ਅਮਨ ਅਰੋੜਾ ਵੱਲੋਂ ਲੋਕਾਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਨਿੱਘੀ ਵਧਾਈ 

ਏਜੰਸੀ

ਖ਼ਬਰਾਂ, ਪੰਜਾਬ

ਸਾਨੂੰ ਸਾਰਿਆਂ ਨੂੰ ਆਦਰਸ਼ ਸਮਾਜ ਦੀ ਸਿਰਜਣਾ ਲਈ ਮਰਿਯਾਦਾ-ਪਰਸ਼ੋਤਮ ਭਗਵਾਨ ਰਾਮ ਵੱਲੋਂ ਦਿਖਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ।

Aman Arora


ਚੰਡੀਗੜ੍ਹ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਸੂਬੇ ਦੇ ਲੋਕਾਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਨਿੱਘੀ ਵਧਾਈ ਦਿੱਤੀ ਹੈ।

ਆਪਣੇ ਸੰਦੇਸ਼ ਵਿਚ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਜੈ ਦਸ਼ਮੀ ਦਾ ਸ਼ੁਭ ਮੌਕਾ ਸਾਨੂੰ ਸਾਰਿਆਂ ਨੂੰ ਸੱਚ ਅਤੇ ਨੇਕੀ ਦੇ ਰਾਹ 'ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਇਹ ਤਿਉਹਾਰ ਬਦੀ ਉਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੰਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਆਦਰਸ਼ ਸਮਾਜ ਦੀ ਸਿਰਜਣਾ ਲਈ ਮਰਿਯਾਦਾ-ਪਰਸ਼ੋਤਮ ਭਗਵਾਨ ਰਾਮ ਵੱਲੋਂ ਦਿਖਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ।

ਪੰਜਾਬ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੁਸਹਿਰੇ ਦੇ ਤਿਉਹਾਰ ਨੂੰ ਧਰਮ, ਜਾਤ ਅਤੇ ਨਸਲ ਤੋਂ ਉੱਪਰ ਉੱਠ ਕੇ ਧੂਮ-ਧਾਮ ਨਾਲ ਮਨਾਉਣ ਦੀ ਅਪੀਲ ਕੀਤੀ ਤਾਂ ਜੋ ਭਾਈਚਾਰਕ ਸਾਂਝ ਅਤੇ ਆਪਸੀ ਪਿਆਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਰੰਗਲੇ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਉਨ੍ਹਾਂ ਦਾ ਮਾਰਗਦਰਸ਼ਨ ਕਰਨ।