ਧੋਖਾਧੜੀ ਕੇਸ ’ਚ ਬਾਦਲ ਵਿਰੁਧ ਜਾਰੀ ਸੰਮਨ ਸੁਪਰੀਮ ਕੋਰਟ ਨੇ ਕੀਤੇ ਰੱਦ

ਏਜੰਸੀ

ਖ਼ਬਰਾਂ, ਪੰਜਾਬ

ਸ਼ਿਕਾਇਤਕਰਤਾ ਨੇ ਸ਼੍ਰੋਮਣੀ ਅਕਾਲੀ ਦਲ ’ਤੇ ਲਾਏ ਸਨ ਦੋ ਸੰਵਿਧਾਨ ਰੱਖਣ ਦੇ ਦੋਸ਼

photo

 

ਸੰਮਨ ਜਾਰੀ ਕਰਨਾ ਕਾਨੂੰਨੀ ਪ੍ਰਕਿਰਿਆ ਦੀ ਦੁਰਵਰਤੋਂ : ਸੁਪਰੀਮ ਕੋਰਟ

ਨਵੀਂ ਦਿੱਲੀ: ਧੋਖਾਧੜੀ ਦੇ ਇਕ ਕੇਸ ਵਿਚ ਹੇਠਲੀ ਅਦਾਲਤ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਆਗੂ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਵਿਰੁਧ ਜਾਰੀ ਕੀਤੇ ਸੰਮਨਾਂ ਨੂੰ ਸੁਪਰੀਮ ਕੋਰਟ ਵਲੋਂ ਰੱਦ ਕਰ ਦਿਤਾ ਗਿਆ ਹੈ।

ਸੁਖਬੀਰ ਸਿੰਘ ਬਾਦਲ, ਮਰਹੂਮ ਆਗੂ ਪ੍ਰਕਾਸ਼ ਸਿੰਘ ਬਾਦਲ ਅਤੇ ਦਲਜੀਤ ਸਿੰਘ ਚੀਮਾ ਵਿਰੁਧ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਇਕ ਅਦਾਲਤ ਵਿਚ ਕਥਿਤ ਜਾਅਲਸਾਜ਼ੀ ਅਤੇ ਧੋਖਾਧੜੀ ਦਾ ਕੇਸ ਚਲ ਰਿਹਾ ਹੈ। ਸੁਪਰੀਮ ਕੋਰਟ ’ਚ ਦਾਇਰ ਪਟੀਸ਼ਨ ਵਿਚ ਹੁਸ਼ਿਆਰਪੁਰ ਦੀ ਅਦਾਲਤ ਦੀ ਕਾਰਵਾਈ ਨੂੰ ਚੁਨੌਤੀ ਦਿਤੀ ਗਈ ਸੀ।

ਜਸਟਿਸ ਐਮ.ਆਰ. ਸ਼ਾਹ ਅਤੇ ਜਸਟਿਸ ਸੀ.ਟੀ. ਰਵੀ ਕੁਮਾਰ ਦੀ ਬੈਂਚ ਨੇ ਇਹ ਫੈਸਲਾ ਸੁਣਾਉਂਦਿਆਂ ਕਿਹਾ ਕਿ ਹੇਠਲੀ ਅਦਾਲਤ ਵਲੋਂ ਇਸ ਮਾਮਲੇ ਵਿਚ ਸੰਮਨ ਜਾਰੀ ਕਰਨਾ ਕਾਨੂੰਨੀ ਪ੍ਰਕਿਰਿਆ ਦੀ ਦੁਰਵਰਤੋਂ ਤੋਂ ਇਲਾਵਾ ਕੁਝ ਨਹੀਂ ਹੈ।

ਹੇਠਲੀ ਅਦਾਲਤ ਦੇ ਫੈਸਲੇ ਵਿਰੁਧ ਬਾਦਲ ਅਤੇ ਚੀਮਾ ਵਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਅਪੀਲ ਕੀਤੀ ਗਈ ਸੀ ਪਰ ਹਾਈ ਕੋਰਟ ਨੇ ਵੀ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਬਰਕਰਾਰ ਰਖਿਆ। ਇਸ ਤੋਂ ਬਾਅਦ ਅਗਸਤ 2021 ਵਿਚ ਬਾਦਲ ਅਤੇ ਚੀਮਾ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ, ਜਿੱਥੋਂ ਉਨ੍ਹਾਂ ਨੂੰ ਰਾਹਤ ਮਿਲੀ।

ਸਮਾਜ ਸੇਵੀ ਬਲਵੰਤ ਸਿੰਘ ਖੇੜਾ ਨੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਵਿਰੁਧ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ’ਚ ਖੇੜਾ ਨੇ ਬਾਦਲ ’ਤੇ ਧੋਖਾਧੜੀ, ਬੇਈਮਾਨੀ ਅਤੇ ਤੱਥਾਂ ਨੂੰ ਛੁਪਾਉਣ ਦੇ ਦੋਸ਼ ਲਾਏ ਸਨ। ਖੇੜਾ ਨੇ 2009 ਵਿਚ ਕੀਤੀ ਅਪਣੀ ਸ਼ਿਕਾਇਤ ਵਿਚ ਕਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਦੋ ਸੰਵਿਧਾਨ ਹਨ ਅਤੇ ਪਾਰਟੀ ਨੇ ਗੁਰਦੁਆਰਾ ਚੋਣ ਕਮਿਸ਼ਨ ਕੋਲ ਰਜਿਸਟ੍ਰੇਸ਼ਨ ਦੌਰਾਨ ਇਕ ਸੰਵਿਧਾਨ ਪੇਸ਼ ਕੀਤਾ ਸੀ, ਤਾਂ ਜੋ ਪਾਰਟੀ ਨੂੰ ਗੁਰਦੁਆਰਿਆਂ ਦਾ ਪ੍ਰਬੰਧ ਕਰਨ ਦਾ ਅਧਿਕਾਰ ਮਿਲ ਸਕੇ। ਜਦਕਿ ਦੂਜੇ ਪਾਸੇ ਦੂਜਾ ਸੰਵਿਧਾਨ ਚੋਣ ਕਮਿਸ਼ਨ ਕੋਲ ਜਮ੍ਹਾ ਹੈ, ਤਾਂ ਜੋ ਇਸ ਨੂੰ ਸਿਆਸੀ ਪਾਰਟੀ ਦਾ ਦਰਜਾ ਮਿਲ ਸਕੇ।