ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਅਣਗਹਿਲੀ ਚਿੰਤਾਜਨਕ ਹੈ- ਭਗਵੰਤ ਮਾਨ
ਕਿਹਾ- ਕਾਂਗਰਸ ਦੀ ਆਪਸੀ ਲੜਾਈ ਕਾਰਨ ਪੰਜਾਬ ਦਾ ਸੁਰੱਖਿਆ ਪ੍ਰਬੰਧ ਢਹਿ-ਢੇਰੀ ਹੋ ਗਿਆ ਹੈ, ਜਿਸ ਦਾ ਖਮਿਆਜ਼ਾ ਲੋਕ ਭੁਗਤ ਰਹੇ ਹਨ
ਚੰਡੀਗੜ੍ਹ: ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ 'ਚ ਅਣਗਹਿਲੀ 'ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਸ ਨੂੰ ਬਹੁਤ ਮੰਦਭਾਗਾ ਕਰਾਰ ਦਿੱਤਾ ਹੈ। ਮਾਨ ਨੇ ਬੁੱਧਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਇਕ ਬਿਆਨ 'ਚ ਇਸ ਘਟਨਾ ਲਈ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਟਵੀਟ ਕੀਤਾ, "ਪੰਜਾਬ ਦੇ ਇਕ-ਇਕ ਵਿਅਕਤੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ 'ਤੇ ਹੈ, ਭਾਵੇਂ ਕਿੰਨੇ ਵੀ ਸਿਆਸੀ ਮਤਭੇਦ ਕਿਉਂ ਨਾ ਹੋਣ। ਪਰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕਮੀ ਬਹੁਤ ਚਿੰਤਾਜਨਕ ਹੈ!"
Tweet
ਮਾਨ ਨੇ ਪੰਜਾਬ ਸਰਕਾਰ ਦੇ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜਦੋਂ ਸਰਕਾਰ ਨੂੰ ਪਤਾ ਸੀ ਕਿ ਪ੍ਰਧਾਨ ਮੰਤਰੀ ਦੀ ਰੈਲੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਤਾਂ ਉਸ ਰੂਟ 'ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਿਉਂ ਨਹੀਂ ਕੀਤੇ ਗਏ। ਮਾਨ ਨੇ ਚੰਨੀ ਸਰਕਾਰ ਨੂੰ ਬਹੁਤ ਹੀ ਅਸਥਿਰ ਅਤੇ ਕਮਜ਼ੋਰ ਸਰਕਾਰ ਦੱਸਦਿਆਂ ਕਿਹਾ ਕਿ ਕਾਂਗਰਸ ਦੀ ਕਮਜ਼ੋਰ ਸਰਕਾਰ ਕਾਰਨ ਹੀ ਪੰਜਾਬ ਵਿੱਚ ਇਨ੍ਹੀਂ ਦਿਨੀਂ ਬੰਬ ਧਮਾਕੇ ਅਤੇ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।
PM was stuck on a flyover
ਕਾਂਗਰਸ ਦੀ ਆਪਸੀ ਫੁੱਟ ਕਾਰਨ ਪੰਜਾਬ ਦੀ ਸੁਰੱਖਿਆ ਵਿਵਸਥਾ ਢਹਿ-ਢੇਰੀ ਹੋ ਗਈ ਹੈ ਅਤੇ ਇਸ ਦਾ ਖਮਿਆਜ਼ਾ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਕਾਂਗਰਸ ਸਰਕਾਰ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਰਾਖੀ ਕਰਨ ਵਿੱਚ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਇਹ ਘਟਨਾ ਸਪੱਸ਼ਟ ਤੌਰ 'ਤੇ ਸਰਕਾਰ ਦੀ ਸੁਰੱਖਿਆ ਅਤੇ ਖੁਫੀਆ ਤੰਤਰ ਦੀ ਅਸਫਲਤਾ ਹੈ।
PM Modi Rally
ਮਾਨ ਨੇ ਹੈਰਾਨੀ ਪ੍ਰਗਟਾਈ ਕਿ ਕਾਂਗਰਸ ਸਰਕਾਰ ਦੀ ਨਾਕਾਮੀ ਕਾਰਨ ਪੂਰੇ ਦੇਸ਼ ਵਿੱਚ ਪੰਜਾਬ ਦਾ ਨਾਂ ਬਦਨਾਮ ਹੋਇਆ ਹੈ। ਅੱਜ ਪੂਰੇ ਦੇਸ਼ ਵਿੱਚ ਪੰਜਾਬ ਦੀ ਸੁਰੱਖਿਆ ਵਿਵਸਥਾ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਅਜਿਹੀਆਂ ਘਟਨਾਵਾਂ ਸੂਬੇ ਦੇ ਅਕਸ ਨੂੰ ਢਾਹ ਲਗਾਉਂਦੀਆਂ ਹਨ। ਪਰ ਕੁਰਸੀ ਲਈ ਆਪਸ ਵਿੱਚ ਲੜ ਰਹੇ ਕਾਂਗਰਸੀ ਆਗੂਆਂ ਨੂੰ ਪੰਜਾਬ ਦੇ ਅਕਸ ਅਤੇ ਮਾਣ ਦੀ ਕੋਈ ਚਿੰਤਾ ਨਹੀਂ ਹੈ। ਮਾਨ ਨੇ ਦੋਸ਼ ਲਾਇਆ ਕਿ ਸੂਬੇ ਦੇ ਗ੍ਰਹਿ ਮੰਤਰੀ ‘ਤੇ ਪੈਸੇ ਲੈ ਕੇ ਪੁਲੀਸ ਅਧਿਕਾਰੀਆਂ ਦੇ ਤਬਾਦਲੇ ਕਰਨ ਦੇ ਦੋਸ਼ ਲੱਗ ਰਹੇ ਹਨ ਅਤੇ ਤਿੰਨ ਮਹੀਨਿਆਂ ਵਿੱਚ ਤੀਜੀ ਵਾਰ ਡੀਜੀਪੀ ਦੀ ਬਦਲੀ ਹੋਣ ਵਾਲੀ ਹੈ। ਮੁੱਖ ਮੰਤਰੀ 'ਤੇ ਖੁਦ ਮਾਫੀਆ ਨਾਲ ਮਿਲੇ ਹੋਣ ਦਾ ਦੋਸ਼ ਹੈ। ਅਜਿਹੀ ਸਰਕਾਰ ਤੋਂ ਚੰਗੇ ਸ਼ਾਸਨ ਅਤੇ ਲੋਕਾਂ ਦੀ ਸੁਰੱਖਿਆ ਦੀ ਆਸ ਕਰਨੀ ਵਿਅਰਥ ਹੈ। ਸੱਤਾ ਵਿੱਚ ਬੈਠੀ ਟਰਾਂਸਫਰ-ਪੋਸਟਿੰਗ ਦਾ ਕਾਰੋਬਾਰ ਚਲਾਉਣ ਵਾਲੀ ਪਾਰਟੀ ਕਦੇ ਵੀ ਪੰਜਾਬ ਦੀ ਰਾਖੀ ਨਹੀਂ ਕਰ ਸਕਦੀ।