Amritsar News : ਪੰਜ ਤਖ਼ਤ ਸਾਹਿਬਾਨ ਦੀ ਰੇਲ ਯਾਤਰਾ ਗੱਡੀ ਨੇ ਅੰਮ੍ਰਿਤਸਰ ਤੋਂ ਜੈਕਾਰਿਆਂ ਦੀ ਗੂੰਜ ’ਚ ਕੀਤੀ ਵਾਪਸੀ ਰਵਾਨਗੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗਿਆਨੀ ਰਘਬੀਰ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਸੁਲਤਾਨ ਸਿੰਘ ਤੇ ਬਾਬਾ ਬਲਬੀਰ ਸਿੰਘ ਨੇ ਭਰੀ ਹਾਜ਼ਰੀ

Panj Takht Sahib special train

Amritsar News : ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਬੀਤੇ ਦਿਨੀਂ ਪੰਜ ਤਖ਼ਤਾਂ ਦੇ ਦਰਸ਼ਨਾਂ ਲਈ ਨਗਰ ਕੀਰਤਨ ਦੇ ਰੂਪ ਵਿਚ ਚੱਲੀ ਵਿਸ਼ੇਸ਼ ਰੇਲ ਯਾਤਰਾ ਦਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਵਾਪਸ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ ਹੋਈ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਦੇ ਰੂਪ ਵਿਚ ਰਵਾਨਗੀ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਤਖ਼ਤਾਂ ਦੀ ਯਾਤਰਾ ਲਈ ਆਈਆਂ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਿੱਖ ਪੰਥ ਅੰਦਰ ਪੰਜ ਤਖ਼ਤਾਂ ਦੀ ਆਪਣੀ ਮਹਾਨਤਾ ਹੈ ਅਤੇ ਹਰ ਸਿੱਖ ਤਖ਼ਤਾਂ ਦੇ ਦਰਸ਼ਨਾਂ ਦੀ ਤਾਂਘ ਰੱਖਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਗਤਾਂ ਨੇ ਵਿਸ਼ੇਸ਼ ਰੇਲ ਰਾਹੀਂ ਨਗਰ ਕੀਰਤਨ ਦੇ ਰੂਪ ਵਿਚ ਪੰਜ ਤਖ਼ਤਾਂ ਦੇ ਦਰਸ਼ਨ ਕੀਤੇ ਹਨ, ਜੋ ਵਡਭਾਗੇ ਹਨ।

ਨਗਰ ਕੀਰਤਨ ਦੀ ਰਵਾਨਗੀ ਮੌਕੇ ਪੁਲਿਸ ਪਾਰਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਦਿਆਂ ਸਲਾਮੀ ਦਿੱਤੀ ਅਤੇ ਨਿਹੰਗ ਜਥੇਬੰਦੀਆਂ ਵੱਲੋਂ ਹਾਥੀ, ਘੋੜਿਆਂ ਸਮੇਤ ਖਾਲਸਈ ਜਾਹੋ-ਜਲਾਲ ਨਾਲ ਸ਼ਮੂਲੀਅਤ ਕੀਤੀ ਗਈ।