ਰਾਹੁਲ ਗਾਂਧੀ ਦੇ ਸਵਾਗਤ ਲਈ ਅੰਮ੍ਰਿਤਸਰ ਤੋਂ ਰਵਾਨਾ ਹੋਏ ਸਿੱਧੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਖੇਤੀ ਕਾਨੂੰਨ ਖ਼ਿਲਾਫ਼ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਅੱਜ ਤੋਂ

Rahul Gandhi and Navjot Sidhu

ਅੰਮ੍ਰਿਤਸਰ: ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅੱਜ ਪੰਜਾਬ ਵਿਚ ਟਰੈਕਟਰ ਰੈਲੀ ਕੱਢਣ ਆ ਰਹੇ ਹਨ। ਉਨ੍ਹਾਂ ਦਾ ਸਵਾਗਤ ਕਰਨ ਲਈ ਪੰਜਾਬ ਕੈਬਨਿਟ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਤੋਂ ਰਵਾਨਾ ਹੋ ਗਏ ਹਨ।

ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੌਰਾਨ ਸਾਬਕਾ ਮੰਤਰੀ ਨਵਜੌਤ ਸਿੰਘ ਸਿੱਧੂ ਤੋਂ ਇਲਾਵਾ ਬਾਗ਼ੀ ਤੇਵਰ ਦਿਖਾਉਣ ਵਾਲੇ ਦੋ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸੇਰ ਸਿੰਘ ਦੂਲੋ ਵੀ ਵੇਖੇ ਜਾ ਸਕਦੇ ਹਨ। ਰਾਹੁਲ ਗਾਂਧੀ ਦੀ ਰੈਲੀ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਵਰਕਰਾਂ ਵਿਚ ਵੀ ਭਾਰੀ ਜੋਸ਼ ਪਾਇਆ ਜਾ ਰਿਹਾ ਹੈ। 

ਦੱਸ ਦਈਏ ਕਿ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਜਾ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਵੀ ਸਨ।

ਰਾਹੁਲ ਗਾਂਧੀ ਨੇ ਸੂਬੇ ਦੇ 3 ਪ੍ਰਮੁੱਖ ਜ਼ਿਲ੍ਹਿਆਂ ਸੰਗਰੂਰ, ਲੁਧਿਆਣਾ ਅਤੇ ਪਟਿਆਲਾ ’ਚ ਜਾਣਾ ਹੈ। ਇਨ੍ਹਾਂ 3 ਜ਼ਿਲ੍ਹਿਆਂ ’ਚ ਰੂਟ ਪਲਾਨ ਨੂੰ ਵੇਖਦਿਆਂ ਰਾਹੁਲ ਗਾਂਧੀ ਦੀ ਸੁਰੱਖਿਆ ਨੂੰ ਲੈ ਕੇ ਦਿਨਕਰ ਗੁਪਤਾ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਉਨ੍ਹਾਂ ਐੱਸ. ਐੱਸ. ਪੀ. ਪੱਧਰ ਦੇ ਸੀਨੀਅਰ ਅਧਿਕਾਰੀਆਂ ਨੂੰ ਰਾਹੁਲ ਗਾਂਧੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੌਂਪੀ। ਟਰੈਕਟਰ ਰੈਲੀ ਦੌਰਾਨ ਇਸ ਗੱਲ ਦਾ ਧਿਆਨ ਰੱਖਿਆ ਜਾਵੇਗਾ ਕਿ ਸੁਰੱਖਿਆ ਵਿਵਸਥਾ ਅਤਿਅੰਤ ਮਜ਼ਬੂਤ ਹੋਵੇ ਕਿਉਂਕਿ ਟਰੈਕਟਰ ’ਤੇ ਰਾਹੁਲ ਗਾਂਧੀ ਦੇ ਨਾਲ-ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਸੀਨੀਅਰ ਨੇਤਾ ਵੀ ਵਿਰਾਜਮਾਨ ਹੋਣਗੇ।