ਵਿਜੀਲੈਂਸ ਵੱਲੋਂ 50,000 ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ. ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਾਬਕਾ SHO ਇੰਦਰਜੀਤ ਸਿੰਘ ਤੇ ASI ਅਮਰਜੀਤ ਸਿੰਘ ਨੇ FIR ਰੱਦ ਕਰਨ ਬਦਲੇ ਮੰਗੇ ਸਨ ਪੈਸੇ

Vigilance Bureau arrests former SHO, ASI for taking Rs 50,000 bribe

ਚੰਡੀਗੜ੍ਹ, 4 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਥਾਣਾ ਭਾਦਸੋਂ ਦਾ ਸਾਬਕਾ ਐਸ.ਐਚ.ਓ. ਇੰਦਰਜੀਤ ਸਿੰਘ, ਪੁਲੀਸ ਸਬ-ਇੰਸਪੈਕਟਰ (ਐਸ.ਆਈ.) ਅਤੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

 ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਪੁਲਿਸ ਮੁਲਾਜ਼ਮਾਂ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਪਹਿਲਾਂ ਹੀ ਦਰਜ ਕੀਤੀਐਫ.ਆਈ.ਆਰ. ਨੰ. 36 ਮਿਤੀ 04.08.2024 ਤਹਿਤ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਮੁਕੱਦਮਾ ਇੱਕ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਸੀ, ਜਿਸ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਕਤ ਥਾਣੇ ਵਿੱਚ ਉਸ ਵਿਰੁੱਧ ਦਰਜ ਐਫ.ਆਈ.ਆਰ. ਨੰ. 56/2024 ਨੂੰ ਰੱਦ ਕਰਨ ਬਦਲੇ ਉਕਤ ਪੁਲਿਸ ਮੁਲਾਜ਼ਮਾਂ ਨੇ ਰਿਸ਼ਵਤ ਵਜੋਂ 50,000 ਰੁਪਏ ਲਏ ਸਨ ਅਤੇ ਇਸ ਉਪਰੰਤ 35,000 ਰੁਪਏ ਹੋਰ ਦੀ ਮੰਗ ਕਰ ਰਹੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।