ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਲਈ ਦਿਤੀ ਜਾ ਰਹੀ ਖੇਤੀ ਮਸ਼ੀਨਰੀ : ਪਰਨੀਤ ਸ਼ੇਰਗਿੱਲ

ਏਜੰਸੀ

ਖ਼ਬਰਾਂ, ਪੰਜਾਬ

ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਲਈ ਦਿਤੀ ਜਾ ਰਹੀ ਖੇਤੀ ਮਸ਼ੀਨਰੀ : ਪਰਨੀਤ ਸ਼ੇਰਗਿੱਲ

image

ਫ਼ਤਿਹਗੜ੍ਹ ਸਾਹਿਬ, 3 ਨਵੰਬਰ(ਰਾਜਿੰਦਰ ਸਿੰਘ ਭੱਟ/ਗੁਰਬਚਨ ਸਿੰਘ ਰੁਪਾਲ): ਪੰਜਾਬ ਸਰਕਾਰ ਵੱਲੋਂ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਇੱਕ ਨਿਵੇਕਲੀ ਪਹਿਲ ਕੀਤੀ ਗਈ ਹੈ ਜਿਸ ਤਹਿਤ ਛੋਟੇ ਤੇ ਸੀਮਾਂਤ ਕਿਸਾਨ ਪਰਾਲੀ ਦੀ ਸੁਚੱਜੀ ਸੰਭਾਲ ਲਈ ਬਲਾਕ ਦਫ਼ਤਰਾਂ ਤੋਂ ਖੇਤੀ ਮਸ਼ੀਨਰੀ ਹਾਸਲ ਕਰ ਸਕਦੇ ਹਨ ਅਤੇ ਉਨ੍ਹਾਂ ਨੂੰ  ਕੋਈ ਕਿਰਾਇਆ ਨਹੀਂ ਦੇਣਾ ਪਵੇਗਾ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਛੋਟੇ ਕਿਸਾਨਾਂ ਨੂੰ  ਕਣਕ ਦੀ ਬਿਜਾਈ ਕਰਨ ਅਤੇ ਪਰਾਲੀ ਦੀ ਸੁਚੱਜੀ ਸੰਭਾਲ ਲਈ ਸੁਪਰ ਸੀਡਰ ਮਸ਼ੀਨਾਂ ਕਿਸਾਨਾਂ ਨੂੰ  ਸਮਰਪਿਤ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ | 
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਛੋਟੇ ਤੇ ਸੀਮਾਂਤ ਕਿਸਾਨ ਪਰਾਲੀ ਦੀ ਸੁਚੱਜੀ ਸੰਭਾਲ ਅਤੇ ਕਣਕ ਦੀ ਬਿਜਾਈ ਲਈ ਮਹਿੰਗੀ ਮਸ਼ੀਨਰੀ ਖਰੀਦਣ ਤੋਂ ਅਸਮਰਥ ਹੁੰਦੇ ਹਨ ਅਤੇ ਘੱਟ ਰਕਬੇ ਵਿੱਚ ਬਿਜਾਈ ਕਰਨ ਵਾਲੇ ਕਿਸਾਨ ਵੀ ਕਿਰਾਏ ਦੀਆਂ ਮਸ਼ੀਨਾਂ ਵੱਲ ਘੱਟ ਰੂਚੀ ਵਿਖਾਉਂਦੇ ਹਨ | ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਇਹ ਖੇਤੀ ਮਸ਼ੀਨਰੀ ਬਲਾਕ ਦਫ਼ਤਰਾਂ ਵਿੱਚ ਉਪਲਬਧ ਕਰਵਾਈ ਗਈ ਹੈ ਅਤੇ ਮਸ਼ੀਨਰੀ ਲੈਣ ਦੇ ਚਾਹਵਾਨ ਕਿਸਾਨ ਬਲਾਕ ਖੇਤੀਬਾੜੀ ਤੇ ਕਿਸਾਨ ਭਲਾਈ ਦਫ਼ਤਰਾਂ ਨਾਲ ਸੰਪਰਕ ਕਰਕੇ ਇਹ ਮਸ਼ੀਨਰੀ ਹਾਸਲ ਕਰ ਸਕਦੇ ਹਨ | ਉਨ੍ਹਾਂ ਹੋਰ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਪੰਜ ਬਲਾਕਾਂ ਵਿੱਚ 9 ਸੁਪਰ ਸੀਡਰ ਅਤੇ 2 ਜੀਰੋ ਟਿੱਲ ਡਰਿੱਲ ਮਸ਼ੀਨਾਂ ਭੇਜੀਆਂ ਗਈਆਂ ਹਨ | ਸ਼੍ਰੀਮਤੀ ਸ਼ੇਰਗਿੱਲ ਨੇ ਹੋਰ ਦੱਸਿਆ ਕਿ ਪਰਾਲੀ ਦੀ ਸਮੱਸਿਆ ਤੋਂ ਛੁਟਕਾਰੇ ਲਈ ਸਰਕਾਰ ਵੱਲੋਂ ਸਬਸਿਡੀ ਤੇ ਵੀ ਖੇਤੀ ਮਸ਼ੀਨਰੀ ਦਿੱਤੀ ਗਈ ਹੈ ਜੋ ਕਿ ਵਿਅਕਤੀਗਤ ਕਿਸਾਨਾਂ ਨੂੰ  50 ਫੀਸਦੀ ਅਤੇ ਕਿਸਾਨ ਗਰੁੱਪਾਂ ਤੇ ਸਹਿਕਾਰੀ ਸਭਾਵਾਂ ਨੂੰ  80 ਫੀਸਦੀ ਸਬਸਿਡੀ ਤੇ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਪਰਾਲੀ ਨੂੰ  ਅੱਗ ਲਗਾਉਣ ਦੀ ਸਮੱਸਿਆ ਇੱਕ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਅਤੇ ਇਸ ਤੋਂ ਛੁਟਕਾਰੇ ਲਈ ਸਰਕਾਰ ਕਿਸਾਨਾਂ ਦੀ ਹਰ ਤਰ੍ਹਾਂ ਨਾਲ ਮਦਦ ਕਰ ਰਹੀ ਹੈ | 
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੀ ਗਈ ਇਸ ਪਹਿਲ ਕਾਰਨ ਕਿਸਾਨ ਪਰਾਲੀ ਨੂੰ  ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰ ਸਕਣਗੇ ਜੋ ਕਿ ਉਨ੍ਹਾਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ | ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ: ਕੁਲਵਿੰਦਰ ਸਿੰਘ ਨੇ ਦੱਸਿਆ ਕਿ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ  ਇਹ ਮਸ਼ੀਨਰੀ ਮੁਹੱਈਆ ਕਰਵਾਉਣ ਨੂੰ  ਤਰਜ਼ੀਹ ਦਿੱਤੀ ਜਾਵੇਗੀ ਤਾਂ ਜੋ ਜ਼ਿਲ੍ਹੇ ਵਿੱਚੋਂ ਪਰਾਲੀ ਨੂੰ  ਅੱਗ ਲਗਾਉਣ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਸਕੇ | ਉਨ੍ਹਾਂ ਕਿਸਾਨਾਂ ਨੂੰ  ਅਪੀਲ ਕੀਤੀ ਕਿ ਪਰਾਲੀ ਨੂੰ  ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਲਈ ਇਸ ਮਸ਼ੀਨਰੀ ਦੀ ਵਰਤੋਂ ਕਰਨ ਨੁੰ ਪਹਿਲ ਦਿੱਤੀ ਜਾਵੇ | ਇਹ ਮਸ਼ੀਨਾਂ ਲੈਣ ਲਈ ਬਲਾਕ ਦਫ਼ਤਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ | 
ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਦਮਨ ਝਾਂਜੀ, ਖੇਤੀਬਾੜੀ ਵਿਕਾਸ ਅਫਸਰ ਸਰਹਿੰਦ ਜਸਵਿੰਦਰ ਸਿੰਘ, ਅਗਾਂਹਵਧੂ ਕਿਸਾਨ ਹਰਦੀਪ ਸਿੰਘ, ਏ.ਟੀ.ਐਮ. ਰਾਜਵੀਰ ਸਿੰਘ ਅਤੇ ਨਰਿੰਦਰ ਸਿੰਘ ਵੀ ਮੌਜੂਦ ਸਨ |

ਫੋਟੋ ਕੈਪਸ਼ਨ 02 ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਝੰਡੀ ਦਿੰਦੇ ਹੋਏ |