ਮੋਦੀ ਨੇ ਪੰਜਾਬ ਦੇ ਕਿਸਾਨਾਂ ਨੂੰ ਮੂਰਖ ਬਣਾਇਆ : ਬ੍ਰਹਮਪੁਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ..........

Ranjit Singh Brahmpura

ਅੰਮ੍ਰਿਤਸਰ : ਸ੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਗੁਰਦਾਸਪੁਰ ਵਿਖੇ ਦਿਤੇ ਭਾਸ਼ਣ ਉਤੇ ਅੱਜ ਟਿਪਣੀ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਹਿੱਤ ਵਿਚ ਪ੍ਰਧਾਨ ਮੰਤਰੀ ਵਲੋਂ ਕੋਈ ਵਿਸ਼ੇਸ਼ ਐਲਾਨ ਨਹੀਂ ਕੀਤਾ ਗਿਆ। 
ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਦੇ ਪੱਲੇ ਸਿਰਫ਼ ਨਿਰਾਸ਼ਾ ਹੀ ਪਈ ਹੈ ਕਿਉਂ ਜੋ ਸਵਾਮੀਨਾਥਨ ਕਮਿਸ਼ਨ ਦੀ ਰੀਪੋਰਟ ਨੂੰ ਲਾਗੂ ਕਰਨ ਦੇ ਮਸਲੇ ਉਤੇ ਕਿਸਾਨਾਂ ਨੂੰ ਮੂਰਖ ਬਣਾਇਆ ਗਿਆ ਹੈ ਅਤੇ ਬਹੁਤੀਆਂ ਫ਼ਸਲਾਂ ਜਿਵੇਂ ਕਿ ਦਾਲਾਂ, ਤੇਲ, ਬੀਜ ਆਦਿ ਦੀ (ਐਮ.ਐਸ.ਪੀ) ਘੱਟੋ-ਘੱਟ ਮਿਥੇ ਮੁੱਲ ਦੇ ਬਾਵਜੂਦ ਮੰਡੀਆਂ ਵਿਚ

ਖਰੀਦੀਆਂ ਨਹੀਂ ਜਾ ਰਹੀਆਂ ਅਤੇ ਕਿਸਾਨ ਮਜਬੂਰਨ ਸਸਤੇ ਭਾਅ ਅਪਣੀਆਂ ਫ਼ਸਲਾਂ ਨੂੰ ਵੇਚ ਰਹੇ ਹਨ, ਪਹਿਲਾਂ ਹੀ ਕਰਜ਼ੇ ਹੇਠ ਦੱਬੇ ਕੁਚਲੇ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਅਨਾਜ ਅਤੇ ਸਬਜ਼ੀਆਂ ਦਾ ਮੰਡੀਕਰਨ ਕਰਕੇ ਕਿਸਾਨਾਂ ਦੀਆਂ ਸਬਜ਼ੀਆਂ ਮਟਰ, ਪਿਆਜ਼, ਆਲੂ, ਲਸਣ ਅਤੇ ਆਦਿ ਫ਼ਸਲਾਂ ਸੜਕਾਂ ਉਤੇ ਰੁਲ ਰਹੀਆਂ ਹਨ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਕਿਸਾਨਾਂ ਨਾਲ ਧੋਖਾਧੜੀ ਕੀਤੀ ਗਈ ਹੈ। ਬ੍ਰਹਮਪੁਰਾ ਨੇ ਸੁਖਬੀਰ ਸਿੰਘ ਬਾਦਲ ਦੇ ਭਾਸ਼ਣ ਉਤੇ ਵੀ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਉਹਨਾਂ ਕਿਹਾ ਕਿ ਸੁਖਬੀਰ ਨੇ ਪੰਜਾਬ ਦੇ ਚਿਰਾਂ ਤੋਂ ਲਟਕਦੇ ਆ ਰਹੇ ਬਹੁਤ ਹੀ ਮਹੱਤਵਪੂਰਨ ਮੁੱਦਿਆਂ ਜਿਵੇਂ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ

ਦੇ ਆਧਾਰਿਤ ਸੂਬਿਆਂ ਤੋਂ ਵੱਧ ਅਧਿਕਾਰ ਲੈਣਾ, ਚੰਡੀਗੜ੍ਹ ਸਮੇਤ ਪੰਜਾਬੀ ਬੋਲਦੇ ਇਲਾਕੇ, ਰਿਪੇਰੀਅਨ ਕਾਨੂੰਨ ਰਾਹੀਂ ਪੰਜਾਬ ਦੇ ਪਾਣੀਆਂ ਦਾ ਮਸਲਾ ਅਤੇ ਪੰਜਾਬ ਦੇ ਹੈਡ ਵਰਕਸ ਪੰਜਾਬ ਨੂੰ ਦੇਣ ਵਰਗੇ ਮੁਦਿਆਂ ਦਾ ਜ਼ਿਕਰ ਤਕ ਨਹੀਂ ਕੀਤਾ। ਉਹਨਾਂ ਕਿਹਾ ਕਿ ਜਿਹਨਾਂ ਸੰਵੇਦਨਸ਼ੀਲ ਮੁਦਿਆਂ ਦੀ ਪ੍ਰਾਪਤੀ ਲਈ ਅਕਾਲੀ ਦਲ ਵਲੋਂ ਕਪੂਰੀ, ਧਰਮਯੁੱਧ ਮੋਰਚਾ ਅਤੇ ਕਈ ਹੋਰ ਮੋਰਚੇ ਲਗਾਏ ਗਏ ਅਤੇ ਸਿੰਘਾਂ ਨੇ ਜੇਲਾਂ ਕੱਟੀਆ ਅਤੇ ਕਸ਼ਟ ਵੀ ਸਹੇ ਪਰ ਅਫਸੋਸ ਦੀ ਗੱਲ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਅਪਣੇ ਭਾਸ਼ਣ ਦੌਰਾਨ ਇਹਨਾਂ ਸੰਵੇਦਨਸ਼ੀਲ ਅਤੇ ਗੰਭੀਰ ਮੁੱਦਿਆਂ ਨੂੰ ਅੱਖੋਂ-ਪਰੋਖੇ ਕਰਕੇ ਪੰਜਾਬ ਨਾਲ ਧੋਖਾ ਅਤੇ ਧੱਕਾ ਕੀਤਾ ਹੈ।