ਜੇ ਕੈਪਟਨ ਕਿਸਾਨ ਹਿਤੈਸ਼ੀ ਹਨ ਤਾਂ ਮਰਨ ਵਰਤ 'ਤੇ ਬੈਠਣ- ਸੁਖਬੀਰ ਬਾਦਲ
ਮੁੱਖ ਮੰਤਰੀ 'ਤੇ ਕੇਂਦਰ ਨਾਲ ਫਰੈਂਡਲੀ ਮੈਚ ਖੇਡਣ ਦਾ ਲਾਇਆ ਦੋਸ਼
ਮਲੋਟ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਲੋਟ ਵਿਖੇ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰ ਸਰਕਾਰ ਨਾਲ ਫਰੈਂਡਲੀ ਮੈਚ ਖੇਡ ਰਹੇ ਹਨ।
ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਵਿਚ ਖੇਤੀ ਕਾਨੂੰਨਾਂ ਵਿਰੁੱਧ ਮਤਾ ਪਾਸ ਕਰਨਾ ਸਿਰਫ਼ ਇਕ ਡਰਾਮਾ ਹੈ। ਉਹਨਾਂ ਅੱਗੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਸੱਚ ਵਿਚ ਹੀ ਕਿਸਾਨ ਹਿਤੈਸ਼ੀ ਹਨ ਤਾਂ ਉਹ ਡਰਾਮਾ ਛੱਡ ਕੇ ਮਰਨ ਵਰਤ 'ਤੇ ਬੈਠਣ।
ਇਸ ਮੌਕੇ ਮਲੋਟ ਤੋਂ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਅਤੇ ਹੋਰ ਅਕਾਲੀ ਵਰਕਰ ਤੇ ਆਗੂ ਵੀ ਸ਼ਾਮਲ ਸਨ। ਇਸ ਤੋਂ ਪਹਿਲਾਂ ਬੀਤੇ ਦਿਨ ਵੀ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹਨਾਂ ਨੂੰ ਦਿੱਲੀ ਵਿਚ ਦਿਖਾਵੇ ਦੇ 'ਲੜੀਵਾਰ ਧਰਨਿਆਂ' ਦੀ ਬਜਾਏ, ਕਿਸਾਨ-ਵਪਾਰੀ ਤੇ ਉਦਯੋਗ ਜਗਤ 'ਤੇ ਮੰਡਰਾਏ ਸੰਕਟ ਦੇ ਹੱਲ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਖੇਤੀਬਾੜੀ ਦੇ ਨਵੇਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ ਨੂੰ ਰਾਜਘਾਟ ਵਿਖੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰਨੀ ਚਾਹੀਦੀ ਹੈ।ਉਹਨਾਂ ਕਿਹਾ ਸੀ ਕਿ ਕੇਂਦਰ ਕੋਲ ਪੰਜਾਬ ਲਈ ਮਾਲ ਗੱਡੀਆਂ ਦੀ ਸੇਵਾ ਦੁਬਾਰਾ ਚਾਲੂ ਕਰਨ ਦੀ ਮੰਗ ਕਰਨ ਲਈ ਪਹੁੰਚ ਕਰਨ ਦੀ ਬਜਾਏ, ਮੁੱਖ ਮੰਤਰੀ ਦਿਖਾਵੇ ਭਰੀਆਂ ਸ਼ੋਸ਼ੇਬਾਜ਼ੀਆਂ ਵਿਚ ਸਮਾਂ ਬਰਬਾਦ ਕਰ ਰਹੇ ਹਨ।