ਦਿੱਲੀ ਧਰਨੇ 'ਚ ਸ਼ਹੀਦ ਹੋਏ ਕਿਸਾਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਿੱਤੀ ਸਹਾਇਤਾ ਦਾ ਐਲਾਨ
ਇਸ ਤੋਂ ਇਲਾਵਾ ਇਸ ਮੌਕੇ ਬੀਬੀ ਜਗੀਰ ਕੌਰ ਵਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਡਰੈੱਸ ਕੋਡ ਲਾਗੂ ਕਰਨ ਦਾ ਐਲਾਨ ਵੀ ਕੀਤਾ ਗਿਆ
ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਕਾਰਜਕਾਰਨੀ ਕਮੇਟੀ ਦੀ ਇਕੱਤਰਤਾ 'ਚ ਉਹਨਾਂ ਨੇ ਕਿਸਾਨ ਸੰਘਰਸ਼ ਦੌਰਾਨ ਜਿਨ੍ਹਾਂ ਕਿਸਾਨਾਂ ਦੀ ਮੌਤ ਹੋਈ ਹੈ ਉਹਨਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਸਤਿਕਾਰ ਅਤੇ ਸਹਾਇਤਾ ਵਜੋਂ ਇਕ-ਇਕ ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਇਸ ਇਕੱਤਰਤਾ ਦੌਰਾਨ ਕਿਸਾਨ ਸੰਘਰਸ਼ ਰੋਸ ਮੋਰਚੇ 'ਤੇ ਡਟੀਆਂ ਬੀਬੀਆਂ ਦੀ ਸਹਾਇਤਾ ਲਈ ਪਖਾਨਿਆਂ ਅਤੇ ਇਸ਼ਨਾਨ ਕਰਨ ਦੀ ਸਹੂਲਤ ਵਾਲੀਆਂ ਵਿਸ਼ੇਸ਼ ਬੱਸਾਂ ਭੇਜਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ।
ਇਸ ਮੌਕੇ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ 'ਚ ਉੱਚ ਪੱਧਰੀ ਸਮੀਖਿਆ ਕਮੇਟੀ ਬਣਾਉਣ ਅਤੇ ਆ ਰਹੀਆਂ ਸ਼ਤਾਬਦੀਆਂ ਨੂੰ ਵੱਡੇ ਪੱਧਰ 'ਤੇ ਮਨਾਉਣ ਹਿੱਤ ਸਿੱਖ ਵਿਦਵਾਨਾਂ ਪ੍ਰਚਾਰਕਾਂ ਤੇ ਬੁੱਧੀਜੀਵੀਆਂ ਦੀ ਕਮੇਟੀ ਬਣਾਉਣ ਦਾ ਵੀ ਫ਼ੈਸਲਾ ਕੀਤਾ ਗਿਆ।
ਇਸ ਤੋਂ ਇਲਾਵਾ ਇਸ ਮੌਕੇ ਬੀਬੀ ਜਗੀਰ ਕੌਰ ਵਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਡਰੈੱਸ ਕੋਡ ਲਾਗੂ ਕਰਨ ਦਾ ਐਲਾਨ ਵੀ ਕੀਤਾ ਗਿਆ। ਇਸ ਇਕੱਤਰਤਾ 'ਚ ਬੀਬੀ ਜਗੀਰ ਕੌਰ ਤੋਂ ਇਲਾਵਾ ਸੁਰਜੀਤ ਸਿੰਘ ਭਿੱਟੇਵੱਡ, ਭਗਵੰਤ ਸਿੰਘ ਸਿਆਲਕਾ, ਹਰਜਿੰਦਰ ਸਿੰਘ ਧਾਮੀ ਅਤੇ ਬਾਕੀ ਅੰਤ੍ਰਿੰਗ ਕਮੇਟੀ ਮੈਂਬਰ ਸ਼ਾਮਿਲ ਸਨ।