ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੇਸ਼ ਹੋਏ ਸੁਖਬੀਰ ਬਾਦਲ, 19 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ   

ਏਜੰਸੀ

ਖ਼ਬਰਾਂ, ਪੰਜਾਬ

ਇਸ ਮਾਮਲੇ ਵਿੱਚ ਨਾਮਜ਼ਦ ਬਾਕੀ ਮੁਲਜ਼ਮ ਆਪਣੀ ਹਾਜ਼ਰੀ ਮਾਫ਼ ਕਰਵਾਉਣ ਦੇ ਚਲੱਦਿਆਂ ਪੇਸ਼ ਨਹੀਂ ਹੋਏ

Sukhbir Badal

ਫਰੀਦਕੋਟ - ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ ਫਰੀਦਕੋਟ ਦੀ ਅਦਾਲਤ ਵਿਚ ਹੋਈ। ਇਸ ਕੇਸ ਵਿਚ ਮੁਲਜ਼ਮ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ,  ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਅਤੇ ਸਾਬਕਾ ਡੀਆਈਜੀ ਅਮਰ ਸਿੰਘ ਚਾਹਲ ਅਦਾਲਤ ਵਿਚ ਪੇਸ਼ ਹੋਏ। ਇਸ ਦੌਰਾਨ ਹੋਰ ਮੁਲਜ਼ਮਾਂ ਨੇ ਪੇਸ਼ ਹੋਣ ਸਬੰਧੀ ਬਹਾਨਾ ਲਾਇਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 19 ਅਗਸਤ ਨੂੰ ਹੋਵੇਗੀ।   

ਪੇਸ਼ੀ ਤੋਂ ਬਾਹਰ ਆ ਕੇ ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਕੀਤੀ ਤੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ (ਦੋਵੇਂ ਕਿਸਾਨ ਵਿਰੋਧੀ ਪਾਰਟੀਆਂ) ਹੁਣ ਇੱਕਠੀਆਂ ਹੋ ਕੇ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਵਾਲੇ ਫ਼ੈਸਲੇ ਸਾਂਝੇ ਤੌਰ 'ਤੇ ਲੈ ਰਹੀਆਂ ਹਨ, ਜਿਸ ਦਾ ਸ਼੍ਰੋਮਣੀ ਅਕਾਲੀ ਦਲ ਪੂਰੀ ਤਨਦੇਹੀ ਨਾਲ ਵਿਰੋਧ ਕਰੇਗਾ ਅਤੇ ਉਹਨਾਂ ਦੇ ਫੈ਼ਸਲੇ ਕਿਸੇ ਹਾਲ ਵਿਚ ਲਾਗੂ ਨਹੀਂ ਹੋਣ ਦੇਵੇਗਾ।

ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ ਵਿਚ 2 ਐਫਆਈਆਰ 129/18 ਅਤੇ 192/15 ਦਰਜ ਹਨ। ਇਸ ਮਾਮਲੇ ਵਿਚ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਇੱਕ ਦਿਨ ਪਹਿਲਾਂ 2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਸੀ। ਇਸ ਤੋਂ ਪਹਿਲਾਂ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ। 

ਚਲਾਨ ਵਿਚ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ , ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਨੂੰ ਮੁਲਜ਼ਮ ਵਜੋਂ ਨਾਮਜ਼ਦ ਹਨ।