Punjab Floods 2025: Union Minister ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਨੂੰ ਦੱਸਿਆ ਦੇਸ਼ ਦਾ ਮਾਣ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ : ਸੰਕਟ ਦੀ ਇਸ ਘੜੀ 'ਚ ਕੇਂਦਰ ਸਰਕਾਰ ਪੰਜਾਬ ਦੇ ਨਾਲ

Union Minister Shivraj Singh Chouhan called Punjab the pride of the country

ਅੰਮ੍ਰਿਤਸਰ : ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪੰਜਾਬ ’ਚ ਆਏ ਹੜ੍ਹਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਪਹੁੰਚੇ। ਉਨ੍ਹਾਂ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਨੂੰ ਦੇਸ਼ ਦਾ ਮਾਣ ਦੱਸਿਆ। ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ’ਤੇ ਕੋਈ ਸੰਕਟ ਆਇਆ ਤਾਂ ਸਭ ਤੋਂ ਪਹਿਲਾਂ ਪੰਜਾਬ ਨੇ ਹਰ ਸੰਕਟ ਨੂੰ ਆਪਣੇ ਸੀਨੇ ’ਤੇ ਹੰਢਾਇਆ ਹੈ। ਉਨ੍ਹਾਂ ਕਿਹਾ ਪੰਜਾਬ ਇਸ ਸਮੇਂ ਬਹੁਤ ਵੱਡੇ ਸੰਕਟ ਵਿਚੋਂ ਲੰਘ ਰਿਹਾ ਹੈ ਅਤੇ ਪੰਜਾਬ ਦੇ 1400 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਹੇਠ ਹਨ। ਜਿੱਥੇ ਪੰਜਾਬ ਦੇ ਲੋਕਾਂ ਦੇ ਘਰਾਂ, ਪਸ਼ੂਆਂ ਅਤੇ ਖੇਤੀਬਾੜੀ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ’ਚ ਕੇਂਦਰ ਸਰਕਾਰ ਪੰਜਾਬ ਦੇ ਨਾਲ ਹੈ।

ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੰਜਾਬ ਦੇ ਪੰਜ ਜ਼ਿਲਿ੍ਹਆਂ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਫਿਰੋਜ਼ਪੁਰ ਵਿਚ ਹੜ੍ਹਾਂ ਦੀ ਸਥਿਤੀ ਬਾਰੇ ਇਕ ਵਿਸੇਸ਼ ਰਿਪੋਰਟ ਸੌਂਪੀ। ਰਾਜਪਾਲ ਨੇ ਕੇਂਦਰੀ ਮੰਤਰੀ ਨੂੰ ਇਨ੍ਹਾਂ ਜ਼ਿਲਿ੍ਹਆਂ ਵਿਚ ਹੜ੍ਹਾਂ ਕਾਰਨ ਹੋਏ ਜਾਨ-ਮਾਲ, ਫਸਲਾਂ ਅਤੇ ਬੁਨਿਆਦੀ ਢਾਂਚੇ ਦੇ ਹੋਏ ਵਿਆਪਕ ਨੁਕਸਾਨ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ, ਫੌਜ, ਐਨ.ਡੀ.ਆਰ.ਐਫ ਅਤੇ ਹੋਰ ਏਜੰਸੀਆਂ ਵੱਲੋਂ ਸਾਂਝੇ ਤੌਰ ’ਤੇ ਚਲਾਏ ਜਾ ਰਹੇ ਰਾਹਤ ਕਾਰਜਾਂ ਅਤੇ ਪੁਨਰਵਾਸ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ।

ਪੰਜਾਬ ਦੇ ਖੇਤੀਬਾੜ ਮੰਤਰੀ ਗੁਰਮੀਤ ਸਿੰਘ ਖੁਡੀਆ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵੀ ਸ਼ਿਵਰਾਜ ਸਿੰਘ ਚੌਹਾਨ ਨੂੰ ਅਜਨਾਲਾ ਵਿਚ ਹੜ੍ਹ ਨਾਲ ਹੋਏ ਨੁਕਸਾਨ ਦੀ ਤੁਰੰਤ ਭਰਪਾਈ ਲਈ ਪਹਿਲੇ ਪੜਾਅ ਵਿਚ 2000 ਕਰੋੜ ਰੁਪਏ ਰਾਹਤ ਪੈਕਜ ਦੇਣ ਲਈ ਮੰਗ ਪੱਤਰ ਦਿੱਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਦੇ ਬਕਾਇਆ 60,000 ਕਰੋੜ ਰੁਪਏ ਕੇਂਦਰ ਸਰਕਾਰ ਤੋਂ ਤੁਰੰਤ ਜਾਰੀ ਕਰਵਾਉਣ ਲਈ ਵੀ ਮੰਗ ਪੱਤਰ ਦਿੱਤਾ ਗਿਆ ਹੈ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹੜ੍ਹਾਂ ਦੀ ਮਾਰ ਹੇਠ ਆਏ ਪੰਜਾਬ ਨੂੰ ਮੁੜ ਪੈਰਾਂ ਸਿਰ ਖੜ੍ਹਾ ਕਰਨ ਲਈ ਪੈਸੇ ਦੀ ਬਹੁਤ ਲੋੜ ਹੈ।