1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਐਮ.ਆਰ. ਕਾਲਜ ਵਿਖੇ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ
ਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰਨ ਦੀ ਸਖਤ ਸ਼ਬਦਾਂ ਵਿੱਚ ਕੀਤੀ ਨਿਖੇਧੀ
ਫਾਜ਼ਿਲਕਾ: ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸੂਬਾ ਪੱਧਰੀ ਸੱਦੇ ਤਹਿਤ ਐਮ.ਆਰ. ਸਰਕਾਰੀ ਕਾਲਜ ਫਾਜ਼ਿਲਕਾ ਵਿਖੇ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ, ਸਿਆਸੀ ਕਾਰਕੁੰਨਾਂ ਤੇ ਹਵਾਲਾਤੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਾਲਜ ਦੇ ਗੇਟ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਆਗੂ ਆਦਿਤਿਆ ਫਾਜ਼ਿਲਕਾ ਅਤੇ ਕਾਲਜ ਕਮੇਟੀ ਪ੍ਰਧਾਨ ਦਿਲਕਰਨ ਰਤਨਪੁਰਾ ਨੇ ਕਿਹਾ ਕਿ 1984 ਵਿੱਚ ਹੋਏ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਤੇ ਸੱਜਣ ਕੁਮਾਰ ਖੁੱਲ੍ਹੇਆਮ ਘੁੰਮ ਰਹੇ ਹਨ ਅਤੇ ਇੰਨਾ ਸਮਾਂ ਬੀਤ ਜਾਣ ਦੇ ਬਾਅਦ ਵੀ ਹੁਣ ਤਕ ਪੀੜਤਾਂ ਦੇ ਪਰਿਵਾਰਾਂ ਨੂੰ 41 ਸਾਲ ਬਾਅਦ ਵੀ ਕੋਈ ਇਨਸਾਫ਼ ਨਹੀਂ ਮਿਲਿਆ। ਜਦ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਵਾਰ ਵਾਰ ਕਾਂਗਰਸ ਨੂੰ ਸਿੱਖਾਂ ਦਾ ਦੋਸ਼ੀ ਐਲਾਨਿਆ ਜਾਂਦਾ ਹੈ, ਪਰ ਅੱਜ ਭਾਜਪਾ ਵੀ ਬਿਲਕੁਲ ਉਸੇ ਲੀਹ ’ਤੇ ਚੱਲ ਰਹੀ ਹੈ ਤੇ ਘੱਟ ਗਿਣਤੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਸਿਰਫ਼ 1984 ਹੀ ਨਹੀਂ ਇਸ ਤੋਂ ਬਾਅਦ ਗੁਜਰਾਤ ਦੇ ਦੰਗੇ, ਬਿਹਾਰ ਦੇ ਦੰਗੇ ਅਤੇ ਫਿਰ ਦਿੱਲੀ ਦੇ ਦੰਗੇ ਲਗਾਤਾਰ ਜਾਰੀ ਰਹੇ ਹਨ ਅਤੇ ਲਗਾਤਾਰ ਲੋਕ ਪੱਖੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਤਹਿਤ ਹੀ ਦਿੱਲੀ ਦੇ ਵਿਦਿਆਰਥੀ ਆਗੂ ਉਮਰ ਖਾਲਿਦ ਨੂੰ ਵੀ 5 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ ਤੇ ਸੁਪਰੀਮ ਕੋਰਟ ਉਮਰ ਖਾਲਿਦ ਦਾ ਕੋਈ ਦੋਸ਼ ਵੀ ਸਾਬਤ ਨਹੀਂ ਕਰ ਸਕੀ।