ਸੂਬੇ ਵਿਚ ਰਾਸ਼ਟਰਪਤੀ ਰਾਜ ਹੋਵੇ ਲਾਗੂ - ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
ਚੰਡੀਗੜ੍ਹ : ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋ ਗਈ ਹੈ ਅਤੇ ਇਸ ਦਾ ਕਾਰਨ ਸੁਰੱਖਿਆ ਇੰਤਜ਼ਾਮਾਂ ਵਿਚ ਕੁਤਾਹੀ ਕਿਹਾ ਜਾ ਰਿਹਾ ਹੈ। ਇਸ ਸਭ ਦੇ ਵਿਚ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਦੇ ਇਸ ਹਾਲਾਤ ਦੇ ਮੱਦੇਨਜ਼ਰ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਣਾ ਚਾਹੀਦਾ ਹੈ।
ਇਨ੍ਹਾਂ ਹੀ ਨਹੀਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੋ ਆਪਣੇ ਪ੍ਰਧਾਨ ਮੰਤਰੀ ਦੀ ਰੱਖਿਆ ਨਹੀਂ ਕਰ ਸਕਦੇ ਅਜਿਹੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, "ਇਹ ਪੰਜਾਬ ਸਰਕਾਰ ਦੀ ਪੂਰੀ ਤਰ੍ਹਾਂ ਨਾਕਾਮੀ ਹੈ।ਪਾਕਿਸਤਾਨ ਦੀ ਸਰਹੱਦ ਮਹਿਜ਼ 10 ਕਿਲੋਮੀਟਰ ਦੂਰ ਹੀ, ਜਦੋਂ ਤੁਸੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਨਿਰਵਿਘਨ ਰਸਤਾ ਨਹੀਂ ਦੇ ਸਕਦੇ ਤਾਂ ਤੁਹਾਨੂੰ ਅਹੁਦੇ 'ਤੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਤੁਹਾਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ!” ਉਨ੍ਹਾਂ ਨੇ ਅੱਗੇ ਦੋਸ਼ ਲਾਇਆ ਕਿ ਇਸ ਕੁਤਾਹੀ ਲਈ ਮੁੱਖ ਮੰਤਰੀ ਚੰਨੀ ਜ਼ਿੰਮੇਵਾਰ ਹੈ ਕਿਉਂਕਿ ਉਹ ਸੂਬੇ ਦੇ ਮੁੱਖ ਮੰਤਰੀ ਹਨ।
ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਨੇ ਪਿਛਲੇ ਸਾਲ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਸੂਬੇ ਦੀ ਸੱਤਾਧਾਰੀ ਕਾਂਗਰਸ ਨੂੰ ਛੱਡ ਕੇ ਆਪਣੀ ਨਵੀਂ ਪਾਰਟੀ 'ਪੰਜਾਬ ਲੋਕ ਕਾਂਗਰਸ' ਬਣਾਈ ਸੀ। ਉਨ੍ਹਾਂ ਦੀ ਪਾਰਟੀ ਇਸ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ-ਸੰਯੁਕਤ ਨਾਲ ਗਠਜੋੜ ਵਿੱਚ ਹੈ।