ਖੇਤੀ ਕਾਨੂੰਨ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੇ ਬੰਦ ਕੀਤਾ ਟੋਲ ਪਲਾਜ਼ਾ NH-54

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨ ਯੂਥ ਏਕਤਾ ਦੇ ਸਾਂਝੇ ਮੰਚ ਵੱਲੋਂ ਲਗਾਇਆ ਗਿਆ ਧਰਨਾ

Toll Plaza NH-54 closed by farmers' against agriculture law

ਤਰਨਤਾਰਨ (ਦਿਲਬਾਗ ਸਿੰਘ): ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਨਵੇਂ ਖੇਤੀ ਕਾਨੂੰਨ ਦਾ ਪੂਰੇ ਪੰਜਾਬ ਵਿਚ ਵਿਰੋਧ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸੂਬੇ ਦੀਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਜੇਲ ਭਰੋ ਅੰਦੋਲਨ, ਰੇਲ ਰੋਕੋ ਅੰਦੋਲਨ ਅਤੇ ਚੱਕੇ ਜਾਮ ਕੀਤੇ ਜਾ ਰਹੇ ਹਨ।

ਭਾਰੀ ਵਿਰੋਧ ਦੇ ਬਾਵਜੂਦ ਵੀ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਆਵਾਜ਼ ਨਾ ਸੁਣੀ, ਜਿਸ ਕਾਰਨ ਕਿਸਾਨ ਜਥੇਬੰਦੀਆਂ ਦਾ ਰੋਸ ਦਿਨੋ ਦਿਨ ਵਧਦਾ ਜਾ ਰਿਹਾ ਹੈ।
ਹੁਣ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਦੇ ਟੋਲ ਪਲਾਜ਼ਿਆਂ ਨੂੰ ਬੰਦ ਕਰਕੇ ਉਸ 'ਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੇ ਤਹਿਤ ਅੱਜ ਕਿਸਾਨ ਜਥੇਬੰਧੀਆਂ ਵਲੋਂ ਜ਼ਿਲ੍ਹਾ ਤਰਨਤਾਰਨ ਦੇ ਨਜ਼ਦੀਕ ਪੈਂਦੇ ਟੋਲ ਪਲਾਜ਼ਾ ਐੱਨ ਐਚ 54 ਨੂੰ ਬੰਦ ਕਰ ਦਿੱਤਾ ਗਿਆ,  ਜਿਸ ਦਾ ਸਮਰਥਨ ਬਾਰ ਅਸ਼ੀਸ਼ੇਸ਼ਨ ਵੱਲੋਂ ਵੀ ਕੀਤਾ ਗਿਆ।

ਇਸ ਮੌਕੇ ਕਿਸਾਨ ਜਥੇਬੰਦੀ ਦੇ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਫੈਂਸਲੇ ਦੇ ਵਿਰੋਧ ਵਿਚ ਕਿਸਾਨ ਜਥੇਬੰਦੀ ਵਲੋਂ ਨੈਸ਼ਨਲ ਹਾਈਵੇ 'ਤੇ ਟੋਲ ਪਲਾਜਾ ਨੂੰ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਕੇਂਦਰ ਸਰਕਾਰ ਕਿਸਾਨ ਮਾਰੂ ਬਿਲਾਂ ਨੂੰ ਰੱਦ ਨਹੀਂ ਕਰ ਦਿੰਦੀ।

ਆਮ ਜਨਤਾ ਨੂੰ ਧਿਆਨ ਵਿਚ ਰੱਖਦਿਆਂ ਰਸਤੇ ਨੂੰ ਖੁੱਲ੍ਹਾ ਰੱਖਿਆ ਗਿਆ ਹੈ, ਪਰ ਟੋਲ ਪਲਾਜ਼ਾ 'ਤੇ ਪੈਸਿਆਂ ਦਾ ਲੈਣ-ਦੇਣ ਬੰਦ ਕੀਤਾ ਗਿਆ ਹੈ। ਕਿਸਾਨ ਆਗੂ ਨੇ ਦੱਸਿਆ ਕਿ ਇਹ ਧਰਨਾ ਕਿਸਾਨ ਯੂਥ ਏਕਤਾ ਦੇ ਸਾਂਝੇ ਮੰਚ ਵੱਲੋਂ ਲਗਾਇਆ ਗਿਆ ਹੈ। ਇਹ ਧਰਨਾ ਕਿਸਾਨਾਂ ਅਤੇ ਆਮ ਲੋਕਾਂ ਖਿਲਾਫ਼ ਬਣਾਏ ਗਏ ਕਾਨੂੰਨ ਨੂੰ ਰੱਦ ਕਰਵਾਉਣ ਲਈ ਲਗਾਇਆ ਜਾ ਰਿਹਾ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਇਹ ਧਰਨਾ ਅਣਮਿੱਥੇ ਸਮੇਂ ਲਈ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਮੋਦੀ ਸਰਕਾਰ ਇਹਨਾਂ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ। ਇਸ ਦੇ ਨਾਲ ਹੀ ਕਿਸਾਨ ਆਗੂ ਨੇ ਕਿਹਾ ਕਿ ਇਹ ਧਰਨਾ ਕਿਸਾਨਾਂ, ਨੌਜਵਾਨਾਂ ਅਤੇ ਬਾਰ ਐਸੋਸੀਏਸ਼ਨ ਵੱਲੋਂ ਲਗਾਇਆ ਗਿਆ ਹੈ ਅਤੇ ਇੱਥੇ ਸਿਆਸੀ ਪਾਰਟੀਆਂ ਨੂੰ ਸੱਦਾ ਨਹੀਂ ਦਿੱਤਾ ਗਿਆ ਹੈ।