ਜੇ ਕੋਈ ਨਸ਼ਾ ਵੇਚ ਲੋਕਾਂ ਦੇ ਪੁੱਤ ਮਰਵਾਉਂਦਾ ਹੈ ਤਾਂ ਉਹ ਕਿਉਂ ਨਾ ਮਰੇ: ਸਿਕੰਦਰ ਸਿੰਘ ਮਲੂਕਾ  

ਏਜੰਸੀ

ਖ਼ਬਰਾਂ, ਪੰਜਾਬ

 ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਨਵੇਂ ਕਾਨੂੰਨ ਹੋਣ ਲਾਗੂ

Sangrur Sikander Singh Maluka Dealer

ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚ ਸੁਖਦੇਵ ਸਿੰਘ ਢੀਂਡਸਾ ਦੇ ਖਿਲਾਫ ਮੀਟਿੰਗਾਂ ਦਾ ਸਿਲਸਿਲਾ ਜਾਰੀ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸੰਗਰੂਰ ਦੇ ਗੁਰਦੁਆਰਾ ਸਾਹਿਬ ਨਾਨਕਿਆਣਾ ਵਿਖੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੱਲੋਂ  ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਦੌਰਾਨ ਮਲੂਕਾ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਪੰਜਾਬ ਦਾ ਨੁਕਸਾਨ ਕੀਤਾ ਹੈ ਕਿਉਂ ਕਿ ਗਰੀਬ ਲੋੜਵੰਦ ਲੋਕਾਂ ਦੇ ਨੀਲੇ ਰਾਸ਼ਨ ਕਾਰਡ ਕੱਟ ਦਿੱਤੇ ਹਨ। ਜਿਸ ਕਾਰਨ ਲੋਕਾ ਨੂੰ ਅੱਜ ਸੜਕਾਂ ਤੇ ਰੁਲਣਾ ਪੈ ਰਿਹਾ ਹੈ। ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਸ਼ਿਆਂ ਵੱਲ ਕੋਈ ਧਿਆਨ ਨਹੀਂ ਹੈ। ਨੌਜਵਾਨ ਵਰਗ ਨਸ਼ਿਆਂ ਦੀ ਦਲ-ਦਲ ਵਿੱਚ ਜਾ ਰਿਹਾ ਹੈ।

ਉੱਥੇ ਹੀ ਉਹਨਾਂ ਨੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਗਿਣਾਉਂਦੇ ਹੋਏ ਕਿਹਾ ਕਿ ਲਾਕਡਾਊਨ ਦੌਰਾਨ ਸਰਕਾਰ ਨੇ ਲੋਕਾਂ ਨੂੰ ਕੁੱਝ ਦਿੱਤਾ ਤਾਂ ਨਹੀਂ ਸਗੋਂ ਖੋਹਿਆ ਹੀ ਹੈ। ਸਾਰੀਆਂ ਚੀਜ਼ਾਂ ਮਹਿੰਗੀਆਂ ਕਰ ਦਿੱਤੀਆਂ ਗਈਆਂ, ਪੈਟਰੋਲ, ਡੀਜ਼ਲ, ਫ਼ੀਸਾਂ ਆਦਿ ਵਿਚ ਵੀ ਵਾਧਾ ਕੀਤਾ ਗਿਆ। ਮੁਲਾਜ਼ਮਾਂ ਦੀਆਂ ਤਨਖ਼ਾਹਾਂ ਘਟ ਕਰ ਦਿੱਤੀਆਂ ਗਈਆਂ, ਪੰਜਾਬ ਵਿਚ ਨਸ਼ਾ ਵੱਡੇ ਪੱਧਰ ਤੇ ਵਧ ਚੁੱਕਾ ਹੈ ਪਰ ਇਸ ਤੇ ਵੀ ਕੋਈ ਰੋਕ ਨਹੀਂ।

ਨਸ਼ਾ ਵੇਚਣ ਵਾਲਿਆਂ ਤੇ 302 ਮੁਕੱਦਮਾ ਦਰਜ ਕੀਤਾ ਜਾਵੇ ਤਾਂ ਕਿ ਇਹਨਾਂ ਨੂੰ ਵੀ ਪਤਾ ਲੱਗੇ ਕਿ ਜਿਹੜੇ ਲੋਕਾਂ ਦੇ ਪੁੱਤ ਮਰਵਾਉਂਦੇ ਹਨ ਉਹਨਾਂ ਨੂੰ ਫ਼ਾਂਸੀ ਦੀ ਸਜ਼ਾ ਹੋਵੇ। ਪੰਜਾਬ ਦੇ 3 ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਨੂੰ ਲੈ ਕੇ ਹੁਣ ਸਿਆਸਤ ਗਰਮ ਨਜ਼ਰ ਆ ਰਹੀ ਹੈ। ਪੰਜਾਬ ਦੇ ਮਾਝਾ ਖਿੱਤੇ ਨਾਲ ਸਬੰਧਤ ਤਿੰਨ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ ਤੇ ਤਾਰਨ ਤਾਰਨ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ ਘੱਟੋ-ਘੱਟ 104 ਮੌਤਾਂ ਹੋਈਆਂ ਹਨ।

ਸਭ ਤੋਂ ਪ੍ਰਭਾਵਿਤ ਜ਼ਿਲ੍ਹਾਂ ਤਰਨ ਤਾਰਨ ਹੈ। ਇਸ ਮਾਮਲੇ ਨਾਲ ਸੂਬੇ ਦੀ ਸਿਆਸਤ ਵੀ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਉੱਤੇ ਗੰਭੀਰ ਇਲਜ਼ਾਮ ਲਗਾਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ ਰਾਜ ਦੌਰਾਨ ਵੀ ਅਜਿਹੀਆਂ ਘਟਨਾਵਾਂ ਹੋਣ ਦੀ ਗੱਲ ਕਹੀ ਹੈ। ਜ਼ਹਿਰੀਲੀ ਸ਼ਰਾਬ ਪੀਣ ਨਾਲ ਗੁਰਦਾਸਪੁਰ 'ਚ ਹੁਣ ਤੱਕ 11 ਲੋਕਾਂ ਦੀ ਮੌਤ ਹੋ ਚੁੱਕੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow ਕਰੋ।