ਰੰਧਾਵਾ ਨੇ ਪੰਜਾਬ ਪੁਲਿਸ ਵਿਚ ਗ਼ੈਰ ਪੰਜਾਬੀਆਂ ਦੀ ਹੋਈ ਭਰਤੀ ਸਬੰਧੀ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਏਜੰਸੀ

ਖ਼ਬਰਾਂ, ਪੰਜਾਬ

ਰੰਧਾਵਾ ਨੇ ਪੰਜਾਬ ਪੁਲਿਸ ਵਿਚ ਗ਼ੈਰ ਪੰਜਾਬੀਆਂ ਦੀ ਹੋਈ ਭਰਤੀ ਸਬੰਧੀ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

image

ਚੰਡੀਗੜ੍ਹ, 3 ਨਵੰਬਰ (ਪ੍ਰਕਾਸ਼): ਪੰਜਾਬ ਦੇ ਉਪ ਮੁੱਖ ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਵਿਚ ਗ਼ੈਰ ਪੰਜਾਬੀਆਂ ਦੀ ਹੋਈ ਭਰਤੀ ਬਾਰੇ ਅੱਜ ਛਪੀਆਂ ਮੀਡੀਆ ਰੀਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ ਸੂਬੇ ਦੇ ਡੀ.ਜੀ.ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਪਿਛਲੇ ਸਮੇਂ ਦੌਰਾਨ ਪੰਜਾਬ ਪੁਲਿਸ ਵਿਚ ਹੋਈ ਭਰਤੀ ਦੇ ਵੇਰਵਿਆਂ ਦੀ ਰਿਪੋਰਟ ਮੰਗੀ ਹੈ। ਅੱਜ ਇਥੇ ਪ੍ਰੈਸ ਬਿਆਨ ਵਿਚ ਸ. ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਹੈ, ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਸਲਾ ਹੈ ਜੋ ਤੁਰਤ ਜਾਂਚ ਦੀ ਮੰਗ ਕਰਦਾ ਹੈ, ਇਸ ਲਈ ਉਨ੍ਹਾਂ ਨੇ ਡੀ.ਜੀ.ਪੀ. ਨੂੰ  ਇਸ ਭਰਤੀ ਪ੍ਰਕਿਰਿਆ ਨਾਲ ਜੁੜੇ ਸਾਰੇ ਤੱਥ ਪੇਸ਼ ਕਰਨ ਲਈ ਆਖਿਆ ਹੈ। ਉਨ੍ਹਾਂ ਡੀ.ਜੀ.ਪੀ. ਨੂੰ ਇਹ ਰਿਪੋਰਟ ਸੱਤ ਦਿਨਾਂ ਦੇ ਅੰਦਰ ਸੌਂਪਣ ਲਈ ਆਖਿਆ ਹੈ। ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਮੁੱਚੇ ਮਾਮਲੇ ਦੀ ਤਹਿ ਤਕ ਜਾਵੇਗੀ ਅਤੇ ਜੇਕਰ ਇਸ ਭਰਤੀ ਪ੍ਰਕਿਰਿਆ ਵਿਚ ਕੋਈ ਉਲੰਘਣਾ ਜਾਂ ਬੇਨਿਯਮੀ ਪਾਈ ਗਈ ਤਾਂ ਉਸ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।