ ਮਨਜ਼ੂਰੀ ਬਿਨਾਂ ਨਹੀਂ ਬੋਲ ਸਕਦੇ ਪਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਵਿਰੋਧ ਕੀਤਾ ਹੈ। ਆਮ ਆਦਮੀ ਪਾਰਟੀ ਵਲੋਂ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ।