ਕੇਂਦਰੀ ਰਾਜ ਮੰਤਰੀ ਸੰਜੇ ਸੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਫ਼ਿਰੋਜ਼ਪੁਰ ਪਹੁੰਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਅੰਮ੍ਰਿਤਸਰ : ਕੇਂਦਰੀ ਰਾਜ ਮੰਤਰੀ (ਡਿਫੈਂਸ) ਸੰਜੇ ਸੇਠ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਕੇਂਦਰੀ ਰਾਜ ਮੰਤਰੀ ਸੇਠ ਨੇ ਕਿਹਾ ਕਿ ਗੁਰੂਘਰ ਵਿਖੇ ਨਤਮਸਤਕ ਹੋ ਕੇ ਮਨ ਨੂੰ ਬਹੁਤ ਸਕੂਨ ਅਤੇ ਨਵੀਂ ਉਰਜਾ ਪ੍ਰਾਪਤ ਹੁੰਦੀ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੰਕਲਪ ਹੈ ਕਿ ਹਰ ਸੂਬੇ ਦੇ ਹਰ ਇਨਸਾਨ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਨਾਅਰਾ ਨਹੀਂ, ਸਗੋਂ ਇੱਕ ਜ਼ਿੰਮੇਵਾਰੀ ਹੈ ਜਿਸਨੂੰ ਕੇਂਦਰ ਸਰਕਾਰ ਪੂਰੀ ਤਰ੍ਹਾਂ ਨਿਭਾਅ ਰਹੀ ਹੈ।
ਇਸ ਤੋਂ ਬਾਅਦ ਸੰਜੇ ਸੇਠ ਫਿਰੋਜ਼ਪੁਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਵੱਖ-ਵੱਖ ਸਰਕਾਰੀ ਯੋਜਨਾਵਾਂ ਦੀ ਮੌਕੇ ’ਤੇ ਜਾਂਚ ਕੀਤੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀ ਹਰਿਆਲੀ ਅਤੇ ਖੁਸ਼ਹਾਲੀ ਨੂੰ ਲੈ ਕੇ ਬਹੁਤ ਗੰਭੀਰ ਹੈ। ਕੇਂਦਰੀ ਰਾਜ ਮੰਤਰੀ ਸੰਜੇ ਸੇਠ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀ ਜਨਤਾ ਨਾਲ ਹਰ ਸੰਕਟ ਸਮੇਂ ਨਾਲ ਖੜ੍ਹੀ ਹੈ।