''ਰਾਹੁਲ ਗਾਂਧੀ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ'', ਮੋਦੀ ਸਰਨੇਮ ਮਾਮਲੇ 'ਚ ਭੁਪਿੰਦਰ ਹੁੱਡਾ ਦਾ ਬਿਆਨ 

ਏਜੰਸੀ

ਖ਼ਬਰਾਂ, ਪੰਜਾਬ

ਆਖਰੀ ਫੈਸਲਾ ਵੀ ਰਾਹੁਲ ਗਾਂਧੀ ਦੇ ਹੱਕ ਵਿਚ ਹੀ ਆਵੇਗਾ - ਭੁਪਿੰਦਰ ਹੁੱਡਾ

Bhupinder Singh Hooda

ਚੰਡੀਗੜ੍ਹ - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਰਾਹੁਲ ਗਾਂਧੀ ਦੇ ਮਾਮਲੇ ਵਿਚ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਪੜ੍ਹ ਕੇ ਪਤਾ ਲੱਗਿਆ ਹੈ ਕਿ ਇਹ ਸੁਪਰੀਮ ਕੋਰਟ ਅੱਗੇ ਨਹੀਂ ਟਿਕੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਆਖਰੀ ਫੈਸਲਾ ਵੀ ਰਾਹੁਲ ਗਾਂਧੀ ਦੇ ਹੱਕ ਵਿਚ ਹੀ ਆਵੇਗਾ ਕਿਉਂਕਿ ਅਜਿਹਾ ਫੈਸਲਾ ਮਾਨਹਾਨੀ ਦੇ ਮਾਮਲੇ ਵਿਚ ਕਦੇ ਨਹੀਂ ਆਇਆ। ਇਸ ਫ਼ੈਸਲੇ ਤੋਂ ਸਪੱਸ਼ਟ ਸੰਦੇਸ਼ ਹੈ ਕਿ ਰਾਹੁਲ ਗਾਂਧੀ ਜੀ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। 

ਕਾਂਗਰਸ ਦੇ ਸੂਬਾ ਪ੍ਰਧਾਨ ਚੌਧਰੀ ਉਦੈਭਾਨ ਦੇ ਨਾਲ ਨਵੀਂ ਦਿੱਲੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੁੱਡਾ ਨੇ ਕਿਹਾ ਕਿ ਮੇਵਾਤ ਹਿੰਸਾ ਭਾਜਪਾ-ਜੇਜੇਪੀ ਸਰਕਾਰ ਦੀ ਨਾਕਾਮੀ ਦਾ ਨਤੀਜਾ ਹੈ। ਜੇਕਰ ਸਰਕਾਰ ਨੇ ਸਮੇਂ ਸਿਰ ਕਦਮ ਚੁੱਕੇ ਹੁੰਦੇ ਤਾਂ ਇਹ ਹਿੰਸਾ ਨਹੀਂ ਹੋਣੀ ਸੀ। ਕਾਂਗਰਸ ਨੇ ਹਾਈ ਕੋਰਟ ਦੀ ਨਿਗਰਾਨੀ ਹੇਠ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ। ਭਾਜਪਾ ਆਗੂ ਅਤੇ ਕੇਂਦਰ ਵਿੱਚ ਮੰਤਰੀ ਰਾਓ ਇੰਦਰਜੀਤ ਸਿੰਘ ਨੇ ਵੀ ਇਸ ਮਾਮਲੇ ਵਿਚ ਵੱਡੀ ਕੁਤਾਹੀ ਹੋਣ ਦੀ ਗੱਲ ਸਵੀਕਾਰ ਕੀਤੀ ਹੈ। 

ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਸਰਕਾਰ ਮਾਮਲੇ ਦੀ ਸੰਵੇਦਨਸ਼ੀਲਤਾ ਅਤੇ ਸਥਿਤੀ ਨੂੰ ਸਮਝਣ ਅਤੇ ਇਹਤਿਆਤੀ ਕਦਮ ਚੁੱਕਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਸਥਾਨਕ ਪੁਲਿਸ ਨੇ ਪਹਿਲਾਂ ਹੀ ਸਰਕਾਰ ਨੂੰ ਤਣਾਅਪੂਰਨ ਸਥਿਤੀ ਦੀ ਸੂਚਨਾ ਦੇ ਦਿੱਤੀ ਸੀ। ਇਸ ਦੇ ਬਾਵਜੂਦ ਸਰਕਾਰ ਵੱਲੋਂ ਯੋਗ ਕਦਮ ਨਹੀਂ ਚੁੱਕੇ ਗਏ। 

ਹੁੱਡਾ ਨੇ ਕਿਹਾ ਕਿ ਮੁੱਖ ਮੰਤਰੀ ਦਾ ਇਹ ਬਿਆਨ ਕਿ ਉਹ ਹਰ ਨਾਗਰਿਕ ਨੂੰ ਸੁਰੱਖਿਆ ਪ੍ਰਦਾਨ ਕਰਨ ਵਿੱਚ ਅਸਮਰੱਥ ਹਨ, ਮੰਦਭਾਗਾ ਹੈ। ਹਰੇਕ ਨਾਗਰਿਕ ਨੂੰ ਸੁਰੱਖਿਆ ਪ੍ਰਦਾਨ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।