ਨਵਜੋਤ ਸਿੱਧੂ ਨੂੰ ਇਮਰਾਨ ਖਾਨ ਨੇ ਭੇਜਿਆ ਵਿਸ਼ੇਸ਼ ਸੱਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਾਕਿਸਤਾਨ ਦੇ ਕਾਰਜਕਾਰੀ ਹਾਈ ਕਮਿਸ਼ਨਰ ਸਈਦ ਹੈਦਰ ਸ਼ਾਹ ਵਲੋਂ ਇਹ ਸੱਦਾ ਪੱਤਰ ਨਵਜੋਤ ਸਿੰਘ ਸਿੱਧੂ ਦੇ ਨਾਂ 'ਤੇ ਭੇਜਿਆ ਗਿਆ ਹੈ।

Special invitation sent by Imran Khan to Navjot Singh Sidhu

ਚੰਡੀਗੜ੍ਹ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨਵਜੋਤ ਸਿੰਘ ਸਿੱਧੂ ਨੂੰ ਵਿਸ਼ੇਸ਼ ਸੱਦਾ ਭੇਜਿਆ ਹੈ। ਪਾਕਿਸਤਾਨ ਦੇ ਕਾਰਜਕਾਰੀ ਹਾਈ ਕਮਿਸ਼ਨਰ ਸਈਦ ਹੈਦਰ ਸ਼ਾਹ ਵਲੋਂ ਇਹ ਸੱਦਾ ਪੱਤਰ ਨਵਜੋਤ ਸਿੰਘ ਸਿੱਧੂ ਦੇ ਨਾਂ 'ਤੇ ਭੇਜਿਆ ਗਿਆ ਹੈ। ਪਹਿਲਾਂ ਸਿੱਧੂ ਦੇ ਪਾਕਿਸਤਾਨ ਜਾਣ ਦੀ ਚਰਚਾ ਸੀ ਪਰ ਹੁਣ ਉਨ੍ਹਾਂ ਨੂੰ ਰਸਮੀ ਤੌਰ 'ਤੇ ਸੱਦਾ ਭੇਜਿਆ ਗਿਆ ਹੈ।

ਉਧਰ ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਣ ਵਾਲਿਆਂ ਵਾਸਤੇ ਅਗਾਊਂ ਪ੍ਰਵਾਨਗੀ ਲਾਜ਼ਮੀ ਕਰ ਦਿੱਤੀ ਗਈ ਹੈ। ਸਿੱਧੂ ਨੂੰ ਪ੍ਰਵਾਨਗੀ ਦੇਣਾ ਹੁਣ ਕੇਂਦਰ ਸਰਕਾਰ ਹੱਥ ਹੈ। ਸਿੱਧੂ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਲਿਖੇ ਪੱਤਰ ’ਚ ਨਿਮਾਣੇ ਸਿੱਖ ਵਜੋਂ ਜਾਣ ਲ਼ਈ ਪ੍ਰਵਾਨਗੀ ਮੰਗੀ ਹੈ। ਸਿੱਧੂ ਨੇ ਪੱਤਰ ’ਚ ਲਿਖਿਆ ਹੈ ਕਿ ਨਿਮਾਣੇ ਸਿੱਖ ਵਜੋਂ ਉਨ੍ਹਾਂ ਲਈ ਇਹ ਵੱਡੇ ਮਾਣ ਦੀ ਗੱਲ ਹੈ ਅਤੇ ਉਹ ਇਤਿਹਾਸਕ ਅਸਥਾਨ ’ਤੇ ਨਤਮਸਤਕ ਹੋਣਾ ਚਾਹੁੰਦੇ ਹਨ। ਇਸ ਲਈ ਉਨ੍ਹਾਂ ਨੂੰ ਪਾਕਿਸਤਾਨ ’ਚ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਣ ਦੀ ਮਨਜ਼ੂਰੀ ਦਿੱਤੀ ਜਾਵੇ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਦੋਂ ਇਮਰਾਨ ਖ਼ਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣੇ ਸਨ, ਉਸ ਸਮੇਂ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਦੌਰੇ 'ਤੇ ਗਏ ਸਨ, ਜਿਥੇ ਉਨ੍ਹਾਂ ਨੇ ਫ਼ੌਜ ਮੁਖੀ ਜਨਰਲ ਬਾਜਵਾ ਨੂੰ ਜੱਫੀ ਪਾ ਲਈ ਸੀ ਅਤੇ ਉਸ ਤੋਂ ਬਾਅਦ ਭਾਰਤ ਦੀ ਰਾਜਨੀਤੀ ਵਿਚ ਤੂਫਾਨ ਆਇਆ ਸੀ। ਸਿੱਧੂ ਨੇ ਹਾਲਾਂਕਿ ਸਪੱਸ਼ਟ ਕੀਤਾ ਕਿ ਬਾਜਵਾ ਖੁਦ ਆਇਆ ਅਤੇ ਉਨ੍ਹਾਂ ਨੂੰ ਜੱਫੀ ਪਾਈ। 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਜਾਣਾ ਹੈ।