"ਅਸੀਂ ਸਰਕਾਰ ਦੇ ਨੱਕ 'ਚ ਦਮ ਕਰਕੇ ਹਟਾਂਗੇ" ਆਂਗਣਵਾੜੀ ਵਰਕਰ
ਆਂਗਣਵਾੜੀ ਵਰਕਰਾਂ ਨੇ ਕੈਪਟਨ ਸਰਕਾਰ ਦਾ ਫੂਕਿਆ ਪੁਤਲਾ
ਮੁਕਤਸਰ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਸ੍ਰੀ ਮੁਕਤਸਰ ਸਾਹਿਬ ਵੱਲੋਂ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਟ੍ਰੈਫਿਕ ਜਾਮ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਰਕਰਾਂ ਅਤੇ ਹੈਲਪਰਾਂ ਨੂੰ ਉਹਨਾਂ ਦਾ ਬਣਦਾ ਹੱਕ ਨਹੀ ਦੇ ਰਹੀ ਅਤੇ ਉਹਨਾਂ ਨੂੰ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।
ਉੱਥੇ ਹੀ ਉਹਨਾਂ ਦੱਸਿਆ ਕਿ ਕਰੀਬ ਇਕ ਸਾਲ ਪਹਿਲਾਂ ਕੇਂਦਰ ਸਰਕਾਰ ਨੇ ਵਰਕਰਾਂ ਤੇ ਹੈਲਪਰਾਂ ਦੇ ਮਾਣਭੱਤੇ ਵਿਚ ਕ੍ਰਮਵਾਰ 1500 ਰੁਪਏ ਅਤੇ 750 ਰੁਪਏ ਦਾ ਵਾਧਾ ਕੀਤਾ ਸੀ ਜਿਸ ਨੂੰ ਪੂਰਾ ਨਹੀਂ ਕੀਤਾ ਗਿਆ। ਇੱਥੋਂ ਤੱਕ ਪੋਸ਼ਣ ਅਭਿਆਨ ਦੇ ਪੈਸੇ ਵੀ ਪਿਛਲੇ ਦੋ ਸਾਲਾਂ ਤੋਂ ਨਹੀ ਦਿੱਤੇ ਗਏ।
ਉੱਥੇ ਹੀ ਇਸ ਮੌਕੇ ‘ਤੇ ਬੁਲਾਰਿਆਂ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਚਾਰ ਵੱਡੀਆਂ ਰੋਸ ਰੈਲੀਆਂ ਜਲਾਲਾਬਾਦ, ਦਾਖਾ, ਫਗਵਾੜਾ ਤੇ ਮੁਕੇਰੀਆਂ ਵਿਖੇ ਕੀਤੀਆਂ ਜਾਣਗੀਆਂ। ਇਸ ਸਮੇਂ ਯੂਨੀਅਨ ਦੀਆਂ ਆਗੂਆਂ ਨੇ ਪੰਜਾਬ ਸਰਕਾਰ ਦੇ ਨਾਮ ਤਹਿਸੀਲਦਾਰ ਨੂੰ ਮੰਗ ਪੱਤਰ ਵੀ ਦਿੱਤਾ।ਦੱਸ ਦੇਈਏ ਕਿ ਇਹ ਕੋਈ ਅਜਿਹਾ ਪਹਿਲਾ ਮਾਮਲਾ ਨਹੀਂ ਹੈ।
ਇਸ ਤੋਂ ਪਹਿਲਾ ਵੀ ਕਈ ਆਂਗਣਵਾੜੀ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਰੋਸ ਪ੍ਰਦਰਸ਼ਨ ਕੀਤੇ ਜਾ ਚੁੱਕੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ‘ਤੇ ਵਰਕਰਾਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦਾ ਕੀ ਅਸਰ ਹੁੰਦਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।