ਪੰਜਾਬ 'ਚ 66.70 ਲੱਖ ਤੋਂ ਵੱਧ ਨਸ਼ਾ ਪੀੜਤ, 'ਆਪ' ਹਾਲੇ ਵੀ ਨੀਂਦ ਤੋਂ ਨਹੀਂ ਜਾਗੀ: ਪ੍ਰਤਾਪ ਬਾਜਵਾ  

ਏਜੰਸੀ

ਖ਼ਬਰਾਂ, ਪੰਜਾਬ

ਇੱਕ ਰਿਪੋਰਟ ਮੁਤਾਬਿਕ ਪੰਜਾਬ 'ਚ 10 ਤੋਂ 17 ਸਾਲ ਦੀ ਉਮਰ ਦੇ 6.97 ਲੱਖ ਬੱਚੇ ਨਸ਼ਿਆਂ ਦੀ ਲਪੇਟ 'ਚ ਹਨ: ਵਿਰੋਧੀ ਧਿਰ ਦੇ ਆਗੂ 

Partap Singh Bajwa

ਚੰਡੀਗੜ੍ਹ  -  ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੱਤਾ 'ਚ ਆਉਣ ਦੇ 17 ਮਹੀਨੇ ਬਾਅਦ ਵੀ ਪੰਜਾਬ 'ਚ ਨਸ਼ਿਆਂ ਦੀ ਸਮੱਸਿਆ 'ਤੇ ਕਾਬੂ ਪਾਉਣ 'ਚ ਪੂਰੀ ਤਰਾਂ ਅਸਫਲ ਰਹਿਣ 'ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ।

ਪੰਜਾਬ ਵਿੱਚ ਨਸ਼ਿਆਂ ਦੀ ਦੁਰਵਰਤੋਂ ਨਾਲ ਸਬੰਧਿਤ ਤਾਜ਼ਾ ਰਿਪੋਰਟ ਦਾ ਹਵਾਲਾ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ 66.70 ਲੱਖ ਤੋਂ ਵੱਧ ਨਸ਼ਾ ਪੀੜਤ ਹਨ। ਸਥਿਤੀ ਚਿੰਤਾਜਨਕ ਹੈ ਕਿਉਂਕਿ ਪੰਜਾਬ ਵਿੱਚ 10-17 ਸਾਲ ਦੀ ਉਮਰ ਦੇ 6.97 ਲੱਖ ਬੱਚੇ ਨਸ਼ਿਆਂ ਦੀ ਲਪੇਟ ਵਿੱਚ ਹਨ। ਇਨ੍ਹਾਂ 'ਚੋਂ 18,100 ਬੱਚੇ ਕੋਕੀਨ ਦਾ ਸੇਵਨ ਕਰ ਰਹੇ ਹਨ। ਲਗਭਗ 3.43 ਲੱਖ ਬੱਚੇ ਓਪੀਓਇਡ ਡਰੱਗਜ਼ ਲੈ ਰਹੇ ਹਨ ਜਿਸ ਵਿੱਚ ਹੀਰੋਇਨ ਵੀ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਇਹ ਬਹੁਤ ਨਿਰਾਸ਼ਾਜਨਕ ਹੈ ਕਿ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਬੱਚੇ ਅਤੇ ਔਰਤਾਂ ਨਸ਼ਿਆਂ ਦੇ ਆਦੀ ਹੋ ਰਹੇ ਹਨ। ਨਸ਼ਿਆਂ ਦੀ ਓਵਰਡੋਜ਼ ਨਾਲ ਹੋਣ ਵਾਲੀਆਂ ਮੌਤਾਂ ਲਗਭਗ ਹਰ ਰੋਜ਼ ਖ਼ਬਰਾਂ ਦੀਆਂ ਸੁਰਖ਼ੀਆਂ ਬਣਦੀਆਂ ਹਨ। ਬਾਜਵਾ ਨੇ ਕਿਹਾ ਕਿ 'ਆਪ' ਸਰਕਾਰ ਅਜੇ ਵੀ ਡੂੰਘੀ ਨੀਂਦ ਤੋਂ ਨਹੀਂ ਜਾਗੀ ਹੈ।

ਬਾਜਵਾ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਭੁਲੱਥ ਦੇ ਦੋ ਨੌਜਵਾਨਾਂ ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਪੁਲਿਸ ਨੇ ਅਜੇ ਤੱਕ ਐਫਆਈਆਰ ਦਰਜ ਨਹੀਂ ਕੀਤੀ ਹੈ। ਹਾਲ ਹੀ 'ਚ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ 'ਚ ਇੱਕ ਔਰਤ ਨੂੰ ਨਸ਼ੇ ਦਾ ਟੀਕਾ ਲਗਾਉਂਦੇ ਹੋਏ ਦੇਖਿਆ ਜਾ ਸਕਦਾ ਹੈ।

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਇਹ 'ਆਪ' ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਨ, ਜਿਨ੍ਹਾਂ ਨੇ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਵੱਡੇ-ਵੱਡੇ ਦਾਅਵੇ ਕੀਤੇ ਸਨ ਕਿ ਸਰਕਾਰ ਬਣਨ ਦੇ ਚਾਰ ਮਹੀਨਿਆਂ ਦੇ ਅੰਦਰ ਸੂਬੇ ਤੋਂ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰ ਦਿੱਤਾ ਜਾਵੇਗਾ। ਇਸ ਦੌਰਾਨ 'ਆਪ' ਨੂੰ ਸੂਬੇ 'ਚ ਸੱਤਾ 'ਤੇ ਕਾਬਜ਼ ਹੋਏ ਕਰੀਬ 17 ਮਹੀਨੇ ਹੋ ਗਏ ਹਨ। ਉਨ੍ਹਾਂ ਦੇ ਸਾਰੇ ਬਿਆਨ ਖੋਖਲੇ ਸਾਬਤ ਹੋਏ ਹਨ ਕਿਉਂਕਿ ਪੰਜਾਬ ਵਿੱਚ ਨਸ਼ਿਆਂ ਦੀ ਦੁਰਵਰਤੋਂ ਤੇਜ਼ੀ ਨਾਲ ਵੱਧ ਰਹੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਨਸ਼ਿਆਂ ਦੀ ਦੁਰਵਰਤੋਂ ਨਾ ਸਿਰਫ਼ ਕਾਨੂੰਨ ਵਿਵਸਥਾ ਦਾ ਮੁੱਦਾ ਹੈ ਬਲਕਿ ਇਹ ਇੱਕ ਸਮਾਜਿਕ ਮੁੱਦਾ ਵੀ ਹੈ। ਹਾਲਾਂਕਿ, ਪਿਛਲੇ 17 ਮਹੀਨਿਆਂ ਵਿੱਚ 'ਆਪ' ਸਰਕਾਰ ਨੇ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਕੋਈ ਰੋਡਮੈਪ ਵੀ ਤਿਆਰ ਨਹੀਂ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਨਸ਼ਿਆਂ ਦੀ ਸਮੱਸਿਆ 'ਤੇ ਲਗਾਮ ਲਗਾਉਣ ਲਈ ਹੁਣ ਤੱਕ ਕੀ ਕੀਤਾ ਹੈ।